- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਪਲਸ ਬਿਜਲੀ ਦੇ ਦਾਅਵਿਆਂ ਵਾਲੇ ਪੰਜਾਬ ਵਿੱਚ ਗਹਿਰਾਇਆ ਬਿਜਲੀ ਸੰਕਟ, ਲੋਕ ਸੜਕਾਂ ’ਤੇ ਉਤਰਨ ਲਈ ਮਜਬੂਰ : ਪ੍ਰਕਾਸ਼ ਸਿੰਘ ਭੱਟੀ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਪੰਜਾਬ ਵਿੱਚ ਦਿਨੋਂ-ਦਿਨ ਗਹਿਰਾ ਰਹੇ ਬਿਜਲੀ ਸੰਕਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਸਰਪਲਸ ਬਿਜਲੀ ਵਾਲਾ ਸੂਬਾ ਬਣਾਉਣ ਅਤੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਅੱਜ ਉਸੇ ਸਰਕਾਰ ਦੇ ਰਾਜ ਵਿੱਚ ਕਿਸਾਨ, ਉਦਯੋਗਪਤੀ, ਵਪਾਰੀ ਅਤੇ ਆਮ ਖਪਤਕਾਰ ਲੰਬੇ-ਲੰਬੇ ਬਿਜਲੀ ਕੱਟਾਂ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਪ੍ਰਕਾਸ਼ ਸਿੰਘ ਭੱਟੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਕੀਤਾ ਗਿਆ ਵਾਅਦਾ ਵੀ ਪੂਰਾ ਨਹੀਂ ਹੋ ਸਕਿਆ। ਇਸ ਕਾਰਨ ਖੇਤਾਂ ਵਿੱਚ ਪਾਣੀ ਦੀ ਕਮੀ ਨਾਲ ਜੂਝ ਰਹੇ ਕਿਸਾਨਾਂ ਨੂੰ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸੜਕਾਂ ’ਤੇ ਉਤਰ ਕੇ ਧਰਨੇ-ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸੂਬਾ ਸਰਕਾਰ ਦੀ ਨਾਕਾਮ ਯੋਜਨਾਬੰਦੀ ਅਤੇ ਬਿਜਲੀ ਪ੍ਰਬੰਧਨ ਦੀ ਅਸਫ਼ਲਤਾ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਸਿਰਫ਼ ਖੇਤੀਬਾੜੀ ਤੱਕ ਹੀ ਸੀਮਤ ਨਹੀਂ ਹਨ, ਸਗੋਂ ਉਦਯੋਗਿਕ ਖੇਤਰ ਵੀ ਇਸ ਦਾ ਗੰਭੀਰ ਖਮਿਆਜ਼ਾ ਭੁਗਤ ਰਿਹਾ ਹੈ। ਜੇਕਰ ਬਿਜਲੀ ਸੰਕਟ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਕਈ ਫੈਕਟਰੀਆਂ ਨੂੰ ਆਪਣਾ ਉਤਪਾਦਨ ਘਟਾਉਣ ਜਾਂ ਬੰਦ ਕਰਨ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ, ਜਿਸ ਨਾਲ ਹਜ਼ਾਰਾਂ ਲੋਕਾਂ ਦੇ ਰੁਜ਼ਗਾਰ ’ਤੇ ਵੀ ਅਸਰ ਪੈ ਸਕਦਾ ਹੈ। ਪ੍ਰਕਾਸ਼ ਸਿੰਘ ਭੱਟੀ ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਬਿਜਲੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਨ, ਦੂਜੇ ਪਾਸੇ ਲੋਕਾਂ ਨੂੰ ਅਸਲ ਰੀਡਿੰਗ ਦੀ ਬਜਾਏ ਔਸਤ ਅਧਾਰ ’ਤੇ ਬਿਜਲੀ ਦੇ ਬਿੱਲ ਭੇਜੇ ਜਾ ਰਹੇ ਹਨ, ਜਿਸ ਕਾਰਨ ਆਮ ਖ਼ਪਤਕਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਬਿਜਲੀ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਚਲਾ ਸਕੀ ਹੈ ਅਤੇ ਨਾ ਹੀ ਲੋਕਾਂ ਨੂੰ ਭਰੋਸੇਯੋਗ ਸੇਵਾਵਾਂ ਦੇਣ ਵਿੱਚ ਕਾਮਯਾਬ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ ਬਿਜਲੀ ਦੀ ਮੰਗ ਰਿਕਾਰਡ ਪੱਧਰ ’ਤੇ ਪਹੁੰਚ ਚੁੱਕੀ ਹੈ। ਹਾਲੀਆ ਦਿਨਾਂ ਦੌਰਾਨ ਸੂਬੇ ਦੀ ਬਿਜਲੀ ਲੋੜ ਲਗਭਗ 17 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ, ਜਦਕਿ ਕਈ ਖੇਤਰਾਂ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਬਿਜਲੀ ਕੱਟ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਸੂਬੇ ਦਾ ਅੰਦਰੂਨੀ ਬਿਜਲੀ ਉਤਪਾਦਨ ਕਰੀਬ 4,874 ਮੈਗਾਵਾਟ ਸੀ, ਜਦਕਿ 7,300 ਮੈਗਾਵਾਟ ਤੋਂ ਵੱਧ ਬਿਜਲੀ ਬਾਹਰੀ ਸਰੋਤਾਂ ਤੋਂ ਖ਼ਰੀਦਣੀ ਪੈ ਰਹੀ ਸੀ। ਇਹ ਹਾਲਾਤ ਸਰਕਾਰ ਦੀ ਊਰਜਾ ਯੋਜਨਾਬੰਦੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਲੁਆਈ ਦਾ ਸੀਜ਼ਨ ਹਰ ਸਾਲ ਨਿਰਧਾਰਿਤ ਸਮੇਂ ’ਤੇ ਆਉਂਦਾ ਹੈ ਅਤੇ ਸਰਕਾਰ ਨੂੰ ਪਹਿਲਾਂ ਹੀ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਸਨ। ਪਰ ਦੂਰਅੰਦੇਸ਼ੀ ਦੀ ਘਾਟ ਅਤੇ ਕਮਜ਼ੋਰ ਪ੍ਰਬੰਧਨ ਕਾਰਨ ਪੰਜਾਬ ਨੂੰ ਹੁਣ ਖੁੱਲ੍ਹੇ ਬਾਜ਼ਾਰ ਤੋਂ ਮਹਿੰਗੇ ਭਾਅ ’ਤੇ ਬਿਜਲੀ ਖ਼ਰੀਦਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਜਿਸ ਦਾ ਵਾਧੂ ਆਰਥਿਕ ਬੋਝ ਆਖ਼ਿਰਕਾਰ ਲੋਕਾਂ ’ਤੇ ਹੀ ਪਵੇਗਾ। ਪ੍ਰਕਾਸ਼ ਸਿੰਘ ਭੱਟੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੌਜੂਦਾ ਬਿਜਲੀ ਸੰਕਟ ’ਤੇ ਤੁਰੰਤ ਇੱਕ ਵਾਈਟ ਪੇਪਰ ਜਾਰੀ ਕਰਕੇ ਪੂਰੀ ਸਥਿਤੀ ਲੋਕਾਂ ਸਾਹਮਣੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਖੁੱਲ੍ਹੇ ਬਾਜ਼ਾਰ ਤੋਂ ਖ਼ਰੀਦੀ ਜਾ ਰਹੀ ਮਹਿੰਗੀ ਬਿਜਲੀ ਦਾ ਪੂਰਾ ਵੇਰਵਾ ਜਨਤਕ ਕੀਤਾ ਜਾਵੇ, ਸੂਬੇ ਦੇ ਸਾਰੇ ਥਰਮਲ ਪਲਾਂਟਾਂ ਦੀ ਉਤਪਾਦਨ ਸਮਰੱਥਾ ਦਾ ਪੂਰਾ ਇਸਤੇਮਾਲ ਯਕੀਨੀ ਬਣਾਇਆ ਜਾਵੇ ਅਤੇ ਕਿਸਾਨਾਂ, ਉਦਯੋਗਾਂ ਤੇ ਘਰੇਲੂ ਖਪਤਕਾਰਾਂ ਨੂੰ ਬਿਨਾਂ ਰੁਕਾਵਟ ਬਿਜਲੀ ਸਪਲਾਈ ਦਿੱਤੀ ਜਾਵੇ। ਇਸ ਦੇ ਨਾਲ ਹੀ ਭਵਿੱਖ ਵਿੱਚ ਅਜਿਹੇ ਸੰਕਟਾਂ ਤੋਂ ਬਚਣ ਲਈ ਲੰਬੇ ਸਮੇਂ ਦੀ ਮਜ਼ਬੂਤ ਅਤੇ ਵਿਹਾਰਕ ਊਰਜਾ ਨੀਤੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਬਿਜਲੀ ਖੇਤਰ ਵਿੱਚ ਦੇਸ਼ ਦਾ ਮਾਡਲ ਸੂਬਾ ਬਣਾਉਣ ਦੇ ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਹਕੀਕਤ ਇਹ ਹੈ ਕਿ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕ ਘੰਟਿਆਂ ਬਿਜਲੀ ਕੱਟਾਂ ਕਾਰਨ ਤਰਾਹੀ-ਤਰਾਹੀ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਬਿਜਲੀ ਸੰਕਟ ਸਿਰਫ਼ ਉਤਪਾਦਨ ਦੀ ਕਮੀ ਤੱਕ ਸੀਮਤ ਨਹੀਂ, ਸਗੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੀ ਵਿੱਤੀ ਦਬਾਅ ਹੇਠ ਕੰਮ ਕਰ ਰਿਹਾ ਹੈ, ਜਿਸ ਕਾਰਨ ਬਿਜਲੀ ਖੇਤਰ ਦੀਆਂ ਸਮੱਸਿਆਵਾਂ ਹੋਰ ਗੰਭੀਰ ਹੁੰਦੀਆਂ ਜਾ ਰਹੀਆਂ ਹਨ। ਅੰਤ ਵਿੱਚ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਠੋਸ ਕਦਮ ਨਾ ਚੁੱਕੇ ਤਾਂ ਬਿਜਲੀ ਸੰਕਟ ਹੋਰ ਗੰਭੀਰ ਰੂਪ ਧਾਰ ਸਕਦਾ ਹੈ, ਜਿਸ ਦਾ ਸਿੱਧਾ ਅਸਰ ਖੇਤੀਬਾੜੀ, ਉਦਯੋਗ, ਵਪਾਰ ਅਤੇ ਆਮ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ’ਤੇ ਪਵੇਗਾ। ਉਨ੍ਹਾਂ ਸਰਕਾਰ ਨੂੰ ਸਿਆਸੀ ਪ੍ਰਚਾਰ ਦੀ ਬਜਾਏ ਲੋਕਾਂ ਦੀਆਂ ਬੁਨਿਆਦੀ ਲੋੜਾਂ ਵੱਲ ਧਿਆਨ ਦੇਣ ਅਤੇ ਬਿਜਲੀ ਪ੍ਰਬੰਧਨ ਨੂੰ ਤੁਰੰਤ ਸੁਧਾਰਨ ਦੀ ਅਪੀਲ ਕੀਤੀ।