ਅਕਾਲੀ ਦਲ ਹੀ ਕਰ ਸਕਦਾ ਪੰਜਾਬ ਦੇ ਹੱਕਾਂ ਦੀ ਰਾਖੀ : ਬਰਾੜ
ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ, ਪੰਜਾਬ ਦੇ ਹੱਕਾਂ ਦੀ ਰਾਖੀ : ਮਨਤਾਰ ਸਿੰਘ ਬਰਾੜ
Publish Date: Thu, 19 Mar 2026 05:15 PM (IST)
Updated Date: Fri, 20 Mar 2026 04:07 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ ਰੈਲੀਆਂ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸੂਬੇ ਵਿਚ ਅਕਾਲੀ ਦਲ ਦੀ ਚੜ੍ਹਤ ਦਿਨੋਂ-ਦਿਨ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਮੋਗਾ ਰੋਡ ਉੱਪਰ ਸਥਿਤ ਕੋਟਕਪੂਰਾ ਦੀ ਦਾਣਾ ਮੰਡੀ ’ਚ 22 ਮਾਰਚ, ਦਿਨ ਐਤਵਾਰ ਨੂੰ ਸ੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਵਿਸ਼ਾਲ ‘ਪੰਜਾਬ ਬਚਾਓ’ ਰੈਲੀ ’ਚ ਹਿੱਸਾ ਲੈਣ ਲਈ ਲੋਕ ਪੱਬਾਂ ਭਾਰ ਹਨ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਹੈ ਕਿ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰੱਖਿਆ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਸੂਬੇ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਹੈ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਨੂੰ ਮਜ਼ਬੂਤ ਅਤੇ ਦੂਰ ਅੰਦੇਸ਼ ਅਗਵਾਈ ਦੀ ਲੋੜ ਹੈ, ਜੋ ਸੂਬੇ ਦੇ ਕਿਸਾਨਾਂ, ਨੌਜਵਾਨਾਂ ਤੇ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਕਰ ਸਕੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ ਆਦਿ ਹਾਜ਼ਰ ਸਨ।