- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਨੇ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਨੂੰ ਦਿੱਤਾ ਸਮਰਥਨ : ਡਾ. ਲਛਮਣ ਭਗਤੂਆਣਾ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜੈਤੋ ਵਿਖੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਚੋਣ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਮਿਲੀ ਵੱਡੀ ਸਫ਼ਲਤਾ ਪੰਜਾਬ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ, ਵਿਕਾਸਮੁਖੀ ਨੀਤੀਆਂ ਅਤੇ ਆਮ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕੰਮ ਕਰਨ ਵਾਲੀ ਅਤੇ ਲੋਕਾਂ ਦੀ ਭਲਾਈ ਲਈ ਸਮਰਪਿਤ ਸਰਕਾਰ ਦੇ ਨਾਲ ਖੜ੍ਹੇ ਹਨ। ਚੇਅਰਮੈਨ ਡਾ. ਲਛਮਣ ਭਗਤੂਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਬੁਨਿਆਦੀ ਢਾਂਚੇ ਅਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਗਏ ਇਤਿਹਾਸਕ ਫ਼ੈਸਲਿਆਂ ਨੂੰ ਲੋਕਾਂ ਨੇ ਭਰਪੂਰ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣ ਨਤੀਜੇ ਇਸ ਗੱਲ ਦਾ ਸਪੱਸ਼ਟ ਸੰਕੇਤ ਹਨ ਕਿ ਲੋਕ ਹੁਣ ਰਵਾਇਤੀ ਰਾਜਨੀਤੀ ਦੀ ਬਜਾਏ ਵਿਕਾਸ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜੈਤੋ ਦੇ ਵਾਰਡ ਨੰਬਰ-5 ਤੋਂ ਜੇਤੂ ਉਮੀਦਵਾਰ ਮਨਦੀਪ ਸ਼ਰਮਾ ਧਰਮਪਤਨੀ ਪ੍ਰਦੀਪ ਕੁਮਾਰ ‘ਦੀਪਾ ਸ਼ਰਮਾ’ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਵਾਰਡ ਵਾਸੀਆਂ ਦੇ ਅਟੁੱਟ ਵਿਸ਼ਵਾਸ, ਸਮਰਥਨ ਅਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਦੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮਨਦੀਪ ਸ਼ਰਮਾ ਨੇ ਚੋਣ ਮੁਹਿੰਮ ਦੌਰਾਨ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ, ਜਿਸ ਦਾ ਨਤੀਜਾ ਇਸ ਸ਼ਾਨਦਾਰ ਜਿੱਤ ਦੇ ਰੂਪ ਵਿਚ ਸਾਹਮਣੇ ਆਇਆ ਹੈ। ਚੇਅਰਮੈਨ ਡਾ. ਲਛਮਣ ਭਗਤੂਆਣਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਭਰਵੇਂ ਸਮਰਥਨ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਵਿਕਾਸ ਅਤੇ ਜਨਸੇਵਾ ਦੀ ਰਾਜਨੀਤੀ ਨੂੰ ਹੀ ਅੱਗੇ ਵਧਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜੇਤੂ ਉਮੀਦਵਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦੇ ਹੋਏ ਆਪਣੇ-ਆਪਣੇ ਵਾਰਡਾਂ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦੇਣਗੇ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਇਹ ਜਨਾਦੇਸ਼ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਜਨਹਿੱਤ ਦੀ ਰਾਜਨੀਤੀ ਦੀ ਜਿੱਤ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੀ ਉਤਰੇਗੀ ਅਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਵਚਨਬੱਧ ਹੈ। ਇਸ ਮੌਕੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਨਗਰ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’ ਰੋੜੀਕਪੂਰਾ, ‘ਆਪ’ ਐੱਸ.ਸੀ. ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਨਿਰਮਲ ਸਿੰਘ ਡੇਲਿਆਂਵਾਲੀ, ‘ਆਪ’ ਆਗੂ ਜਗਦੀਸ਼ ਸਿੰਘ ਜੈਤੋ ਅਤੇ ਜਸਵਿੰਦਰ ਸਿੰਘ ਬਿਸ਼ਨੰਦੀ ਨੇ ਵੀ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਲੋਕਾਂ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ।