- ਨੋਡਲ ਅਧਿਕਾਰੀਆਂ, ਪੁਲਿਸ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਰੱਖੀ ਜਾ ਰਹੀ ਹੈ ਵਿਸੇਸ਼ ਨਜ਼ਰ : ਡੀਸੀ

- ਸਹੀ ਫਾਰਮੈਟ ਵਿਚ ਕੱਲ ਸਵੇਰੇ 11 ਵਜੇ ਤਕ ਰਿਪੋਰਟ ਪੇਸ਼ ਕਰਨ ਪਟਵਾਰੀ

- ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਨੋਡਲ ਅਫਸਰਾਂ ਨਾਲ ਰੀਵਿਊ ਮੀਟਿੰਗ

ਹਰਪ੍ਰੀਤ ਸਿੰਘ ਚਾਨਾ, ਫਰੀਦਕੋਟ : ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈਏਐੱਸ ਵੱਲੋਂ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਪਰਾਲੀ ਸਾੜਨ ਵਿਰੁੱਧ ਸਖ਼ਤ ਹਦਾਇਤਾਂ ਨੂੰ ਲਾਗੂ ਕਰਨ ਲਈ ਕੱਲ੍ਹ ਜ਼ਿਲੇ੍ਹ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਗਏ ਆਦੇਸ਼ਾ ਉਪਰੰਤ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਵੇਰੇ 11 ਵਜੇ ਤਕ ਸਹੀ ਫਾਰਮੈਟ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੀਆਂ ਸਾਈਟਾਂ ਸਬੰਧੀ 1 ਪ੍ਰਤੀਸ਼ਤ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਮਾਨਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟਿ੍ਰਬਿਊਨਲ ਦੇ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਤੰਗ ਪਰੇਸ਼ਾਨ ਕਰਨਾ ਨਹੀਂ ਹੈ ਸਗੋਂ ਪਰਾਲੀ ਨੂੰ ਅੱਗ ਲਾਉਣ ਨਾਲ ਫੈਲਣ ਵਾਲਾ ਪ੍ਰਦੂਸ਼ਣ ਮਨੁੱਖਤਾ, ਜੀਵ ਜੰਤੂਆਂ ਤੇ ਸਮੁੱਚੇ ਵਾਤਾਵਰਨ ਲਈ ਘਾਤਕ ਹੈ। ਇਸ ਇਸ ਮਨੁੱਖਤਾ ਅਤੇ ਵਾਤਾਵਰਨ ਵਿਰੋਧੀ ਵਰਤਾਰੇ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ ਬਲਕਿ ਉਹ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸ ਨੂੰ ਜ਼ਮੀਨ ਵਿਚ ਹੀ ਦਬਾਉਣ। ਇਸ ਨਾਲ ਜਿੱਥੇ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਵਾਤਾਵਰਨ ਦੀ ਸੰਭਾਲ ਵਿਚ ਵੀ ਮਦਦ ਮਿਲੇਗੀ। ਉੁਨ੍ਹਾਂ ਕਿਹਾ ਕਿ ਅਸੀਂ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਹੋਇਆ ਸਾਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਸਾਡੇ ਬੱਚੇ ਦੇਸ਼ ਦਾ ਆਉਣ ਵਾਲਾ ਭਵਿੱਖ ਹਨ ਅਤੇ ਜੇਕਰ ਅਸੀਂ ਉਨ੍ਹਾਂ ਨੂੰ ਸਹੀ ਵਾਤਾਵਰਣ ਨਾ ਦੇ ਸਕੇ ਤਾਂ ਉਹ ਇਸ ਲਈ ਸਾਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਇਸ ਲਈ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਇਹ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਜਮੀਨ ਵਿਚ ਦਬਾਉਣ ਲਈ ਅਧੁਨਿਕ ਮਸ਼ੀਨਰੀ ਲਈ ਜ਼ਿਲ੍ਹੇ ਵਿਚਲੇ ਕਸਟਮ ਹਾਈਰਿੰਗ ਸੈਂਟਰਾਂ ਜਾਂ ਖੇਤੀ ਮਸ਼ੀਨਰੀ ਦੀ ਸੂਚੀ ਅਤੇ ਸੰਪਰਕ ਨੰਬਰਾ ਲਈ ਜ਼ਿਲ੍ਹਾ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੀਟਿੰਗ ਵਿਚ ਜ਼ਿਲ੍ਹਾ ਮਾਲ ਅਫ਼ਸਰ ਅਵਤਾਰ ਸਿੰਘ, ਤਹਿਸੀਲਦਾਰ ਫ਼ਰੀਦਕੋਟ ਪਰਮਜੀਤ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਬਲਜੀਤ ਕੌਰ, ਤਹਿਸੀਲਦਾਰ ਜੈਤੋ ਮੈਡਮ ਲਵਪ੍ਰੀਤ ਕੌਰ, ਸਹਾਇਕ ਰਜਿਸਟਰਾਰ ਸਹਿਕਾਰ ਸਭਾਵਾਂ ਸੁਖਦੀਪ ਸਿੰਘ ਬਰਾੜ, ਸਮੂਹ ਬਲਾਕ ਪ੍ਰੋਜੈਕਟ ਡਾਇਰੈਕਟਰ ਆਤਮਾ ਅਮਨਦੀਪ ਕੇਸ਼ਵ, ਸਮੂਹ ਨਾਇਬ ਤਹਿਸੀਲਦਾਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਦਾ ਸਾਰੇ ਪਟਵਾਰੀ ਹਾਜ਼ਰ ਸਨ।

07ਐਫ਼ਡੀਕੇ101:-ਮੀਟਿੰਗ ਦੌਰਾਨ ਵੱਖ-ਵੱਖ ਅਧਿਕਾਰੀਆਂ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ।