- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਤੁਰੰਤ ਯਕੀਨੀ ਬਣਾਏ ਅੱਠ ਘੰਟੇ ਨਿਰਵਿਘਨ ਸਪਲਾਈ ਨਹੀਂ ਤਾਂ ਸੰਘਰਸ਼ ਹੋਵੇਗਾ : ਨਛੱਤਰ ਸਿੰਘ ਜੈਤੋ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਸੂਬੇ ਵਿੱਚ ਝੋਨੇ ਦੀ ਲਵਾਈ ਆਪਣੇ ਸਿਖਰ ’ਤੇ ਹੈ, ਪਰ ਖੇਤੀਬਾੜੀ ਲਈ ਦਿੱਤੀ ਜਾਣ ਵਾਲੀ ਬਿਜਲੀ ਵਿੱਚ ਲਗਾਤਾਰ ਲੰਬੇ ਕੱਟਾਂ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਪੰਜਾਬ ਦੀ ਖੇਤੀ ਮੁੱਖ ਤੌਰ ’ਤੇ ਝੋਨੇ ਦੀ ਫ਼ਸਲ ’ਤੇ ਨਿਰਭਰ ਕਰਦੀ ਹੈ ਅਤੇ ਇਸ ਸਮੇਂ ਝੋਨੇ ਦੀ ਲਵਾਈ ਦਾ ਸਭ ਤੋਂ ਮਹੱਤਵਪੂਰਨ ਦੌਰ ਚੱਲ ਰਿਹਾ ਹੈ। ਇਸ ਸਮੇਂ ਪਾਣੀ ਦੀ ਨਿਰੰਤਰ ਉਪਲਬਧਤਾ ਬਹੁਤ ਜ਼ਰੂਰੀ ਹੁੰਦੀ ਹੈ, ਪਰ ਬਿਜਲੀ ਦੇ ਵਾਰ-ਵਾਰ ਅਤੇ ਲੰਬੇ ਕੱਟਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਕਈ ਗੁਣਾ ਵਧਾ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਕਿਸਾਨਾਂ ਨੂੰ ਮੁਸ਼ਕਿਲ ਨਾਲ ਚਾਰ ਘੰਟੇ ਹੀ ਬਿਜਲੀ ਮਿਲ ਰਹੀ ਹੈ, ਉਹ ਵੀ ਟੁੱਟਵੀਂ ਅਤੇ ਅਨਿਯਮਿਤ। ਉਨ੍ਹਾਂ ਕਿਹਾ ਕਿ ਬਿਜਲੀ ਦੇ ਇਸ ਸੰਕਟ ਕਾਰਨ ਕਿਸਾਨਾਂ ਨੂੰ ਰਾਤ-ਰਾਤ ਭਰ ਖੇਤਾਂ ਵਿੱਚ ਬੈਠ ਕੇ ਬਿਜਲੀ ਆਉਣ ਦੀ ਉਡੀਕ ਕਰਨੀ ਪੈਂਦੀ ਹੈ। ਜਦੋਂ ਵੀ ਕੁਝ ਸਮੇਂ ਲਈ ਬਿਜਲੀ ਆਉਂਦੀ ਹੈ ਤਾਂ ਕਿਸਾਨ ਤੁਰੰਤ ਮੋਟਰਾਂ ਚਲਾ ਕੇ ਖੇਤਾਂ ਨੂੰ ਪਾਣੀ ਲਗਾਉਣ ਲਈ ਮਜ਼ਬੂਰ ਹੋ ਜਾਂਦੇ ਹਨ। ਇਸ ਨਾਲ ਨਾ ਸਿਰਫ਼ ਉਨ੍ਹਾਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ ਹੈ, ਸਗੋਂ ਉਨ੍ਹਾਂ ਦੇ ਪਰਿਵਾਰਕ ਅਤੇ ਸਮਾਜਿਕ ਜੀਵਨ ’ਤੇ ਵੀ ਨਕਾਰਾਤਮਕ ਪ੍ਰਭਾਵ ਪੈ ਰਿਹਾ ਹੈ। ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਸਮੇਂ ਸਿਰ ਪਾਣੀ ਨਾ ਮਿਲਣ ਕਾਰਨ ਝੋਨੇ ਦੀ ਲਵਾਈ ਵਿੱਚ ਦੇਰੀ ਹੋ ਰਹੀ ਹੈ, ਜਿਸ ਨਾਲ ਫ਼ਸਲ ਦੀ ਪੈਦਾਵਾਰ ਪ੍ਰਭਾਵਿਤ ਹੋਣ ਦਾ ਖ਼ਤਰਾ ਵੱਧ ਰਿਹਾ ਹੈ। ਕਿਸਾਨਾਂ ਨੂੰ ਡੀਜ਼ਲ ਇੰਜਣ ਚਲਾ ਕੇ ਸਿੰਚਾਈ ਕਰਨੀ ਪੈ ਰਹੀ ਹੈ, ਜਿਸ ਨਾਲ ਖੇਤੀ ਦੀ ਲਾਗਤ ਵਿੱਚ ਵੀ ਭਾਰੀ ਵਾਧਾ ਹੋ ਰਿਹਾ ਹੈ। ਪਹਿਲਾਂ ਹੀ ਮਹਿੰਗਾਈ, ਖੇਤੀ ਲਾਗਤ ਅਤੇ ਕਰਜ਼ੇ ਦੇ ਬੋਝ ਹੇਠ ਦੱਬਿਆ ਕਿਸਾਨ ਇਸ ਵਾਧੂ ਆਰਥਿਕ ਮਾਰ ਨੂੰ ਸਹਿਣ ਦੇ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਲੋੜ ਹੈ। ਖੇਤੀ ਸੈਕਟਰ ਨੂੰ ਬਿਜਲੀ ਸਪਲਾਈ ਵਿੱਚ ਪਹਿਲ ਦਿੱਤੀ ਜਾਵੇ ਅਤੇ ਐਲਾਨ ਮੁਤਾਬਕ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਝੋਨੇ ਦੀ ਲਵਾਈ ਦਾ ਕੰਮ ਸਮੇਂ ਸਿਰ ਅਤੇ ਬਿਨਾਂ ਰੁਕਾਵਟ ਦੇ ਪੂਰਾ ਹੋ ਸਕੇ। ਨਛੱਤਰ ਸਿੰਘ ਜੈਤੋ ਨੇ ਸਰਕਾਰ ਨੂੰ ਸਖ਼ਤ ਲਹਿਜ਼ੇ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਗਿਆ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਸੰਯੁਕਤ ਕਿਸਾਨ ਮੋਰਚੇ ਨਾਲ ਮਿਲ ਕੇ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜ਼ਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਹੋਵੇਗੀ। ਅੰਤ ਵਿੱਚ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਖੇਤੀ ਲਈ ਨਿਰਧਾਰਤ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਝੋਨੇ ਦੀ ਲਵਾਈ ਸਮੇਂ ਸਿਰ ਮੁਕੰਮਲ ਹੋ ਸਕੇ ਅਤੇ ਕਿਸਾਨਾਂ ਨੂੰ ਹੋਰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।