- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਿਲਾ ਮੁਲਾਜ਼ਮਾਂ ਨੂੰ ਘਰ ਦੇ ਨੇੜੇ ਪੋਸਟਿੰਗ ਦੇਣ ਦਾ ਫ਼ੈਸਲਾ ਸ਼ਲਾਘਾਯੋਗ : ਡਾ. ਲਛਮਣ ਭਗਤੂਆਣਾ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਪੰਜਾਬ ਸਰਕਾਰ ਵੱਲੋਂ ਮਹਿਲਾ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਲਏ ਗਏ ਇਤਿਹਾਸਕ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਇਸ ਲੋਕ-ਹਿਤੈਸ਼ੀ ਅਤੇ ਮਹਿਲਾ ਪੱਖੀ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਮਹਿਲਾ ਸਸ਼ਕਤੀਕਰਨ ਅਤੇ ਮੁਲਾਜ਼ਮ ਭਲਾਈ ਪ੍ਰਤੀ ਸਰਕਾਰ ਦੀ ਗੰਭੀਰ ਵਚਨਬੱਧਤਾ ਨੂੰ ਦਰਸਾਉਂਦਾ ਹੈ। ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੁੱਪ-ਬੀ, ਸੀ ਅਤੇ ਡੀ ਦੀਆਂ ਮਹਿਲਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜੱਦੀ ਜਾਂ ਸਹੁਰੇ ਘਰ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਘੇਰੇ ਅੰਦਰ ਤਾਇਨਾਤ ਕਰਨ ਦਾ ਫ਼ੈਸਲਾ ਹਜ਼ਾਰਾਂ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਨਾ ਸਿਰਫ਼ ਮਹਿਲਾਵਾਂ ਦੀਆਂ ਦਿੱਕਤਾਂ ਨੂੰ ਘਟਾਏਗਾ, ਸਗੋਂ ਉਨ੍ਹਾਂ ਦੀ ਕਾਰਜਕੁਸ਼ਲਤਾ ਅਤੇ ਮਨੋਬਲ ਵਿੱਚ ਵੀ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਮਹਿਲਾਵਾਂ ਪਰਿਵਾਰ ਅਤੇ ਨੌਕਰੀ ਦੋਵਾਂ ਖੇਤਰਾਂ ਵਿੱਚ ਬਰਾਬਰ ਦੀ ਜ਼ਿੰਮੇਵਾਰੀ ਨਿਭਾ ਰਹੀਆਂ ਹਨ। ਘਰ ਤੋਂ ਦੂਰ ਤਾਇਨਾਤੀ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਲੰਬੇ ਸਫ਼ਰ, ਸਮੇਂ ਦੀ ਬਰਬਾਦੀ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਸਰਕਾਰ ਦਾ ਇਹ ਫ਼ੈਸਲਾ ਉਨ੍ਹਾਂ ਨੂੰ ਆਪਣੇ ਬੱਚਿਆਂ, ਪਰਿਵਾਰ ਅਤੇ ਨੌਕਰੀ ਵਿਚਕਾਰ ਬਿਹਤਰ ਸੰਤੁਲਨ ਬਣਾਉਣ ਵਿੱਚ ਮਦਦ ਕਰੇਗਾ। ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਦੀ ਰੱਖਿਆ ਲਈ ਲਗਾਤਾਰ ਲੋਕ-ਪੱਖੀ ਫ਼ੈਸਲੇ ਲੈ ਰਹੀ ਹੈ। ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਈ ਅਜਿਹੇ ਫ਼ੈਸਲੇ ਕੀਤੇ ਹਨ, ਜਿਨ੍ਹਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲਿਆ ਹੈ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਵਿੱਚ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਸਿਰਫ਼ ਇੱਕ ਤਬਾਦਲਾ ਨੀਤੀ ਨਹੀਂ, ਸਗੋਂ ਮਹਿਲਾਵਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੀਆਂ ਸਮਾਜਿਕ ਜ਼ਿੰਮੇਵਾਰੀਆਂ ਦਾ ਸਨਮਾਨ ਵੀ ਹੈ। ਇਸ ਨਾਲ ਮਹਿਲਾ ਮੁਲਾਜ਼ਮਾਂ ਨੂੰ ਸੁਰੱਖਿਅਤ ਅਤੇ ਸੁਖਾਵਾਂ ਕਾਰਜ ਮਾਹੌਲ ਮਿਲੇਗਾ ਅਤੇ ਉਹ ਹੋਰ ਵੱਧ ਸਮਰਪਣ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣਗੀਆਂ। ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਪੰਜਾਬ ਦੀਆਂ ਹਜ਼ਾਰਾਂ ਮਹਿਲਾ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰ ਇਸ ਇਤਿਹਾਸਕ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਰਹਿਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਇਸੇ ਤਰ੍ਹਾਂ ਲੋਕ ਭਲਾਈ ਅਤੇ ਮੁਲਾਜ਼ਮ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਅਹਿਮ ਫ਼ੈਸਲੇ ਲੈਂਦੀ ਰਹੇਗੀ।