- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸ.ਆਈ.ਆਰ. ਪ੍ਰਕਿਰਿਆ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ, ਕੋਈ ਵੀ ਜਾਇਜ਼ ਵੋਟ ਕੱਟਣ ਨਾ ਦਿੱਤੀ ਜਾਵੇ : ਪ੍ਰਕਾਸ਼ ਸਿੰਘ ਭੱਟੀ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਬਰਗਾੜੀ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਅਤੇ ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ (ਭਲੂਰੀਆ) ਦੀ ਰਿਹਾਇਸ਼ ਸਥਿਤ ਪਾਰਟੀ ਦਫ਼ਤਰ ਵਿੱਚ ਇਲਾਕਾ ਬਰਗਾੜੀ ਦੇ ਪਿੰਡਾਂ ਲਈ ਨਿਯੁਕਤ ਕਾਂਗਰਸ ਪਾਰਟੀ ਦੇ ਸਮੂਹ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨਾਲ ਐਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਸਬੰਧੀ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਲੈ ਕੇ ਪਾਰਟੀ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਬੀ.ਐਲ.ਏ. ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਐਸ.ਆਈ.ਆਰ. ਦੀ ਚੱਲ ਰਹੀ ਪ੍ਰਕਿਰਿਆ ਨੂੰ ਕਿਸੇ ਵੀ ਹਾਲਤ ਵਿੱਚ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਨਿਯੁਕਤ ਬੀ.ਐਲ.ਏ. ਦੇ ਨਾਲ-ਨਾਲ ਸਾਰੇ ਸਥਾਨਕ ਆਗੂ ਵੀ ਇਸ ਕੰਮ ਵਿੱਚ ਪੂਰੀ ਸਰਗਰਮੀ ਨਾਲ ਜੁਟਣ ਤਾਂ ਜੋ ਕਿਸੇ ਵੀ ਯੋਗ ਵੋਟਰ ਦੀ ਵੋਟ ਗਲਤੀ ਨਾਲ ਵੀ ਨਾ ਕੱਟੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਕਿਸੇ ਦੀ ਵੋਟ ਕੱਟ ਜਾਂਦੀ ਹੈ ਤਾਂ ਉਸ ਨੂੰ ਦੁਬਾਰਾ ਬਣਵਾਉਣ ਲਈ ਕਾਫ਼ੀ ਭੱਜ-ਦੌੜ ਅਤੇ ਸਮਾਂ ਲੱਗੇਗਾ। ਉਨ੍ਹਾਂ ਬੀ.ਐਲ.ਏ. ਨੂੰ ਹਦਾਇਤ ਕੀਤੀ ਕਿ ਉਹ ਵੋਟਰਾਂ ਦੇ ਫਾਰਮ ਪੂਰੀ ਸਾਵਧਾਨੀ ਅਤੇ ਸਹੀ ਜਾਣਕਾਰੀ ਨਾਲ ਭਰਵਾਉਣ। ਹਰ ਫਾਰਮ ਵਿੱਚ ਲੋੜੀਂਦੇ ਦਸਤਾਵੇਜ਼ ਅਤੇ ਪ੍ਰਮਾਣ ਸਹੀ ਢੰਗ ਨਾਲ ਲਗਾਏ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਗਲਤੀ ਕਾਰਨ ਵੋਟਰ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਬੀ.ਐਲ.ਏ. ਆਪਣੇ-ਆਪਣੇ ਖੇਤਰ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਪ੍ਰਦਾਨ ਕਰਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਕੂੜ ਪ੍ਰਚਾਰ ਰਾਹੀਂ ਗੁੰਮਰਾਹ ਕਰ ਰਹੀ ਹੈ, ਜਦਕਿ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜ ਨਜ਼ਰ ਨਹੀਂ ਆ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਕੇ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਧੱਕਿਆ ਜਾ ਰਿਹਾ ਹੈ ਅਤੇ ਬੇਲੋੜੇ ਮੁੱਦਿਆਂ ਨੂੰ ਉਭਾਰਿਆ ਜਾ ਰਿਹਾ ਹੈ। ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਮਿਹਰ ਸਿੰਘ (ਸਾਬਕਾ ਸਰਪੰਚ ਕਰੀਰਵਾਲੀ), ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ (ਸਾਬਕਾ ਸਰਪੰਚ ਮੜ੍ਹਾਕ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬਰਾੜ (ਭਲੂਰੀਆ) ਸਾਬਕਾ ਸਰਪੰਚ ਬਰਗਾੜੀ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਗੁਰਤੇਜ ਸਿੰਘ, ਗੁਰਚਰਨ ਸਿੰਘ ਢਿੱਲੋਂ, ਡਾ. ਰਣਜੀਤ ਸਿੰਘ ਘਾਰੂ, ਵੀਰ ਚੰਦ ਸ਼ਰਮਾ, ਹਰਪਿੰਦਰ ਸਿੰਘ ਬਰਾੜ, ਸੇਵਕ ਸਿੰਘ, ਸੁਖਮੰਦਰ ਸਿੰਘ, ਬੂਟਾ ਸਿੰਘ ਢਿੱਲੋਂ, ਜੱਗੀ ਕਪੂਰ ਸਮੇਤ ਵੱਖ-ਵੱਖ ਪਿੰਡਾਂ ਦੇ ਕਾਂਗਰਸ ਪਾਰਟੀ ਵੱਲੋਂ ਨਿਯੁਕਤ ਸਮੂਹ ਬੀ.ਐਲ.ਏ. ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।