- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੁੰਡਾਂ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਤੋਂ ਲੋਕਾਂ ਵਿੱਚ ਦਹਿਸ਼ਤ, ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਜੈਤੋ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਅਵਾਰਾ ਕੁੱਤਿਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਹੁਣ ਗੰਭੀਰ ਜਨਤਕ ਸਮੱਸਿਆ ਦਾ ਰੂਪ ਧਾਰ ਚੁੱਕੀ ਹੈ। ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ, ਮੁੱਖ ਸੜਕਾਂ ਅਤੇ ਪਿੰਡਾਂ ਦੀਆਂ ਫਿਰਨੀਆਂ ’ਤੇ ਝੁੰਡਾਂ ਦੇ ਰੂਪ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਇਹ ਕੁੱਤੇ ਰਾਹਗੀਰਾਂ ਦੇ ਪਿੱਛੇ ਪੈ ਜਾਂਦੇ ਹਨ ਅਤੇ ਇਕੱਲੇ ਲੰਘ ਰਹੇ ਵਿਅਕਤੀਆਂ ਨੂੰ ਘੇਰ ਲੈਂਦੇ ਹਨ, ਜਿਸ ਕਾਰਨ ਹਰ ਵੇਲੇ ਕਿਸੇ ਵੱਡੇ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ। ਲੋਕਾਂ ਦਾ ਦੋਸ਼ ਹੈ ਕਿ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਪਰ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵੱਲੋਂ ਇਸ ਨੂੰ ਕਾਬੂ ਕਰਨ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਗਿਆ। ਇਸ ਕਾਰਨ ਸ਼ਹਿਰ ਅਤੇ ਪਿੰਡਾਂ ਦੇ ਵਸਨੀਕਾਂ ਵਿੱਚ ਨਾਰਾਜ਼ਗੀ ਵਧਦੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਭਵਿੱਖ ਵਿੱਚ ਕੋਈ ਵੱਡੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਸਥਾਨਕ ਵਸਨੀਕਾਂ ਅਨੁਸਾਰ ਅਵਾਰਾ ਕੁੱਤਿਆਂ ਦੇ ਝੁੰਡ ਸਵੇਰ ਤੜਕੇ ਤੋਂ ਲੈ ਕੇ ਦੇਰ ਰਾਤ ਤੱਕ ਗਲੀਆਂ ਅਤੇ ਸੜਕਾਂ ’ਤੇ ਘੁੰਮਦੇ ਰਹਿੰਦੇ ਹਨ। ਖ਼ਾਸ ਤੌਰ ’ਤੇ ਸਵੇਰੇ ਸੈਰ ਕਰਨ ਵਾਲੇ ਲੋਕਾਂ, ਧਾਰਮਿਕ ਅਸਥਾਨਾਂ ’ਤੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ, ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ, ਦਫ਼ਤਰਾਂ ਅਤੇ ਖੇਤਾਂ ਵੱਲ ਜਾਣ ਵਾਲੇ ਲੋਕਾਂ ਨੂੰ ਹਰ ਰੋਜ਼ ਇਨ੍ਹਾਂ ਅਵਾਰਾ ਕੁੱਤਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਮੋਟਰਸਾਈਕਲਾਂ, ਸਾਈਕਲਾਂ ਅਤੇ ਸਕੂਟੀਆਂ ਦੇ ਪਿੱਛੇ ਦੌੜਦੇ ਕੁੱਤਿਆਂ ਕਾਰਨ ਵਾਹਨ ਚਾਲਕਾਂ ਦਾ ਸੰਤੁਲਨ ਵਿਗੜ ਜਾਂਦਾ ਹੈ, ਜਿਸ ਨਾਲ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚੇ ਘਰਾਂ ਦੇ ਬਾਹਰ ਖੇਡਣ ਤੋਂ ਵੀ ਡਰਨ ਲੱਗ ਪਏ ਹਨ। ਸਕੂਲ ਜਾਣ ਵਾਲੇ ਛੋਟੇ ਬੱਚਿਆਂ ਨੂੰ ਪਰਿਵਾਰਕ ਮੈਂਬਰ ਖੁਦ ਛੱਡਣ ਅਤੇ ਲੈਣ ਲਈ ਮਜਬੂਰ ਹਨ। ਸ਼ਾਮ ਵੇਲੇ ਪਾਰਕਾਂ, ਖੇਡ ਮੈਦਾਨਾਂ ਅਤੇ ਮੁਹੱਲਿਆਂ ਵਿੱਚ ਖੇਡਣ ਵਾਲੇ ਬੱਚਿਆਂ ਲਈ ਵੀ ਇਹ ਅਵਾਰਾ ਕੁੱਤੇ ਲਗਾਤਾਰ ਖ਼ਤਰਾ ਬਣੇ ਹੋਏ ਹਨ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਮਾਸ ਵੇਚਣ ਵਾਲੀਆਂ ਕੁਝ ਦੁਕਾਨਾਂ ਵੱਲੋਂ ਮਾਸ ਦੀ ਰਹਿੰਦ-ਖੂੰਹਦ ਅਤੇ ਹੱਡੀਆਂ ਨੂੰ ਖੁੱਲ੍ਹੇ ਵਿੱਚ ਜਾਂ ਸੜਕ ਕਿਨਾਰੇ ਸੁੱਟ ਦਿੱਤਾ ਜਾਂਦਾ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਅਵਾਰਾ ਕੁੱਤੇ ਉੱਥੇ ਇਕੱਠੇ ਹੋ ਜਾਂਦੇ ਹਨ ਅਤੇ ਬਾਅਦ ਵਿੱਚ ਇਹ ਝੁੰਡਾਂ ਦੇ ਰੂਪ ਵਿੱਚ ਰਿਹਾਇਸ਼ੀ ਇਲਾਕਿਆਂ ਵਿੱਚ ਘੁੰਮਦੇ ਹਨ। ਲੋਕਾਂ ਨੇ ਮੰਗ ਕੀਤੀ ਕਿ ਅਜਿਹੀਆਂ ਦੁਕਾਨਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇ ਅਤੇ ਮਾਸ ਦੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਵਾਰਾ ਕੁੱਤਿਆਂ ਦੀ ਭੀੜ ਨੂੰ ਰੋਕਿਆ ਜਾ ਸਕੇ। ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਅਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਕਈ ਲੋਕ ਜ਼ਖ਼ਮੀ ਹੋ ਚੁੱਕੇ ਹਨ। ਹਾਲਾਂਕਿ ਕਈ ਮਾਮਲਿਆਂ ਵਿੱਚ ਇਲਾਜ ਵੀ ਕਰਵਾਉਣਾ ਪਿਆ, ਪਰ ਇਸ ਦੇ ਬਾਵਜੂਦ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਹਰ ਰੋਜ਼ ਵੱਧ ਰਹੀ ਦਹਿਸ਼ਤ ਕਾਰਨ ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਵੀ ਇਕੱਲਿਆਂ ਘਰੋਂ ਬਾਹਰ ਨਿਕਲਣ ਵਿੱਚ ਡਰ ਮਹਿਸੂਸ ਹੁੰਦਾ ਹੈ। ਇਲਾਕੇ ਦੇ ਲੋਕਾਂ, ਸਮਾਜ ਸੇਵੀਆਂ ਅਤੇ ਮੋਹਤਬਰ ਸ਼ਖ਼ਸੀਅਤਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਉਪ ਮੰਡਲ ਮੈਜਿਸਟਰੇਟ ਜੈਤੋ ਵਿਕਰਮਜੀਤ ਬਾਂਸਲ ਅਤੇ ਨਗਰ ਕੌਂਸਲ ਜੈਤੋ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਕੁੱਤਿਆਂ ਨੂੰ ਫੜਨ, ਉਨ੍ਹਾਂ ਦੀ ਨਸਬੰਦੀ ਕਰਵਾਉਣ, ਟੀਕਾਕਰਨ ਕਰਨ ਅਤੇ ਨਿਰਧਾਰਤ ਥਾਵਾਂ ’ਤੇ ਭੇਜਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ ਹੋਰ ਮਜ਼ਬੂਤ ਕਰਕੇ ਖੁੱਲ੍ਹੇ ਵਿੱਚ ਸੁੱਟੇ ਜਾਂਦੇ ਕੂੜੇ-ਕਰਕਟ ਅਤੇ ਮਾਸ ਦੀ ਰਹਿੰਦ-ਖੂੰਹਦ ’ਤੇ ਵੀ ਸਖ਼ਤ ਨਿਗਰਾਨੀ ਰੱਖੀ ਜਾਵੇ। ਲੋਕਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਸਮੇਂ ਸਿਰ ਇਸ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸੇ ਬੱਚੇ, ਬਜ਼ੁਰਗ ਜਾਂ ਰਾਹਗੀਰ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਤਾਂ ਜੋ ਸ਼ਹਿਰ ਅਤੇ ਪਿੰਡਾਂ ਦੇ ਲੋਕ ਨਿਡਰ ਹੋ ਕੇ ਆਪਣਾ ਰੋਜ਼ਾਨਾ ਜੀਵਨ ਬਤੀਤ ਕਰ ਸਕਣ।