ਦਿੱਲੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਦਾ ਵਿਰੋਧ: ਫਰੀਦਕੋਟ ’ਚ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਪਰ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ’ਚ ਅੱਜ ਫ਼ਰੀਦਕੋਟ ਵਿਖੇ ਵੱਖ-ਵੱਖ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਡੇਮੋਕ੍ਰੇਟਿਕ ਮੁਲਾਜ਼ਮ ਫਰੰਟ ਅਤੇ ਇਕੱਠੇ ਹੋਏ ਵਿਦਿਆਰਥੀਆਂ, ਕਿਸਾਨਾਂ ਅਤੇ ਮੁਲਾਜ਼ਮਾਂ ਨੇ ਘਨੱਈਆ ਚੌਂਕ ’ਚ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
Publish Date: Fri, 24 Jul 2026 01:12 PM (IST)
Updated Date: Fri, 24 Jul 2026 01:14 PM (IST)
ਹਰਪ੍ਰੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ। ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਪਰ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ’ਚ ਅੱਜ ਫ਼ਰੀਦਕੋਟ ਵਿਖੇ ਵੱਖ-ਵੱਖ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਡੇਮੋਕ੍ਰੇਟਿਕ ਮੁਲਾਜ਼ਮ ਫਰੰਟ ਅਤੇ ਇਕੱਠੇ ਹੋਏ ਵਿਦਿਆਰਥੀਆਂ, ਕਿਸਾਨਾਂ ਅਤੇ ਮੁਲਾਜ਼ਮਾਂ ਨੇ ਘਨੱਈਆ ਚੌਂਕ ’ਚ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਹਰਵੀਰ ਕੌਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਜਿੰਦਰ ਦੀਪ ਸਿੰਘ ਵਾਲਾ, ਡੀ. ਐੱਮ. ਐੱਫ. ਦੇ ਆਗੂ ਨਵਪ੍ਰੀਤ ਸਿੰਘ, ਸੀਨੀਅਰ ਐਡਵੋਕੇਟ ਜਸਵੰਤ ਜੱਸ, ਐਡਵੋਕੇਟ ਕਰਨਦੀਪ ਸਿੰਘ, ਅਮਨ ਅਰੋੜਾ, ਰਘੁਬੀਰ, ਗੁਰਮੀਤ ਸਿੰਘ ਨੇ ਨੀਟ (NEET) ਪ੍ਰੀਖਿਆ ’ਚ ਹੋਈਆਂ ਧਾਂਦਲੀਆਂ ਅਤੇ ਪੇਪਰ ਲੀਕ ਘੋਟਾਲੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ।
ਉਨ੍ਹਾਂ ਆਖਿਆ ਕਿ ਦੇਸ਼ ਪੱਧਰੀ ਪ੍ਰੀਖਿਆਵਾਂ ’ਚ ਹੋ ਰਹੀਆਂ ਇਹ ਗੜਬੜੀਆਂ ਮਹਿਜ਼ ਇੱਕ ਪ੍ਰਸ਼ਾਸਨਿਕ ਨਾਕਾਮੀ ਨਹੀਂ ਹਨ, ਸਗੋਂ ਇਹ ਦੇਸ਼ ਦੇ ਲੱਖਾਂ ਗਰੀਬ, ਮੱਧਵਰਗੀ ਅਤੇ ਹੋਣਹਾਰ ਵਿਦਿਆਰਥੀਆਂ ਦੀ ਸਾਲਾਂ ਦੀ ਸਖ਼ਤ ਮਿਹਨਤ, ਉਮੀਦਾਂ ਅਤੇ ਭਵਿੱਖ ’ਤੇ ਸਿੱਧਾ ਡਾਕਾ ਹੈ।
ਆਗੂਆਂ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਬੀਜੇਪੀ ਅਤੇ ਆਰ.ਐੱਸ.ਐੱਸ. ਦਾ ਗੱਠਜੋੜ ਇੱਕ ਯੋਜਨਾਬੱਧ ਏਜੰਡੇ ਤਹਿਤ ਦੇਸ਼ ਦੀ ਸਿੱਖਿਆ ਪ੍ਰਣਾਲੀ ਦਾ ਭਗਵਾਂਕਰਨ, ਕੇਂਦਰੀਕਰਨ ਅਤੇ ਕਾਰਪੋਰੇਟਕਰਨ ਕਰਕੇ ਇਸ ਨੂੰ ਪੂਰੀ ਤਰ੍ਹਾਂ ਤਬਾਹ ਕਰਨ ’ਤੇ ਤੁਲਿਆ ਹੋਇਆ ਹੈ। ਇੱਕ ਪਾਸੇ ਸਰਕਾਰੀ ਵਿਦਿਅਕ ਅਦਾਰਿਆਂ ਅਤੇ ਯੂਨੀਵਰਸਿਟੀਆਂ ਨੂੰ ਬਜਟ ’ਚ ਕਟੌਤੀ ਕਰਕੇ ਅਪਾਹਜ ਬਣਾਇਆ ਜਾ ਰਿਹਾ ਹੈ ਤਾਂ ਜੋ ਆਮ ਘਰਾਂ ਦੇ ਬੱਚਿਆਂ ਤੋਂ ਉੱਚ ਸਿੱਖਿਆ ਦਾ ਹੱਕ ਖੋਹਿਆ ਜਾ ਸਕੇ।
ਦੂਜੇ ਪਾਸੇ ਧਨਕੁਬੇਰਾਂ ਅਤੇ ਨਿੱਜੀ ਕੋਚਿੰਗ ਮਾਫ਼ੀਆ ਨੂੰ ਖੁੱਲ੍ਹੀ ਛੋਟ ਦੇ ਕੇ ਸਿੱਖਿਆ ਨੂੰ ਮੰਡੀ ਦੀ ਵਸਤੂ ਬਣਾ ਦਿੱਤਾ ਗਿਆ ਹੈ। ਨੀਟ ਵਰਗੇ ਮਹਾਂ-ਘੋਟਾਲੇ ਇਸੇ ਕਾਰਪੋਰੇਟ-ਹਕੂਮਤੀ ਗੱਠਜੋੜ ਦੀ ਦੇਣ ਹਨ।
ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਕੇ ਜ਼ਖਮੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ’ਤੇ ਕਾਰਵਾਈ ਕੀਤੀ ਜਾਵੇ ਅਤੇ ਨੀਟ ਪੇਪਰ ਲੀਕ ਵਿੱਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ।
ਉਨ੍ਹਾਂ ਮੰਗ ਕੀਤੀ ਕਿ ਇਸ ਵੱਡੀ ਧਾਂਦਲੀ ਦੀ ਨੈਤਿਕ ਅਤੇ ਰਾਜਨੀਤਕ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।