- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ 'ਚ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦਾ ਦਾਅਵਾ ਕਰਦਿਆਂ ਭਗਵੰਤ ਮਾਨ ਸਰਕਾਰ ਖਿਲਾਫ਼ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਵਿਰੋਧੀ ਧਿਰਾਂ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।

ਹਰਪ੍ਰੀਤ ਸਿੰਘ ਚਾਨਾ, ਫਰੀਦਕੋਟ : ਨੀਟ ਪੇਪਰ ਲੀਕ ਮਾਮਲੇ 'ਚ ਕੇਂਦਰੀ ਸਿੱਖਿਆ ਮੰਤਰੀ ਖਿਲਾਫ਼ ਮੋਰਚਾ ਖੋਲ੍ਹਣ ਵਾਲੀ ਆਮ ਆਦਮੀ ਪਾਰਟੀ (ਆਪ) ਹੁਣ ਪੰਜਾਬ ਵਿੱਚ ਫਾਰਮੇਸੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਆ ਗਈ ਹੈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ 'ਚ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦਾ ਦਾਅਵਾ ਕਰਦਿਆਂ ਭਗਵੰਤ ਮਾਨ ਸਰਕਾਰ ਖਿਲਾਫ਼ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਵਿਰੋਧੀ ਧਿਰਾਂ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਵਿਵਾਦ ਦੇ ਵਿਰੋਧ 'ਚ ਅੱਜ ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਬਾਹਰ ਕਾਂਗਰਸ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ ਜਿੱਥੇ ਵੱਡੀ ਗਿਣਤੀ 'ਚ ਲੋਕ ਪਹੁੰਚੇ। ਇਸ ਪ੍ਰਦਰਸ਼ਨ 'ਚ ਕਾਂਗਰਸ ਦੀ ਮੋਹਰੀ ਲੀਡਰਸ਼ਿਪ ਪਹੁੰਚੀ, ਜਿਨ੍ਹਾਂ ਨੇ ਸਰਕਾਰ ਖਿਲਾਫ਼ ਤਿੱਖੇ ਹਮਲੇ ਬੋਲੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੁਸ਼ਲਦੀਪ ਸਿੰਘ ਢਿੱਲੋ, ਅਜੇਪਾਲ ਸੰਧੂ, ਗੁਰਜੀਤ ਰਾਣਾ, ਰਵਿੰਦਰ ਆਮਲਾ ਤੇ ਹੋਰ ਵੱਡੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ 'ਚ ਪੇਪਰ ਲੀਕ 'ਤੇ ਨੈਤਿਕਤਾ ਦਾ ਪਾਠ ਪੜ੍ਹਾਉਂਦੀ ਸੀ, ਪਰ ਪੰਜਾਬ 'ਚ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਜਦੋਂ ਤਕ ਸਿੱਖਿਆ ਮੰਤਰੀ ਦਾ ਅਸਤੀਫ਼ਾ ਨਹੀਂ ਹੁੰਦਾ ਅਤੇ ਇਹ ਪ੍ਰੀਖਿਆ ਰੱਦ ਕਰਕੇ ਦੁਬਾਰਾ ਨਹੀਂ ਕਰਵਾਈ ਜਾਂਦੀ, ਅਸੀਂ ਚੁੱਪ ਨਹੀਂ ਬੈਠਾਂਗੇ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸ਼ਬਦਾਂ ਦੀ ਜਾਦੂਗਰੀ ਨਾਲ 'ਪੇਪਰ ਲੀਕ' ਨੂੰ 'ਨਕਲ' ਦੱਸ ਕੇ ਆਪਣੀ ਨਾਕਾਮੀ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਜ਼ਾਰਾਂ ਮਿਹਨਤੀ ਪ੍ਰੀਖਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਿਆ ਹੋਇਆ ਹੈ। ਸਰਕਾਰ ਵੱਡੇ ਅਫ਼ਸਰਾਂ ਅਤੇ ਦੋਸ਼ੀਆਂ ਨੂੰ ਬਚਾਉਣਾ ਬੰਦ ਕਰੇ। ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੰਸਥਾਵਾਂ ਵਿੱਚ ਪਾਰਦਰਸ਼ਤਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਲੱਖਾਂ ਰੁਪਏ ਲੈ ਕੇ ਪੇਪਰ ਵੇਚਣ ਅਤੇ ਨਕਲ ਕਰਵਾਉਣ ਵਾਲੇ ਗਿਰੋਹ ਸਰਕਾਰ ਦੀ ਨੱਕ ਹੇਠ ਚੱਲ ਰਹੇ ਹਨ। ਅਸੀਂ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ ਤੋਂ ਲੈ ਕੇ ਸੰਸਦ ਤਕ ਲੜਾਈ ਲੜਾਂਗੇ।"
ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਕੱਲ੍ਹ ਹੀ ਕਿਹਾ ਸੀ ਕਿ 'ਅਸੀਂ ਨੌਜਵਾਨਾਂ ਨਾਲ ਹੋਏ ਇਸ ਧੋਖੇ ਖਿਲਾਫ਼ ਸਰਕਾਰ ਦੀ ਨਾਸੀ ਧੂੰਆਂ ਕੱਢ ਦੇਵਾਂਗੇ।'