ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ : ਅਮੋਲਕ ਸਿੰਘ
ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ : ਵਿਧਾਇਕ ਅਮੋਲਕ ਸਿੰਘ
Publish Date: Fri, 20 Mar 2026 04:01 PM (IST)
Updated Date: Sat, 21 Mar 2026 04:02 AM (IST)

ਵਿਧਾਇਕ ਨੇ ਜੈਤੋ ਵਿਖੇ ਟਰੇਡਰ ਕਮਿਸ਼ਨ ਤਹਿਤ ਵਪਾਰੀਆਂ ਨਾਲ ਕੀਤੀ ਮੀਟਿੰਗ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਨਿਰੰਤਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਜੈਤੋ ਵਿਖੇ ਸਥਾਨਕ ਗੋਲ ਚੌਂਕ (ਚੌਂਕ ਨੰਬਰ ਇੱਕ) ’ਚ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ, ਪੰਜਾਬ ਟਰੇਡਰ ਕਮਿਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਚੇਅਰਮੈਨ ਨਰੇਸ਼ ਸਿੰਗਲਾ ਅਤੇ ਪੰਜਾਬ ਟਰੇਡਰ ਕਮਿਸ਼ਨ ਵਿਧਾਨ ਸਭਾ ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’ ਵੱਲੋਂ ਇਲਾਕੇ ਦੇ ਵਪਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਦੁਕਾਨਦਾਰ ਅਤੇ ਵਪਾਰੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸੁਣਨਾ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਤੇਜ਼ੀ ਮਿਲ ਸਕੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਆਰਥਿਕ ਤਰੱਕੀ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਨਰੇਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਵਾਦ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਨ੍ਹਾਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ ਤਾਂ ਜੋ ਹਰ ਵਪਾਰੀ ਦੀ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਇਸ ਮੌਕੇ ਪੰਜਾਬ ਟਰੇਡਰ ਕਮਿਸ਼ਨ ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’ ਨੇ ਕਿਹਾ ਕਿ ਟਰੇਡਰ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਸੂਬਾ ਸਰਕਾਰ ਵੱਲੋਂ ਵਪਾਰਕ ਖੇਤਰ ਵਿਚ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਅਤੇ ਆਧੁਨਿਕ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਵਪਾਰੀਆਂ ਨੇ ਆਪਣੀਆਂ ਮੁੱਖ ਸਮੱਸਿਆਵਾਂ ਜਿਵੇਂ ਕਿ ਸੜਕਾਂ ਅਤੇ ਬਿਜਲੀ ਸਹੂਲਤਾਂ ਨਾਲ ਜੁੜੀਆਂ ਰੁਕਾਵਟਾਂ, ਪਾਰਕਿੰਗ ਅਤੇ ਮਾਰਕੀਟਿੰਗ ਸਹੂਲਤਾਂ ਦੀ ਘਾਟ ਆਦਿ ਬਾਰੇ ਜਾਣੂ ਕਰਵਾਇਆ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ ਜਦਕਿ ਬਾਕੀ ਸਮੱਸਿਆਵਾਂ ਨੂੰ ਤੈਅ ਸਮੇਂ ਅੰਦਰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਅਖ਼ੀਰ ਵਿਚ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’ ਨੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਮੀਟਿੰਗ ’ਚ ਹਿੱਸਾ ਲੈਣ ਵਾਲੇ ਸਾਰੇ ਵਪਾਰੀ ਭਰਾਵਾਂ ਦਾ ਤਹਿਦਿਲੋਂ ਧੰਨਵਾਦ…ਕੀਤਾ। ਇਸ ਮੌਕੇ ਐੱਸ.ਡੀ.ਐੱਮ. ਜੈਤੋ ਵਿਕਰਮਜੀਤ ਬਾਂਸਲ, ਏਸੀਐੱਸਟੀ ਵਰੁਣ ਨਾਗਪਾਲ, ਐੱਸਟੀਓ ਸ਼ੀਨਮ ਰਾਣੀ, ਐੱਸਐੱਮਓ ਜੈਤੋ ਡਾ. ਵਰਿੰਦਰ ਕੁਮਾਰ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਉਪ ਪ੍ਰਧਾਨ ਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜੈਤੋ ਦੇ ਚੇਅਰਮੈਨ ਨਰੇਸ਼ ਜਿੰਦਲ, ਮਾਂ ਚਿੰਤਪੁਰਨੀ ਆਇਲ ਮਿਲਜ਼ (ਕੋਠੇ ਸੰਪੂਰਨ ਸਿੰਘ ਵਾਲੇ) ਬਿਸ਼ਨੰਦੀ ਰੋਡ ਜੈਤੋ ਦੇ ਮਾਲਕ ਸੱਤਪਾਲ ਜਿੰਦਲ, ਸ਼੍ਰੀ ਬਾਲਾ ਜੀ ਟ੍ਰੇਡਰਜ ਆਇਲ ਮਿਲਜ਼ ਦੇ ਮਾਲਕ ਭੀਮ ਸੈਨ ਜਿੰਦਲ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ ਜੈਤੋ, ਇੰਸਪੈਕਟਰ ਜਸਵੰਤ ਸਿੰਘ, ਇੰਸਪੈਕਟਰ ਆਕਾਸ਼ਦੀਪ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪ੍ਰਮੁੱਖ ਵਪਾਰੀ ਅਤੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।