- ਪੰਚਾਇਤਾਂ ਵਲੋਂ ਪੁਲਿਸ ਤੇ ਅਕਾਲੀ ਦਲ 'ਤੇ ਲਾਏ ਕਾਂਗਰਸ ਵਲੋਂ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਦੇ ਦੋਸ਼

-100 ਦੇ ਕਰੀਬ ਪੰਚਾਇਤਾਂ ਨੇ ਐੱਸਐੱਸਪੀ ਦਫ਼ਤਰ ਘੇਰਿਆ, ਐੱਸਐੱਚਓ ਦੀ ਬਦਲੀ ਤੋਂ ਬਾਅਦ ਪੈਦਾ ਹੋਇਆ ਵਿਵਾਦ

ਹਰਪ੍ਰਰੀਤ ਸਿੰਘ ਚਾਨਾ, ਫ਼ਰੀਦਕੋਟ : ਸਥਾਨਕ ਜ਼ਿਲੇ੍ਹ ਦੀਆਂ ਕਰੀਬ 100 ਪੰਚਾਇਤਾਂ ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਦਾ ਦਫ਼ਤਰ ਘੇਰ ਕੇ ਦੋਸ਼ ਲਗਾਇਆ ਗਿਆ ਕਿ ਉੱਚ ਪੁਲਿਸ ਅਧਿਕਾਰੀ ਕਥਿਤ ਤੌਰ 'ਤੇ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਹਨ। ਜਿਸ ਕਰਕੇ ਜ਼ਿਲੇ੍ਹ ਵਿੱਚ ਵੱਡੇ ਪੱਧਰ 'ਤੇ ਨਸ਼ੇ ਦੀ ਤਸਕਰੀ ਹੋ ਰਹੀ ਹੈ ਅਤੇ ਨਸ਼ਾ ਤਸਕਰੀ ਹੋਣ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਚੁੱਪ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਖੀ ਦਾ ਦਫ਼ਤਰ ਘੇਰਨ ਵਾਲੀਆਂ ਲਗਪਗ ਸਾਰੀਆਂ ਪੰਚਾਇਤਾਂ ਕਾਂਗਰਸ ਪਾਰਟੀ ਦੀਆਂ ਸਨ ਤੇ ਐੱਸਐੱਸਪੀ ਦਫ਼ਤਰ ਸਾਹਮਣੇ ਲੱਗੇ ਧਰਨੇ 'ਚ ਇਲਾਕੇ ਸੀਨੀਅਰ ਕਾਂਗਰਸੀ ਆਗੂਆਂ ਨੇ ਵੀ ਸ਼ਿਰਕਤ ਕੀਤੀ।

ਇਸ ਮੌਕੇ ਕਾਂਗਰਸੀ ਆਗੂ ਦਰਸ਼ਨ ਸਿੰਘ ਿਢੱਲਵਾਂ, ਰਾਜਵਿੰਦਰ ਸਿੰਘ ਸ਼ਿਮਰੇਵਾਲਾ, ਗੁਰਸ਼ਵਿੰਦਰ ਸਿੰਘ, ਕੁਲਵਿੰਦਰ ਸਿੰਘ ਪੱਖੀ ਕਲਾਂ, ਬਲਵੰਤ ਸਿੰਘ ਭਾਣਾ ਅਤੇ ਗੁਰਲਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਸ਼ਾ ਤਸਕਰੀ ਰੋਕਣ ਲਈ ਸਖ਼ਤਾਈ ਵਰਤੀ ਜਾ ਰਹੀ ਹੈ ਪਰ ਫਰੀਦਕੋਟ ਜਿਲ੍ਹੇ ਵਿੱਚ ਪੁਲਿਸ ਵਲੋਂ ਅਕਾਲੀ ਆਗੂਆਂ ਨਾਲ ਮਿਲੀਭੁਗਤ ਕਰਕੇ ਨਸ਼ਿਆਂ ਖਿਲਾਫ਼ ਪੰਚਾਇਤਾਂ ਵਲੋਂ ਸਹਿਯੋਗ ਦੇਣ ਦੇ ਬਾਵਜੂਦ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਮੌਕੇ ਪੰਚਾਇਤ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕਥਿੱਤ ਤੌਰ 'ਤੇ ਸੂਬੇ ਭਰ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਫਰੀਦਕੋਟ ਜ਼ਿਲ੍ਹੇ ਵਿੱਚ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਇਹ ਆਗੂ ਹਾਈਕੋਰਟ ਦਾ ਸਹਾਰਾ ਲੈ ਕੇ ਅਸਿੱਧੇ ਤੌਰ 'ਤੇ ਨਸ਼ਾ ਤਸਕਰਾਂ ਦੀ ਹਮਾਇਤ ਕਰ ਰਹੇ ਹਨ। ਸਰਪੰਚਾਂ ਨੇ ਕਿਹਾ ਕਿ ਉਹਨਾਂ ਨੇ ਕਈ ਵਾਰ ਜ਼ਿਲ੍ਹਾ ਪੁਲਿਸ ਮੁਖੀ ਨੂੰ ਜਿਲ੍ਹੇ ਦੇ ਅਜਿਹੇ ਲੋਕਾਂ ਦੀ ਸੂਚੀ ਸੌਂਪੀ ਹੈ ਜੋ ਕਥਿਤ ਤੌਰ 'ਤੇ ਨਸ਼ੇ ਦਾ ਕਾਰੋਬਾਰ ਕਰਦੇ ਹਨ। ਇਹਨਾਂ ਆਗੂਆਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਵਾਲੇ ਐੱਸ.ਐੱਚ.ਓ ਨੂੰ ਅਹੁਦੇ ਤੋਂ ਹਟਾ ਕੇ ਲਾਈਨ ਹਾਜ਼ਰ ਕਰ ਦਿੱਤਾ।

