ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਚਿਤਾਵਨੀ ਪੱਤਰ ਦੇਣ ਦਾ ਐਲਾਨ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ 20 ਜੂਨ ਨੂੰ
Publish Date: Wed, 10 Jun 2026 05:00 PM (IST)
Updated Date: Thu, 11 Jun 2026 04:03 AM (IST)

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਕਨਵੈਨਸ਼ਨ 20 ਨੂੰ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਸੂਬਾ ਪੱਧਰੀ ਕਨਵੈਨਸ਼ਨ ਦੌਰਾਨ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਜ਼ਿਲ੍ਹਾ ਫਰੀਦਕੋਟ ਵਿੱਚ ਲਾਗੂ ਕਰਨ ਲਈ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਨਵਪ੍ਰੀਤ ਸਿੰਘ , ਨਰਿੰਦਰ ਸਿੰਘ ਟੀ ਐਸ ਯੂ, ਸਿਮਰਜੀਤ ਸਿੰਘ ਬਰਾੜ, ਸੁਖਮੰਦਰ ਸਿੰਘ ਗਿੱਲ ਪੀ ਆਰ ਟੀ ਸੀ , ਦਰਜਾ ਚਾਰ ਮੁਲਾਜ਼ਮ ਆਗੂ ਬਲਕਾਰ ਸਿੰਘ ਸਹੋਤਾ ਅਤੇ ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ ਨੇ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਸਬੰਧੀ ਧਾਰਨ ਕੀਤੇ ਗਏ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਆਗੂਆਂ ਨੇ ਬੀਤੇ ਦਿਨੀਂ ਪਟਿਆਲਾ ਵਿਖੇ ਬੇਰੁਜ਼ਗਾਰ ਲਾਈਨਮੈਨ ਮੁਲਾਜ਼ਮਾਂ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸ਼ਹਿ ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਅੰਨੇਵਾਹ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਤਸ਼ੱਦਦ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਹਨ ਅਤੇ ਸੱਤਾ ਧਿਰ ਦੇ 95 ਗੂੰਗੇ ਪਹਿਲਵਾਨਾਂ ਵਿੱਚੋਂ ਕਿਸੇ ਇੱਕ ਦੀ ਵੀ ਜ਼ਮੀਰ ਵੀ ਨਹੀਂ ਜਾਗੀ। ਆਗੂਆਂ ਨੇ ਕਿਹਾ ਕਿ ਇਹਨਾਂ ਸੁੱਤੀਆਂ ਜਮੀਰਾਂ ਵਾਲੇ ਲੋਕਾਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਤਕੜਾ ਸਬਕ ਸਿਖਾਇਆ ਜਾਵੇਗਾ। ਆਗੂਆਂ ਨੇ ਡੀ ਏ ਦੇ ਮਾਮਲੇ ਨੂੰ ਲੈਕੇ ਪੰਜਾਬ ਦੀ ਕੈਬਨਿਟ ਸਬ ਕਮੇਟੀ ਦੇ ਮੈਂਬਰਾਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾਕਟਰ ਬਲਜੀਤ ਕੌਰ ਦੇ ਹਸਤਾਖਰਾਂ ਹੇਠ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਖਲ ਕੀਤੀ ਗਈ ਰਿਪੋਰਟ ਨੇ ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮ ਅਤੇ ਪੈਨਸ਼ਨ ਵਿਰੋਧੀ ਚਿਹਰਾ ਮੋਹਰਾ ਲੋਕਾਂ ਦੀ ਕਚਹਿਰੀ ਵਿੱਚ ਬਿਲਕੁਲ ਨੰਗਾ ਕਰਕੇ ਰੱਖ ਦਿੱਤਾ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 19 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ ਠੀਕ 10 ਵਜੇ ਮੁੱਖ ਮੰਤਰੀ ਪੰਜਾਬ ਦੇ ਨਾਂ ਇੱਕ ਚਿਤਾਵਨੀ ਪੱਤਰ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਦਿੱਤਾ ਜਾਵੇਗਾ। । ਮੀਟਿੰਗ ਦੌਰਾਨ ਇਹ ਵੀ ਨਿਰਣਾ ਲਿਆ ਗਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਵੱਲੋਂ 20 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10 ਵਜੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਕਨਵੈਂਸ਼ਨ ਕੀਤੀ ਜਾਵੇਗੀ ਅਤੇ ਕਨਵੈਨਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਸਾਹਮਣੇ ਕੀਤੇ ਜਾਣ ਵਾਲੇ ਘੜੇ ਭੰਨ ਮੁਜਾਹਰਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਆਗੂ ਸੋਮ ਨਾਥ ਅਰੋੜਾ, ਜਗਤਾਰ ਸਿੰਘ ਗਿੱਲ, ਮਾਸਟਰ ਮੱਖਣ ਸਿੰਘ, ਡਾਕਟਰ ਨਵਤੇਜ ਸਿੰਘ, ਬਿਸ਼ਨ ਕੁਮਾਰ ਅਰੋੜਾ,ਪ੍ਰਦੀਪ ਸਿੰਘ ਬਰਾੜ ,ਗੁਰਿੰਦਰ ਸਿੰਘ ਮਣੀ, ਸੰਤ ਸਿੰਘ ਮੁੱਖ ਅਧਿਆਪਕ , ਇੰਦਰਜੀਤ ਸਿੰਘ ਗਿੱਲ, ਗੁਰਚਰਨ ਸਿੰਘ ਮਾਨ, ਕਰਮਜੀਤ ਸਿੰਘ ਬੇਦੀ, ਮਨਮੋਹਨ ਸਿੰਘ, ਦਰਸ਼ਨ ਸਿੰਘ ਅਤੇ ਅਜੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।