ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਅਮੋਲਕ ਸਿੰਘ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਵਿਧਾਇਕ ਅਮੋਲਕ ਸਿੰਘ
Publish Date: Sat, 01 Aug 2026 03:51 PM (IST)
Updated Date: Sat, 01 Aug 2026 03:52 PM (IST)
ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ ਪੰਜਾਬ ਸਰਕਾਰ : ਵਿਧਾਇਕ ਗੁਰਦਿੱਤ ਸਿੰਘ ਸੇਖੋਂ ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਅਤੇ ਸਫ਼ਾਈ ਕਰਮਚਾਰੀਆਂ ਵਿਚਾਲੇ ਗੱਲਬਾਤ ਰਾਹੀਂ ਬਣੀ ਸਹਿਮਤੀ ਦਾ ਸਵਾਗਤ ਕਰਦਿਆਂ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸੰਵਾਦ, ਸਹਿਯੋਗ ਅਤੇ ਆਪਸੀ ਵਿਸ਼ਵਾਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਟਕਰਾਅ ਨਹੀਂ, ਸਗੋਂ ਗੱਲਬਾਤ ਰਾਹੀਂ ਲੋਕਾਂ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਸਥਾਈ ਅਤੇ ਸਾਰਥਕ ਹੱਲ ਯਕੀਨੀ ਬਣਾਉਣਾ ਹੈ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਇੰਜੀ. ਅਮੋਲਕ ਸਿੰਘ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰਿਆ ਹੈ। ਸਰਕਾਰ ਨੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਅਹਿਮ ਫ਼ੈਸਲੇ ਲਏ ਹਨ, ਜਿਸ ਨਾਲ ਕਰਮਚਾਰੀਆਂ ਵਿੱਚ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਪੰਜਾਬ ਸਰਕਾਰ ਨੇ ਕਰਮਚਾਰੀਆਂ ਦੇ ਮਸਲਿਆਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਹੋਵੇ। ਇਸ ਤੋਂ ਪਹਿਲਾਂ ਵੀ ਬਿਜਲੀ ਬੋਰਡ, ਮਨਰੇਗਾ, ਪੀ.ਆਰ.ਟੀ.ਸੀ. ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨਾਲ ਲਗਾਤਾਰ ਸੰਵਾਦ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਫ਼ਾਈ ਕਰਮਚਾਰੀਆਂ ਦੀਆਂ ਬਾਕੀ ਰਹਿੰਦੀਆਂ ਜਾਇਜ਼ ਮੰਗਾਂ ਨੂੰ ਵੀ ਪੜਾਅਵਾਰ ਪੂਰਾ ਕੀਤਾ ਜਾਵੇਗਾ ਅਤੇ ਕਿਸੇ ਵੀ ਕਰਮਚਾਰੀ ਨਾਲ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸਫ਼ਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਮੌਨਸੂਨ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਹਿੱਤ ਨੂੰ ਪਹਿਲ ਦੇਣ ਅਤੇ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਭਰੋਸੇ ’ਤੇ ਪੂਰੀ ਤਰ੍ਹਾਂ ਖਰੀ ਉਤਰੇਗੀ ਅਤੇ ਹਰ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਨਿਆਂਪੂਰਨ ਢੰਗ ਨਾਲ ਵਿਚਾਰੇਗੀ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਲੋਕ ਭਲਾਈ ਨੂੰ ਆਪਣੀ ਸਰਵੋਚ ਤਰਜੀਹ ਬਣਾਇਆ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੇ ਖੇਤਰ ਵਿੱਚ ਕਈ ਇਤਿਹਾਸਕ ਅਤੇ ਲੋਕ ਪੱਖੀ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕਰਨਾ, ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਰਿਕਾਰਡ ਭਰਤੀਆਂ ਕਰਨਾ, ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਪਿੰਡ ਪੱਧਰ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਵੀ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ, ਜਿੱਥੇ ਆਮ ਲੋਕਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ ਅਤੇ ਸਰਕਾਰੀ ਸਿਹਤ ਪ੍ਰਣਾਲੀ ਹੋਰ ਮਜ਼ਬੂਤ ਹੋ ਰਹੀ ਹੈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮਾਮਲੇ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰ ਰਹੀ ਹੈ। ਪੇਪਰ ਲੀਕ ਵਰਗੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕੀਤੀ ਗਈ ਹੈ ਅਤੇ ਜਾਂਚ ਨਿਰਪੱਖ ਢੰਗ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਤਰ੍ਹਾਂ ਦੀ ਬੇਨਿਯਮਤਾ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਮਾਜਿਕ ਬੁਰਾਈ ਸਿਰਫ਼ ਸਰਕਾਰ ਦੇ ਯਤਨਾਂ ਨਾਲ ਖ਼ਤਮ ਨਹੀਂ ਹੋ ਸਕਦੀ, ਸਗੋਂ ਇਸ ਲਈ ਸਮਾਜ, ਪਰਿਵਾਰਾਂ, ਸਮਾਜਿਕ ਸੰਸਥਾਵਾਂ, ਨੌਜਵਾਨਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਸਾਂਝੇ ਸਹਿਯੋਗ ਦੀ ਵੀ ਲੋੜ ਹੈ। ਦੋਵਾਂ ਵਿਧਾਇਕਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਕਰਮਚਾਰੀ ਨੂੰ ਪਰਿਵਾਰ ਦਾ ਮੈਂਬਰ ਸਮਝਦੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕ ਭਲਾਈ, ਪਾਰਦਰਸ਼ੀ ਪ੍ਰਸ਼ਾਸਨ, ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਵਿਕਾਸ ਕਾਰਜਾਂ ਨੂੰ ਉਸੇ ਤਰ੍ਹਾਂ ਤਰਜੀਹ ਦਿੰਦੀ ਰਹੇਗੀ, ਜਿਸ ਨਾਲ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਹੋਰ ਅੱਗੇ ਲਿਜਾਇਆ ਜਾ ਸਕੇ। ਇਸ ਮੌਕੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਸੁਖਜਿੰਦਰ ਸਿੰਘ ਕਾਉਣੀ, ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ, ਮਾਸਟਰ ਅਮਰਜੀਤ ਸਿੰਘ ਪਰਮਾਰ, ਬਿੱਟੂ ਸਿੰਘ ਗਿੱਲ, ਨਗਰ ਕੌਂਸਲ ਫ਼ਰੀਦਕੋਟ ਦੇ ਪ੍ਰਧਾਨ ਬਲਜਿੰਦਰ ਸਿੰਘ ਅਹੂਜਾ ਅਤੇ ਹਲਕਾ ਸੰਗਠਨ ਇੰਚਾਰਜ ਗੁਰਪ੍ਰੀਤ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।