- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇ.ਵੀ.ਕੇ.ਵਲੋਂ ਜਲਾਲੇਆਣਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕੈਂਪ ਲਗਾਇਆ

ਵਿਕਾਸ ਗਰਗ ਪੰਜਾਬੀ ਜਾਗਰਣ ਫ਼ਰੀਦਕੋਟ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਰਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਵੱਲੋਂ ਅੱਜ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕੈਂਪ ਪਿੰਡ ਜਲਾਲੇਆਣਾ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਜਲਾਲੇਆਣਾ ਅਤੇ ਆਸ-ਪਾਸ ਦੇ ਪਿੰਡਾਂ ਦੇ 110 ਕਿਸਾਨਾਂ ਨੇ ਹਿੱਸਾ ਲਿਆ। ਇਹ ਸਮਾਗਮ ਡਾ ਰਾਕੇਸ਼ ਕੁਮਾਰ, ਇੰਚਾਰਜ, ਕੇ.ਵੀ.ਕੇ., ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ। ਡਾ ਰਾਕੇਸ਼ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਮੀਨ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਹਨਾਂ ਨੇ ਝੋਨੇ ਦੀ ਪਰਾਲੀ ਖੇਤ ਅੰਦਰ ਹੀ ਸੰਭਾਲ ਕੇ ਕਣਕ ਦੀ ਬਿਜਾਈ ਲਈ ਵੱਖ-ਵੱਖ ਮਸ਼ੀਨਰੀ ਦੀ ਵਰਤੋਂ ਕਰਨ ਲਈ ਪੇ੍ਰਰਿਤ ਕੀਤਾ। ਡਾ. ਗੁਰਦਰਸ਼ਨ ਸਿੰਘ ਨੇ ਫ਼ਲਾਂ ਅਤੇ ਸਬਜ਼ੀਆਂ ਦੀ ਸੁਚੱਜੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ। ਡਾ. ਕਰਮਜੀਤ ਕੌਰ ਨੇ ਕੇ.ਵੀ.ਕੇ. ਫ਼ਰੀਦਕੋਟ ਵਿਖੇ ਕਿਸਾਨ ਬੀਬੀਆਂ ਲਈ ਲਗਣ ਵਾਲੇ ਸਿਖਲਾਈ ਕੋਰਸਾਂ ਬਾਰੇ ਦੱਸਿਆ ਅਤੇ ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੀ ਤੰਦਰੁਸਤੀ ਲਈ ਸੰਤੁਲਿਤ ਖੁਰਾਕ ਸਬੰਧੀ ਵਿਚਾਰ ਸਾਂਝੇ ਕੀਤੇ। ਡਾ. ਫਤਿਹਜੀਤ ਸਿੰਘ ਸੇਂਖੋ, ਫਾਰਮ ਸਲਾਹਕਾਰ ਸੇਵਾ ਕੇਂਦਰ, ਫ਼ਰੀਦਕੋਟ ਨੇ ਕਣਕ ਦੀਆਂ ਨਵੀਆਂ ਕਿਸਮਾਂ ਬਾਰੇ ਦੱਸਿਆ। ਡਾ. ਸਿਮਰਨਜੀਤ ਕੌਰ ਨੇ ਝੋਨੇ ਅਤੇ ਕਣਕ ਦੀ ਫ਼ਸਲ ’ਚ ਗੁਲਾਬੀ ਸੁੰਡੀ ਦੀ ਰੋਕਥਾਮ ਸਬੰਧੀ ਅਹਿਮ ਨੁਕਤੇ ਸਾਂਝੇ ਕੀਤੇ। ਡਾ. ਪ੍ਰਭਜੀਤ ਕੌਰ ਨੇ ਕਣਕ ਅਤੇ ਸਰ੍ਹੋਂ ’ਚ ਹੋਣ ਵਾਲੇ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਕਿਸਾਨਾਂ ਦਾ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਧੰਨਵਾਦ ਕੀਤਾ ਗਿਆ।