- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ ਵਿਧਾਇਕ ਪਰਗਟ ਸਿੰਘ ਜੀ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ: ਮਹਾਨ ਸੂਫ਼ੀ ਸੰਤ ਹਜ਼ਰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਪਵਿੱਤਰ ਆਗਮਨ ਪੁਰਬ ਮੌਕੇ ਜਲੰਧਰ ਦੇ ਵਿਧਾਇਕ ਪਰਗਟ ਸਿੰਘ ਜੀ ਨੇ ਇਤਿਹਾਸਕ ਧਾਰਮਿਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਫ਼ਰੀਦਕੋਟ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਲਿਆ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਵੱਲੋਂ ਪਰਗਟ ਸਿੰਘ ਦੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਪਰਗਟ ਸਿੰਘ ਜੀ ਨੇ ਬਾਬਾ ਫ਼ਰੀਦ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਪਵਿੱਤਰ ਬਾਣੀ ਅਤੇ ਉਨ੍ਹਾਂ ਵੱਲੋਂ ਦਿੱਤਾ ਗਿਆ ਪਿਆਰ, ਨਿਮਰਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਸਾਂਝ, ਸੇਵਾ, ਸਦਭਾਵਨਾ ਅਤੇ ਇਨਸਾਨੀਅਤ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੰਸਥਾਵਾਂ ਦੇ ਸੰਸਥਾਪਕ ਸਵਰਗਵਾਸੀ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਵੱਲੋਂ ਬਾਬਾ ਫ਼ਰੀਦ ਜੀ ਅਤੇ ਫ਼ਰੀਦਕੋਟ ਦੇ ਇਤਿਹਾਸ ਬਾਰੇ ਲਿਖੀਆਂ ਪੁਸਤਕਾਂ ਵੀ ਸਤਿਕਾਰ ਸਹਿਤ ਭੇਟ ਕੀਤੀਆਂ ਗਈਆਂ। ਇਸ ਮੌਕੇ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ , ਦੀਪਇੰਦਰ ਸਿੰਘ ਸੇਖੋਂ, ਕੁਲਜੀਤ ਸਿੰਘ ਮੌਗੀਆਂ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਵੀ ਹਾਜ਼ਰ ਸਨ।. ਪਰਗਟ ਸਿੰਘ ਜੀ ਨੇ ਸੰਸਥਾਵਾਂ ਵੱਲੋਂ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ, ਉਨ੍ਹਾਂ ਦੀ ਪਵਿੱਤਰ ਬਾਣੀ ਅਤੇ ਫ਼ਰੀਦਕੋਟ ਦੀ ਅਮੀਰ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।