ਗਊਧਨ ਦੀ ਸੰਭਾਲ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਗਊਧਨ ਦੀ ਸੁਰੱਖਿਆ ਅਤੇ ਸੰਭਾਲ ਲਈ ਹਰ ਪੱਧਰ 'ਤੇ ਤਾਲਮੇਲ ਨਾਲ ਹੋਵੇ ਕੰਮ : ਕੀਮਤੀ ਭਗਤ
Publish Date: Fri, 10 Jul 2026 05:14 PM (IST)
Updated Date: Fri, 10 Jul 2026 05:15 PM (IST)
ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ : ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਗਊਸ਼ਾਲਾਵਾਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ ਕਰਕੇ ਲਾਵਾਰਿਸ ਗਊਧਨ ਦੀ ਸਾਂਭ-ਸੰਭਾਲ, ਗਊਸ਼ਾਲਾਵਾਂ ਦੇ ਪ੍ਰਬੰਧਾਂ ਅਤੇ ਗਊਧਨ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਉਪਰੰਤ ਉਨ੍ਹਾਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦਾ ਦੌਰਾ ਕਰਕੇ ਗਊਆਂ ਦੀ ਦੇਖਭਾਲ, ਚਾਰੇ, ਸਿਹਤ ਸੇਵਾਵਾਂ ਅਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ।ਮੀਟਿੰਗ ਦੌਰਾਨ ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਧਨ ਦੀ ਸੁਰੱਖਿਆ ਅਤੇ ਭਲਾਈ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਤੇ ਘੁੰਮਦੇ ਲਾਵਾਰਿਸ ਗਊਧਨ ਨੂੰ ਸਮੇਂ ਸਿਰ ਸਰਕਾਰੀ ਜਾਂ ਰਜਿਸਟਰਡ ਗਊਸ਼ਾਲਾਵਾਂ ਵਿੱਚ ਪਹੁੰਚਾਉਣਾ ਸਾਰੇ ਸਬੰਧਤ ਵਿਭਾਗਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਆਪਸੀ ਤਾਲਮੇਲ ਨਾਲ ਕਾਰਵਾਈ ਕਰਨ ਲਈ ਕਿਹਾ।ਉਪ ਚੇਅਰਮੈਨ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊਸ਼ਾਲਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨਗਰ ਕੌਂਸਲ ਅਤੇ ਹੋਰ ਸਥਾਨਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਲਾਵਾਰਿਸ ਗਊਧਨ ਨੂੰ ਜਲਦ ਤੋਂ ਜਲਦ ਗਊਸ਼ਾਲਾਵਾਂ ਵਿੱਚ ਭੇਜਣ ਦੀ ਕਾਰਵਾਈ ਨੂੰ ਮੁਹਿੰਮ ਵਜੋਂ ਚਲਾਇਆ ਜਾਵੇ। ਇਸ ਮੌਕੇ ਗਊ ਸੈੱਸ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਗਈ ਅਤੇ ਗਊ ਪ੍ਰੋਟੈਕਸ਼ਨ ਸੈੱਲ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਰਜਸ਼ੀਲ ਬਣਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਹੋਇਆ। ਉਨ੍ਹਾਂ ਦੱਸਿਆ ਕਿ ਗਊਸ਼ਾਲਾ/ਗਊਧਨ ਦੀ ਭਲਾਈ ਨਗਰ ਕੌਂਸਲ ਵੱਲੋਂ ਗਊਸ਼ੈਂਸ ਦਾ 30 ਲੱਖ ਰੁਪਏ ਜਲਦੀ ਦਿੱਤਾ ਜਾਵੇਗਾ। ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਸ. ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਗਊਧਨ ਦੀ ਸੰਭਾਲ ਲਈ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਵਿਭਾਗਾਂ ਨਾਲ ਤਾਲਮੇਲ ਕਰਕੇ ਗਊਸ਼ਾਲਾਵਾਂ ਦੇ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ ਅਤੇ ਸੜਕਾਂ ਤੇ ਘੁੰਮਦੇ ਲਾਵਾਰਿਸ ਗਊਧਨ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ ਨੇ ਉਪ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਗਊਸ਼ਾਲਾ ਵਿੱਚ ਗਊਧਨ ਦੀ ਸੰਭਾਲ ਲਈ ਹਰ ਲੋੜੀਂਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਦੁਰਗੇਸ਼ ਸ਼ਰਮਾ, ਡੀ.ਐਸ.ਪੀ. ਸਥਾਨਕ ਨਵੀਨ ਕੁਮਾਰ, ਇੰਚਾਰਜ ਜਿਲ੍ਹਾ ਟਰੈਫਿਕ ਵਕੀਲ ਸਿੰਘ, ਡਾ. ਸੁਰਜੀਤ ਸਿੰਘ ਮੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਡਾ. ਜਸਵਿੰਦਰ ਗਰਗ, ਈ.ਓ ਨਗਰ ਕੌਂਸਲ ਅੰਮ੍ਰਿਤ ਲਾਲ, ਬੀ.ਡੀ.ਪੀ.ਓ ਜੈਤੋ ਇਕਬਾਲ ਸਿੰਘ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।