ਰਾਜਪਾਲ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ
Publish Date: Mon, 15 Jun 2026 04:10 PM (IST)
Updated Date: Tue, 16 Jun 2026 04:00 AM (IST)

ਹੁਨਰਮੰਦ ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਵੱਧ ਮੌਕੇ : ਕਟਾਰੀਆ ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਨੋਜਵਾਨਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲਦੀ, ਉਨ੍ਹਾਂ ਲਈ ਇਹ ਸਕਿੱਲ ਸੈਂਟਰ ਵਰਦਾਨ ਸਾਬਤ ਹੋਵੇਗਾ, ਕਿਉਂਕਿ ਇਸ ਤੋਂ ਵੱਖ ਵੱਖ ਤਰ੍ਹਾਂ ਦੇ ਸਕਿੱਲ ਦੀ ਟਰੇਨਿੰਗ ਲੈ ਕੇ ਨੌਜਵਾਨ ਆਪਣਾ ਰੁਜ਼ਗਾਰ ਖੁਦ ਸ਼ੁਰੂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਰੁਜਗਾਰੀ ਨੂੰ ਘਟਾਉਣ ਅਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਸ ਤਰ੍ਹਾਂ ਦੇ ਸਕਿੱਲ ਸੈਂਟਰ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਰਾਹੀਂ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਸਥਾਨਕ ਸੱਭਿਆਚਾਰਕ ਕੇਂਦਰ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸਨ ਫਾਊਂਡੇਸ਼ਨ ਵੱਲੋਂ ਸਿੱਖਿਆ, ਹੁਨਰ ਵਿਕਾਸ ਅਤੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਪੱਤਰਕਾਰਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਗਵਰਨਰ ਕਟਾਰੀਆ ਨੇ ਦੱਸਿਆ ਕਿ ਨਸ਼ਿਆਂ ਨੂੰ ਲੈ ਕੇ ਸਰਕਾਰ ਵੱਲੋਂ ਕਾਨੂੰਨ ਨੂੰ ਸਖਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨਾਲੋਂ ਬਹੁਤ ਹੱਦ ਤੱਕ ਨਸ਼ੇ ਤੇ ਰੋਕਥਾਮ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਰੋਕਣ ਲਈ ਜਨ ਅੰਦੋਲਨ ਬਣਾਇਆ ਗਿਆ ਹੈ, ਇਸ ਨਾਲ ਥਾਂ ਤੇ ਥਾਂ ਤੇ ਵਿਕਣ ਵਾਲੇ ਨਸ਼ਿਆਂ ਤੇ ਰੋਕ ਲੱਗੀ ਹੈ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਲਦ ਹੀ ਇਸ ਤੇ ਵੀ ਕਾਬੂ ਪਾ ਲਿਆ ਜਾਵੇਗਾ। ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਾਹਨੀ ਨੇ ਦੱਸਿਆ ਕਿ ਸਨ ਫਾਊਂਡੇਸ਼ਨ ਵੱਲੋਂ ਪੰਜਾਬ ਵਿੱਚ ਸਥਾਪਿਤ ਕੀਤਾ ਗਿਆ ਇਹ ਪੰਜਵਾਂ ਸਕਿੱਲ ਡਿਵੈਲਪਮੈਂਟ ਸੈਂਟਰ ਹੈ, ਜੋ ਹਰ ਸਾਲ ਲਗਭਗ 1,000 ਨੌਜਵਾਨਾਂ ਨੂੰ ਮੁਫ਼ਤ ਹੁਨਰ ਸਿਖਲਾਈ ਅਤੇ ਰੁਜ਼ਗਾਰ ਸਹਾਇਤਾ ਪ੍ਰਦਾਨ ਕਰੇਗਾ। ਇਹ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਫਰੀਦਕੋਟ ਦੇ ਨੌਜਵਾਨਾਂ ਨੂੰ ਸਮਰਪਿਤ ਹੈ। ਇਸ ਉਪਰੰਤ ਗਵਰਨਰ ਗੁਲਾਬ ਚੰਦ ਕਟਾਰੀਆ ਟਿੱਲਾ ਬਾਬਾ ਫਰੀਦ ਵਿਖੇ ਵੀ ਨਤਮਸਤਕ ਹੋਏ। ਇਸ ਮੌਕੇ ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਐਸ.ਪੀ. ਸ. ਗੁਰਬੰਸ ਸਿੰਘ ਬੈਂਸ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਤੋਂ ਪਹਿਲਾਂ ਫਰੀਦਕੋਟ ਵਿਖੇ ਪਹਿਲੀ ਵਾਰ ਆਉਣ ਤੇ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।