- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-ਆਂਗਣਵਾੜੀ ਕੇਂਦਰਾਂ ਵਿੱਚ ਸੌਂਹ ਚੁੱਕ ਕੇ 9ਵੇਂ ਰਾਸ਼ਟਰੀ ਪੋਸ਼ਣ ਮਾਹ ਦੀ ਹੋਈ ਸ਼ੁਰੂਆਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਫ਼ਰੀਦਕੋਟ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ 9ਵੇਂ ਰਾਸ਼ਟਰੀ ਪੋਸ਼ਣ ਮਾਹ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਲਾਭਪਾਤਰੀਆਂ ਵੱਲੋਂ ਪੋਸ਼ਣ ਦੀ ਮਹੱਤਤਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਕੁਪੋਸ਼ਣ ਦੇ ਖਾਤਮੇ ਵਿੱਚ ਆਪਣੀ ਭੂਮਿਕਾ ਨਿਭਾਉਣ ਸਬੰਧੀ ਸੌਂਹ ਚੁੱਕੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਨੇ ਕਿਹਾ ਕਿ ਰਾਸ਼ਟਰੀ ਪੋਸ਼ਣ ਮਾਹ ਦਾ ਉਦੇਸ਼ ਲਾਭਪਾਤਰੀਆਂ ਨੂੰ ਸਹੀ ਪੋਸ਼ਣ, ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਬਚਪਨ ਲਈ ਬੱਚਿਆਂ ਨੂੰ ਉਮਰ ਅਨੁਸਾਰ ਪੌਸ਼ਟਿਕ ਖੁਰਾਕ ਦੇਣ ਦੇ ਨਾਲ-ਨਾਲ ਬੱਚਿਆਂ ਨੂੰ ਖੇਡ-ਖੇਡ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਖੁਰਾਕ ਅਤੇ ਸਿਹਤ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਪੋਸ਼ਣ ਅਤੇ ਸਿਹਤ ਸਬੰਧੀ ਜਾਗਰੂਕਤਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਰਾਸ਼ਟਰੀ ਪੋਸ਼ਣ ਮਾਹ ਦੌਰਾਨ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਨੂੰ ਸੰਤੁਲਿਤ ਖੁਰਾਕ, ਪੌਸ਼ਟਿਕ ਭੋਜਨ, ਸਫ਼ਾਈ, ਸਿਹਤ ਸੰਭਾਲ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕੁਪੋਸ਼ਣ ਵਿਰੁੱਧ ਲੜਾਈ ਵਿੱਚ ਹਰ ਪਰਿਵਾਰ ਅਤੇ ਸਮਾਜ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੋਸ਼ਣ ਸਬੰਧੀ ਸੰਦੇਸ਼ ਨੂੰ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਅਤੇ ਪੌਸ਼ਟਿਕ ਤੇ ਸੰਤੁਲਿਤ ਖੁਰਾਕ ਅਪਣਾਉਣ ਲਈ ਪ੍ਰੇਰਿਤ ਕਰਨ ਅਤੇ ਸਾਂਝੇ ਯਤਨਾਂ ਨਾਲ ਹੀ ਕੁਪੋਸ਼ਣ ਮੁਕਤ, ਤੰਦਰੁਸਤ ਅਤੇ ਸਿਹਤਮੰਦ ਜੀਵਨ ਦੀ ਸਿਰਜਣਾ ਕੀਤੀ ਜਾ ਸਕਦੀ ਹੈ।