ਦਸ਼ਮੇਸ਼ ਮਿਸ਼ਨ ਸਕੂਲ ’ਚ ਐੱਨਐੱਸਐੱਸ ਯੂਨਿਟ ਵੱਲੋਂ ਨੈਸ਼ਨਲ ਇੰਟੀਗ੍ਰੇਸ਼ਨ ਡੇ ਮਨਾਇਆ
ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਐਨ.ਐਸ.ਐਸ ਯੂਨਿਟ ਵੱਲੋਂ ਨੈਸ਼ਨਲ ਇੰਟੀਗਰੇਸ਼ਨ ਡੇਅ ਮਨਾਇਆ ਗਿਆ
Publish Date: Wed, 19 Nov 2025 04:25 PM (IST)
Updated Date: Wed, 19 Nov 2025 04:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਐੱਨਐੱਸਐੱਸ ਯੂਨਿਟ ਵੱਲੋਂ ਨੈਸ਼ਨਲ ਇੰਟੀਗਰੇਸ਼ਨ ਡੇ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਬੱਚਿਆਂ ਨੂੰ ਸਾਰੇ ਮਤਭੇਦ ਭੁੱਲ ਕੇ ਏਕਤਾ ਤੇ ਸ਼ਾਂਤੀ ਨਾਲ ਰਹਿਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਐੱਨਐੱਸਐੱਸ ਪ੍ਰੋਗਰਾਮ ਅਫਸਰ ਸ਼ਮਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਇਹ ਦਿਵਸ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਦਿਵਸ ਦਾ ਮੁੱਖ ਉਦੇਸ਼ ਭਾਰਤ ਦੇ ਵੱਖ-ਵੱਖ ਭਾਈਚਾਰਿਆਂ ਵਿੱਚ ਸ਼ਾਂਤੀ ਸਦਭਾਵਨਾ ਅਤੇ ਏਕਤਾ ਨੂੰ ਉਤਸਾਹਿਤ ਕਰਨਾ ਹੈ। ਭਾਰਤੀ ਇੱਕ ਵਿਸ਼ਾਲ ਦੇਸ਼ ਹੈ ਜਿੱਥੇ ਕਈ ਧਰਮਾਂ, ਭਾਸ਼ਾਵਾਂ ਅਤੇ ਸੱਭਿਆਚਾਰਾਂ ਦੇ ਲੋਕ ਰਹਿੰਦੇ ਹਨ। ਸਾਡੀ ਇਹੀ ਵਿਭਿੰਨਤਾ ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਸ ਉਪਰੰਤ ਕੁਝ ਬੱਚਿਆਂ ਵੱਲੋਂ ਰਾਸ਼ਟਰੀ ਏਕਤਾ ਸਬੰਧੀ ਕਵਿਤਾ ਉਚਾਰਨ ਮੁਕਾਬਲੇ ਵਿੱਚ ਹਿੱਸਾ ਲਿਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਵੱਲੋਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਵਿੱਚ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਸਰਗਰਮ ਹਨ, ਕੌਮੀ ਏਕਤਾ ਦੀ ਲੋੜ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸੋਮਾ ਦੇਵੀ ਵੱਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।