- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਬਚਨਬੱਧ : ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਅਨਾਜ਼ ਮੰਡੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਪਿੰਡ ਕਰੀਰਵਾਲੀ ਦੀ ਦਾਣਾ ਮੰਡੀ ਦੇ ਨਵੀਨੀਕਰਨ ਦਾ ਉਦਘਾਟਨ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਪੰਜਾਬ ਮੰਡੀ ਬੋਰਡ ਵੱਲੋਂ 47 ਲੱਖ 84 ਹਜ਼ਾਰ ਰੁਪਏ ਦੀ ਲਾਗਤ ਨਾਲ ਉੱਚਾ ਕਰਕੇ ਤਿਆਰ ਕੀਤੇ ਗਏ ਪੱਕੇ ਫੜ ਅਤੇ 35/35 ਫੁੱਟ ਦੇ ਨਵੇਂ ਬਣੇ ਸਟੀਲ ਕਵਰ ਸ਼ੈੱਡ ਦਾ ਰਸਮੀ ਉਦਘਾਟਨ ਕੀਤਾ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਦਾਣਾ ਮੰਡੀ ਦਾ ਦੌਰਾ ਕਰਦਿਆਂ ਕਿਹਾ ਕਿ ਮੰਡੀਆਂ ’ਚ ਕਿਸੇ ਵੀ ਕਿਸਾਨ, ਮਜ਼ਦੂਰ ਜਾਂ ਆੜ੍ਹਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਹਰ ਇਕ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਬਚਨਬੱਧ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਲੋੜੀਦੀਆਂ ਬਿਹਤਰ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ ਬਣਨ ਤੋਂ ਪਹਿਲਾਂ ਪੰਜਾਬੀਆਂ ਵੱਲੋਂ ਦੇਖੇ ਸੁਫ਼ਨੇ ਹੁਣ ਲੋਕ-ਕੇਂਦਰਿਤ ਨੀਤੀਆਂ ਰਾਹੀਂ ਸਾਕਾਰ ਹੋ ਰਹੇ ਹਨ। ਹਾਲ ਹੀ ਵਿਚ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਕਾਰੀ ਅਤੇ ਪੈਨਲਬੱਧ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਗਾਰੰਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋ ਮਹੀਨਿਆਂ ਵਿਚ 600 ਯੂਨਿਟ ਤੱਕ ਜ਼ੀਰੋ ਬਿਜਲੀ ਬਿੱਲ ਯੋਜਨਾ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਲਗਭਗ 90 ਫ਼ੀਸਦੀ ਖਪਤਕਾਰਾਂ ਨੂੰ ਜ਼ੀਰੋ ਬਿੱਲ ਮਿਲ ਰਹੇ ਹਨ। ਇਸੇ ਤਰ੍ਹਾਂ ਕਰੀਬ 65,000 ਸਰਕਾਰੀ ਨੌਕਰੀਆਂ ਯੋਗ ਉਮੀਦਵਾਰਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਦੱਸਿਆ ਕਿ ਸਿੱਖਿਆ ਅਤੇ ਸਿਹਤ ਖੇਤਰ ਵਿਚ ਕੀਤੇ ਸੁਧਾਰਾਂ ਨਾਲ ਮਹਿੰਗੀਆਂ ਸਕੂਲ ਫੀਸਾਂ ਅਤੇ ਇਲਾਜ-ਲੈਬ ਟੈਸਟ ਦੇ ਖ਼ਰਚਿਆਂ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਜਲਦੀ ਹੀ ਪੰਜਾਬ ਦੇਸ਼ ਵਿਚ ਆਪਣਾ ਖੁੱਸਿਆ ਵੱਕਾਰ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕਰੇਗਾ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ਪਿੰਡ ਕਰੀਰਵਾਲੀ ਦੇ ਸਰਪੰਚ ਜਸਪਾਲ ਸਿੰਘ ਗੋਰਾ, ਪੰਚ ਹਰਮੇਲ ਸਿੰਘ ਬਾਠ, ਪੰਚ ਤਰਸੇਮ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਨਛੱਤਰ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਜਸਵਿੰਦਰ ਕੌਰ, ਪੰਚ ਸੁਖਜਿੰਦਰ ਕੌਰ, ਪੰਚ ਮਨਜਿੰਦਰ ਕੌਰ, ਪੰਚ ਕਿਰਨਦੀਪ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।