ਠੇਕਾ ਅਧਾਰਤ ਨਰੇਗਾ ਕਾਮਿਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Publish Date: Sun, 07 Jun 2026 05:24 PM (IST)
Updated Date: Mon, 08 Jun 2026 04:05 AM (IST)

17 ਸਾਲਾਂ ਦੀ ਸੇਵਾ ਦੇ ਬਾਵਜੂਦ ਨਾ ਪੱਕਾ ਕੀਤਾ, ਨਾ ਸਮੇਂ ਸਿਰ ਤਨਖ਼ਾਹ ਦਿੱਤੀ : ਹਰਬੰਸ ਸਿੰਘ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਪਿਛਲੇ ਕਰੀਬ 17 ਸਾਲਾਂ ਤੋਂ ਕੰਟਰੈਕਟ ਆਧਾਰ ’ਤੇ ਸੇਵਾਵਾਂ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਚਲਾਈ ਜਾ ਰਹੀ ਕਲਮ ਛੋੜ ਹੜਤਾਲ ਸ਼ਨੀਵਾਰ ਨੂੰ ਤੀਜੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਬਲਾਕ ਜੈਤੋ ਦੇ ਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਹਰਬੰਸ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਕੇ ਉਨ੍ਹਾਂ ਨੂੰ ਪੰਚਾਇਤ ਵਿਭਾਗ ਵਿੱਚ ਪੱਕੀਆਂ ਅਸਾਮੀਆਂ ’ਤੇ ਮਰਜ਼ ਕੀਤਾ ਜਾਵੇਗਾ। ਪਰ ਸਰਕਾਰ ਦੇ ਚਾਰ ਸਾਲ ਤੋਂ ਵੱਧ ਸਮੇਂ ਦੇ ਕਾਰਜਕਾਲ ਦੌਰਾਨ ਇਹ ਵਾਅਦਾ ਅਜੇ ਤੱਕ ਹਕੀਕਤ ਦਾ ਰੂਪ ਨਹੀਂ ਧਾਰ ਸਕਿਆ। ਉਨ੍ਹਾਂ ਕਿਹਾ ਕਿ ਨਰੇਗਾ ਸਕੀਮ ਨੂੰ ਬੰਦ ਕਰਕੇ ‘ਵਿਕਸਤ ਭਾਰਤ’ ਯੋਜਨਾ ਲਾਗੂ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਬਿੱਲ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਵੱਲੋਂ ਬੁਲਾਏ ਵਿਸ਼ੇਸ਼ ਇਜਲਾਸ ਦੌਰਾਨ ਵੀ ਮੁੱਖ ਮੰਤਰੀ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕਰਨ ਦੀ ਬਜਾਏ ਉਨ੍ਹਾਂ ਦੇ ਵਿਰੁੱਧ ਹੀ ਬਿਆਨਬਾਜ਼ੀ ਕੀਤੀ ਗਈ, ਜਿਸ ਨਾਲ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਪ੍ਰਧਾਨ ਹਰਬੰਸ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ ਨੀਤੀ ਵੀ ਨਰੇਗਾ ਮੁਲਾਜ਼ਮਾਂ ਲਈ ਕੋਈ ਰਾਹਤ ਨਹੀਂ ਲੈ ਕੇ ਆਈ। ਵਿਭਾਗ ਵੱਲੋਂ ਮੁਲਾਜ਼ਮਾਂ ਦਾ ਸਾਰਾ ਡਾਟਾ ਪੋਰਟਲ ’ਤੇ ਅਪਲੋਡ ਕਰਕੇ ਪ੍ਰਸੋਨਲ ਅਤੇ ਵਿੱਤ ਵਿਭਾਗ ਤੋਂ ਪ੍ਰਵਾਨਗੀਆਂ ਵੀ ਹਾਸਲ ਕੀਤੀਆਂ ਜਾ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਪੱਕੇ ਕਰਨ ਸਬੰਧੀ ਕੋਈ ਆਦੇਸ਼ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਪੰਚਾਇਤ ਸਕੱਤਰਾਂ ਅਤੇ ਵੀ.ਡੀ.ਓਜ਼ ਨੂੰ ਇਕੱਠਾ ਕਰਕੇ ਨਵੀਂ ਅਸਾਮੀ ‘ਪੰਚਾਇਤ ਵਿਕਾਸ ਸਕੱਤਰ’ ਬਣਾਉਣ ਨੂੰ ਕੈਬਨਿਟ ਤੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਜਦਕਿ ਦੂਜੇ ਪਾਸੇ 17 ਸਾਲਾਂ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਨੂੰ ਪੱਕਾ ਕਰਨਾ ਤਾਂ ਦੂਰ, ਸਮੇਂ ਸਿਰ ਤਨਖ਼ਾਹ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਕਈ ਮੁਲਾਜ਼ਮਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਪੰਚਾਇਤ ਵਿਭਾਗ ਦੇ ਮੰਤਰੀ ਨੂੰ ਵੀ ਵਿਭਾਗ ਦੇ ਅੰਦਰਲੇ ਹਾਲਾਤਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਨਰੇਗਾ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਸਕਾਰਾਤਮਕ ਫ਼ੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਯੂਨੀਅਨ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਲੋੜ ਪੈਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਘਿਰਾਓ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਵਿੱਚ ਮਨਰੇਗਾ ਤਹਿਤ ਕੰਮ ਕਰਦੇ ਲੱਖਾਂ ਮਜ਼ਦੂਰਾਂ ਨੂੰ ਨਾਲ ਜੋੜ ਕੇ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ ਅਤੇ ਪਿੰਡਾਂ ਵਿੱਚ ਜਾ ਕੇ ਸਰਕਾਰ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਜਰਨੈਲ ਸਿੰਘ ਵਾਈਸ ਪ੍ਰਧਾਨ, ਜਸਪ੍ਰੀਤ ਸਿੰਘ ਮੀਤ ਪ੍ਰਧਾਨ, ਵਿਨੇ ਕੁਮਾਰ ਏ.ਪੀ.ਓ., ਕਰਨਦੀਪ ਸਿੰਘ ਅਕਾਊਂਟੈਂਟ, ਜਗਜੀਤ ਸਿੰਘ, ਹਰਮੀਤ ਸਿੰਘ, ਵਰਿੰਦਰ ਸਿੰਘ, ਅਮਰਦੀਪ ਸਿੰਘ ਤਕਨੀਕੀ ਸਹਾਇਕ, ਹੈਪੀ, ਰੇਖਾ ਕੁਮਾਰੀ, ਨਿਰਮਲ ਕੌਰ ਕੰਪਿਊਟਰ ਅਸਿਸਟੈਂਟ, ਮਨਪ੍ਰੀਤ ਸਿੰਘ, ਗੁਰਿੰਦਰ ਸਿੰਘ, ਜਸਪਾਲ ਸਿੰਘ, ਰਵਿੰਦਰ ਕੁਮਾਰ, ਬਲਕਰਨ ਸਿੰਘ, ਗੰਗਾ ਸਿੰਘ ਗ੍ਰਾਮ ਰੁਜ਼ਗਾਰ ਸੇਵਕ ਸਮੇਤ ਸਮੂਹ ਨਰੇਗਾ ਸਟਾਫ਼ ਹਾਜ਼ਰ ਸੀ।