--

ਇਸ ਮੌਕੇ ਜਿਲ੍ਹਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਗੁਰਸ਼ਵਿੰਦਰ ਸਿੰਘ, ਨਿਰਮਲ ਸਿੰਘ,ਤਜਲੌਕ ਸਿੰਘ ਬਰਾੜ ਨੇ ਕਿਹਾ ਕਿ ਫਰੀਦਕੋਟ ਪੁਲਿਸ ਦੇ ਕੁਝ ਅਧਿਕਾਰੀ ਕਥਿਤ ਤੌਰ 'ਤੇ ਅਕਾਲੀ ਦਲ ਦੇ ਪ੍ਰਭਾਵ ਹੇਠ ਕੰਮ ਕਰ ਰਹੇ ਹਨ। ਉਹਨਾਂ ਇਹ ਵੀ ਦੋਸ਼ ਲਾਇਆ ਕਿ ਥਾਣਾ ਸਦਰ ਫਰੀਦਕੋਟ ਦੇ ਐੱਸ.ਐੱਚ.ਓ ਗੁਰਮੀਤ ਸਿੰਘ ਨੂੰ ਅਕਾਲੀ ਦਲ ਦੀ ਸ਼ਿਕਾਇਤ 'ਤੇ ਹੀ ਬਦਲਿਆ ਗਿਆ। ਪੰਚਾਇਤ ਦੇ ਨੁਮਾਇੰਦਿਆਂ ਨੇ ਪੁਲਿਸ ਮੁਖੀ ਖਿਲਾਫ਼ ਨਾਹਰੇਬਾਜੀ ਕਰਦਿਆਂ ਕਿਹਾ ਕਿ ਉਹ ਐੱਸ.ਟੀ.ਐਫ ਦੇ ਮੁਖੀ ਹਰਪ੍ਰਰੀਤ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਜਾ ਰਹੇ ਹਨ।

--

ਜਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਕਿਹਾ ਕਿ ਪੰਚਾਇਤਾਂ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਹੋਣ ਦੇ ਪੁਲਿਸ ਅਧਿਕਾਰੀਆਂ ਉੱਪਰ ਲਾਏ ਦੋਸ਼ ਬੇਬੁਨਿਆਦ ਹਨ। ਉਹਨਾਂ ਕਿਹਾ ਕਿ ਥਾਣਾ ਸਦਰ ਫਰੀਦਕੋਟ ਦੇ ਐੱਸਐੱਚਓ ਨੂੰ ਪ੍ਰਬੰਧਕੀ ਅਧਾਰ 'ਤੇ ਲਾਈਨ ਹਾਜ਼ਰ ਕੀਤਾ ਗਿਆ ਹੈ ਅਤੇ ਉਸ ਉੱਪਰ ਕੁਝ ਵਿਅਕਤੀਆਂ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਦੋਸ਼ ਲੱਗੇ ਸਨ ਅਤੇ ਇਸ ਸਬੰਧੀ ਹਾਈਕੋਰਟ ਦੇ ਵਰੰਟ ਅਫ਼ਸਰ ਜਸਵੰਤ ਸਿੰਘ ਨੇ ਛਾਪੇਮਾਰੀ ਵੀ ਕੀਤੀ ਸੀ।

23ਐਫਡੀਕੇ 121:- ਜ਼ਿਲ੍ਹਾ ਪੁਲਿਸ ਮੁਖੀ ਦੇ ਦਫਤਰ ਅੱਗੇ ਧਰਨੇ 'ਤੇ ਬੈਠੇ ਕਾਂਗਰਸੀ ਆਗੂ।