
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਚੰਨੀਆਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਭਰਵਾਂ ਹੁੰਗਾਰਾ, ਵੱਡੀ ਗਿਣਤੀ ਵਿੱਚ ਲੋਕ ਹੋਏ ਸ਼ਾਮਲ

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਦਲੇਰ ਸਿੰਘ ਡੋਡ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਕੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਸੱਤਾ ਵਿੱਚ ਰਹੀਆਂ ਵੱਖ ਵੱਖ ਪਾਰਟੀਆਂ ਨੇ ਲੋਕਾਂ ਨੂੰ ਧਰਮ, ਜਾਤ ਦੇ ਨਾਂ ’ਤੇ ਵੰਡਿਆ ਹੈ, ਜਦਕਿ ਪੰਜਾਬ ਦੇ ਅਸਲ ਮਸਲੇ ਅਜੇ ਵੀ ਜਿਉਂ ਦੇ ਤਿਉਂ ਖੜ੍ਹੇ ਹਨ। ਭਾਈ ਦਲੇਰ ਸਿੰਘ ਡੋਡ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਗੰਭੀਰ ਸਮੱਸਿਆ ਬਣ ਚੁੱਕਾ ਹੈ ਅਤੇ ਹਰ ਰੋਜ਼ ਨੌਜਵਾਨ ਇਸ ਦੀ ਭੇਟ ਚੜ੍ਹ ਰਹੇ ਹਨ। ਬੇਰੁਜ਼ਗਾਰੀ, ਪੇਪਰ ਲੀਕ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ, ਪੰਜਾਬੀ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਰੁਖ ਅਤੇ ਪੰਜਾਬੀ ਭਾਸ਼ਾ ਨਾਲ ਹੋ ਰਹੀ ਬੇਰੁਖ਼ੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰ ਅਤੇ ਆਮ ਵਰਗ ਲਗਾਤਾਰ ਆਰਥਿਕ ਦਬਾਅ ਹੇਠ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਤੇ ਸੂਬਾਈ ਮਸਲਿਆਂ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ ਗਿਆ ਹੈ। ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਪੰਜਾਬ ਦੇ ਹੱਕਾਂ ਦੀ ਗੱਲ ਇੱਕ ਮਜ਼ਬੂਤ ਖੇਤਰੀ ਪਾਰਟੀ ਹੀ ਕਰ ਸਕਦੀ ਹੈ। ਭਾਈ ਦਲੇਰ ਸਿੰਘ ਡੋਡ ਨੇ ਦੱਸਿਆ ਕਿ ਅੱਜ ਪਿੰਡ ਚੰਨੀਆਂ, ਵਿਧਾਨ ਸਭਾ ਹਲਕਾ ਫਰੀਦਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ, ਬਜ਼ੁਰਗਾਂ ਅਤੇ ਹੋਰ ਸੱਜਣਾਂ ਨੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਮਨਪ੍ਰੀਤ ਸਿੰਘ ਭੋਲੂਵਾਲਾ, ਬਾਬਾ ਜਸਵਿੰਦਰ ਸਿੰਘ ਸੋਨੂ (ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫਰੀਦਕੋਟ), ਹਰਬੰਸ ਸਿੰਘ ਸੂਬੇਦਾਰ (ਸਰਕਲ ਪ੍ਰਧਾਨ ਸਾਦਿਕ), ਭਾਉ ਕਸ਼ਮੀਰ ਸਿੰਘ ਅਤੇ ਅਵਤਾਰ ਸਿੰਘ ਸੰਗਰਾਹੂਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਪਾਰਟੀ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਸਾਥੀਆਂ ਦੇ ਗਲਾਂ ਵਿੱਚ ਪਾਰਟੀ ਦੇ ਲੋਗੋ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।