ਬਿਜਲੀ ਸੋਧ ਬਿੱਲ ਪੇਸ਼ ਕਰਨ ਖ਼ਿਲਾਫ਼ ਕੀਤਾ ਮੁਜ਼ਾਹਰਾ
ਬਿਜਲੀ ਸੋਧ ਬਿੱਲ ਪੇਸ਼ ਕਰਨ ਦੇ ਵਿਰੁੱਧ ਵਿੱਚ ਪਾਵਰ ਕਾਮ ਵਿਖੇ ਰੋਸ ਪ੍ਰਦਰਸ਼ਨ
Publish Date: Tue, 10 Mar 2026 04:53 PM (IST)
Updated Date: Wed, 11 Mar 2026 04:03 AM (IST)

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਕੋਟਕਪੂਰਾ : ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਉੱਤੇ ਕੋਟਕਪੂਰਾ ਡਵੀਜ਼ਨ ਦਫ਼ਤਰ ਅੱਗੇ ਟੈਕਨੀਕਲ ਸਰਵਿਸਿਜ਼ ਯੂਨੀਅਨ , ਮਿਨਿਸਟਰੀਅਲ ਸਰਵਿਸ ਯੂਨੀਅਨ ਕਾਮਿਆਂ ਵੱਲੋਂ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ । ਇਸ ਮੌਕੇ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਡਵੀਜ਼ਨ ਖ਼ਜ਼ਾਨਚੀ ਹਰਪ੍ਰੀਤ ਸਿੰਘ ਖਾਲਸਾ , ਡਵੀਜ਼ਨ ਪ੍ਰਧਾਨ ਐੱਮ ਗੁਰਜਿੰਦਰ ਸਿੰਘ ਕੋਟਕਪੂਰਾ ਅਤੇ ਇੰਜੀਨੀਅਰ ਐਸੋ. ਦੇ ਇਕਬਾਲ ਸਿੰਘ ਰਿਜ਼ਨਲ ਸੈਕਟਰੀ ਫਰੀਦਕੋਟ ਨੇ ਦੱਸਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਨੂੰ ਲੋਕ ਸਭਾ ਵਿੱਚ ਪਾਸ ਕਰਕੇ ਸਮੁੱਚੇ ਦੇਸ਼ ਦੇ ਬਿਜਲੀ ਬੋਰਡਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ । ਜਿਸ ਨਾਲ ਬਿਜਲੀ ਸਪਲਾਈ ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ ਅਤੇ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ । ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਬਿਜਲੀ ਨੂੰ ਆਪਣੇ ਵੋਟ ਬੈਂਕ ਲਈ ਵਰਤਿਆ ਜਾਂਦਾ ਰਿਹਾ ਹੈ ਜਿਸ ਕਾਰਨ ਇਹਨਾਂ ਖੁਦਮੁਖਤਿਆਰ ਅਦਾਰਿਆਂ ਨੂੰ ਘਾਟੇ ਵਿੱਚ ਦਿਖਾ ਕੇ ਪ੍ਰਾਈਵੇਟ ਕੰਪਨੀਆਂ ਨੂੰ ਵੇਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਬਿਜਲੀ ਕਾਮੇ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ । ਜਿੱਥੇ ਕੇਂਦਰ ਦੀ ਮੋਦੀ ਸਰਕਾਰ ਬਿਜਲੀ ਬੋਰਡ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਰਹੀ ਹੈ ਉੱਥੇ ਹੀ ਪੰਜਾਬ ਸਰਕਾਰ ਬਿਜਲੀ ਬੋਰਡ ਦੀਆਂ ਜ਼ਮੀਨਾਂ ਨੂੰ ਵੇਚਣ ਲਈ ਤਰਲੋਮੱਛੀ ਹੋ ਰਹੀ ਜਿਸ ਖਿਲਾਫ਼ ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ,ਆਉਣ ਵਾਲੀ 28 ਮਾਰਚ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ । ਜੇਕਰ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਪਾਸ ਕੀਤਾ ਜਾਂਦਾ ਹੈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾ ਦਿਵਸ ਮਨਾਉਦੇ ਹੋਏ ਰੇਲਾਂ ਰੋਕੀਆਂ ਜਾਣਗੀਆਂ ਅਤੇ ਟੋਲ਼ ਪਲਾਜ਼ਿਆਂ ਨੂੰ ਫਰੀ ਕੀਤਾ ਜਾਵੇਗਾ । ਇਸ ਪ੍ਰੋਗਰਾਮ ਵਿੱਚ ਬਿਜਲੀ ਕਾਮਿਆਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ । ਇਸ ਮੌਕੇ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਉੱਤੇ ਚੰਡੀਗੜ ਵਿਖੇ ਕੀਤੇ ਜਬਰ ਦੀ ਸਖ਼ਤ ਨਿਖੇਧੀ ਕੀਤੀ ਗਈ । ਪੰਜਾਬ ਸਰਕਾਰ ਵੱਲੋਂ ਆਪਣੇ ਆਖ਼ਰੀ ਬਜਟ ਵਿੱਚ ਕੱਚੇ ਕਾਮਿਆਂ ਨੂੰ ਪੱਕਾ ਕਰਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਜਿਸ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਬਹੁਤ ਰੋਸ ਹੈ ਜਿਸ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਬਿਜਲੀ ਕਾਮਿਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ ।ਇਸ ਸਮੇਂ ਬਲਵਿੰਦਰ ਸ਼ਰਮਾ, ਮਨਜੀਤ ਸਿੰਘ, ਜਗਤਾਰ ਸਿੰਘ, ਸੁਖਵੰਤ ਸਿੰਘ, ਰਵਿੰਦਰ ਕਪੂਰ, ਮਨਪ੍ਰੀਤ ਸਿੰਘ, ਰੇਸ਼ਮ ਸਿੰਘ, ਮਨਪ੍ਰੀਤ ਸਿੰਘ, ਸਿਮਰਜੀਤ ਕੌਰ, ਮਨਪ੍ਰੀਤ ਕੌਰ, ਪਰਮਜੀਤ ਕੌਰ, ਰਮੇਸ਼ ਕੁਮਾਰ, ਸੰਜੀਵ ਸ਼ਰਮਾ, ਜਸਵੀਰ ਸਿੰਘ, ਲਵਪ੍ਰੀਤ ਸਿੰਘ, ਸੁਰਬੀਰ ਸਿੰਘ ਆਦਿ ਹਾਜ਼ਰ ਸਨ।