- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੈਤੋ ਹਲਕਾ ਲਈ ਪ੍ਰਕਾਸ਼ ਸਿੰਘ ਭੱਟੀ ਮਜ਼ਬੂਤ ਉਮੀਦਵਾਰ, ਹਾਈ ਕਮਾਂਡ ਜਲਦ ਲਵੇ ਫ਼ੈਸਲਾ : ਕਾਂਗਰਸੀ ਆਗੂ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਜ਼ਿਲ੍ਹਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਜੈਤੋ ਵਿੱਚ ਕਾਂਗਰਸ ਪਾਰਟੀ ਦੀ ਸੰਗਠਨਕ ਮਜ਼ਬੂਤੀ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਕਾਸ਼ ਸਿੰਘ ਭੱਟੀ ਨੂੰ ਹਲਕਾ ਜੈਤੋ ਦਾ ਇੰਚਾਰਜ ਐਲਾਨਣ ਸਬੰਧੀ ਜਲਦ ਫ਼ੈਸਲਾ ਲਿਆ ਜਾਵੇ। ਇਹ ਅਪੀਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਤੇ ਪਿੰਡ ਕਰੀਰਵਾਲੀ ਦੇ ਸਾਬਕਾ ਸਰਪੰਚ ਮਿਹਰ ਸਿੰਘ, ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਤੇ ਪਿੰਡ ਮੜ੍ਹਾਕ ਦੇ ਸਾਬਕਾ ਸਰਪੰਚ ਸਿਕੰਦਰ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਤੇ ਕੋਠੇ ਹਵਾਨਾ ਦੇ ਸਾਬਕਾ ਸਰਪੰਚ ਸੁਖਜੀਤ ਸਿੰਘ ਧਾਲੀਵਾਲ ਅਤੇ ਨਗਰ ਕੌਂਸਲਰ ਜੈਤੋ ਦਿਲਬਾਗ ਸ਼ਰਮਾ ‘ਬਾਗੀ’ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਭੱਟੀ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਤਜਰਬੇਕਾਰ, ਸੂਝਵਾਨ ਅਤੇ ਲੋਕਾਂ ਨਾਲ ਡੂੰਘਾ ਰਾਬਤਾ ਰੱਖਣ ਵਾਲੇ ਆਗੂ ਹਨ। ਉਨ੍ਹਾਂ ਨੇ ਆਪਣੇ ਰਾਜਨੀਤਿਕ ਜੀਵਨ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਹੈ ਅਤੇ ਪਾਰਟੀ ਦੀ ਮਜ਼ਬੂਤੀ ਲਈ ਨਿਰੰਤਰ ਕੰਮ ਕੀਤਾ ਹੈ। ਉਨ੍ਹਾਂ ਦਾ ਵਿਸ਼ਾਲ ਜਨ-ਅਧਾਰ ਅਤੇ ਸੰਗਠਨਕ ਤਜਰਬਾ ਹਲਕਾ ਜੈਤੋ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਭੱਟੀ ਸਾਲ 2012 ਤੋਂ 2017 ਤੱਕ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ। ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕਈ ਵਿਕਾਸ ਕਾਰਜ ਉਨ੍ਹਾਂ ਦੀ ਪਹਿਲਕਦਮੀ ਨਾਲ ਕਰਵਾਏ ਗਏ, ਜਿਨ੍ਹਾਂ ਦਾ ਲਾਭ ਹਲਕੇ ਦੇ ਲੋਕਾਂ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਭੱਟੀ ਦੀ ਪਛਾਣ ਹਮੇਸ਼ਾ ਲੋਕਾਂ ਨਾਲ ਜੁੜੇ, ਸਾਦਗੀਪਸੰਦ ਅਤੇ ਵਿਕਾਸਮੁਖੀ ਆਗੂ ਵਜੋਂ ਰਹੀ ਹੈ। ਉਨ੍ਹਾਂ ਨੇ ਆਪਣੇ ਰਾਜਨੀਤਿਕ ਜੀਵਨ ਦੌਰਾਨ ਆਪਸੀ ਵਿਵਾਦਾਂ ਅਤੇ ਜਨਤਕ ਮਸਲਿਆਂ ਨੂੰ ਟਕਰਾਅ ਦੀ ਬਜਾਏ ਗੱਲਬਾਤ, ਸਹਿਮਤੀ ਅਤੇ ਸਮਝਦਾਰੀ ਨਾਲ ਹੱਲ ਕਰਨ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦਾ ਤਜਰਬਾ ਅਤੇ ਲੋਕਾਂ ਨਾਲ ਮਜ਼ਬੂਤ ਸੰਪਰਕ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਾਂਗਰਸ ਪਾਰਟੀ ਲਈ ਸੰਗਠਨਕ ਏਕਤਾ, ਤਜਰਬੇਕਾਰ ਲੀਡਰਸ਼ਿਪ ਅਤੇ ਵਰਕਰਾਂ ਦਾ ਮਨੋਬਲ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਜੇਕਰ ਪ੍ਰਕਾਸ਼ ਸਿੰਘ ਭੱਟੀ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ ਤਾਂ ਇਸ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਵੇਗਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਹਲਕਾ ਜੈਤੋ ਦੇ ਕਈ ਕਾਂਗਰਸੀ ਆਗੂ, ਵਰਕਰ ਅਤੇ ਸਮਰਥਕ ਵੀ ਪ੍ਰਕਾਸ਼ ਸਿੰਘ ਭੱਟੀ ਦੀ ਅਗਵਾਈ ਵਿੱਚ ਪਾਰਟੀ ਨੂੰ ਅੱਗੇ ਵਧਦਾ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ। ਉਨ੍ਹਾਂ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸ਼੍ਰੀਮਤੀ ਸੋਨੀਆ ਗਾਂਧੀ, ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ਼੍ਰੀ ਰਾਹੁਲ ਗਾਂਧੀ, ਕਾਂਗਰਸ ਦੀ ਕੌਮੀ ਜਨਰਲ ਸਕੱਤਰ ਸ਼੍ਰੀਮਤੀ ਪ੍ਰਿਯੰਕਾ ਗਾਂਧੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ‘ਰਾਜਾ ਵੜਿੰਗ’ ਨੂੰ ਅਪੀਲ ਕਰਦਿਆਂ ਕਿਹਾ ਕਿ ਹਲਕਾ ਜੈਤੋ ਦੇ ਰਾਜਨੀਤਿਕ ਹਾਲਾਤ ਅਤੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਬੰਧੀ ਜਲਦ ਫ਼ੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਲਿਆ ਗਿਆ ਫ਼ੈਸਲਾ ਨਾ ਸਿਰਫ਼ ਵਰਕਰਾਂ ਦੇ ਮਨੋਬਲ ਨੂੰ ਵਧਾਏਗਾ, ਸਗੋਂ ਹਲਕਾ ਜੈਤੋ ਵਿੱਚ ਕਾਂਗਰਸ ਪਾਰਟੀ ਦੀ ਸੰਗਠਨਕ ਤਾਕਤ ਨੂੰ ਵੀ ਨਵੀਂ ਦਿਸ਼ਾ ਅਤੇ ਗਤੀ ਪ੍ਰਦਾਨ ਕਰੇਗਾ।