- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਸਿਹਤ ਯੋਜਨਾ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਪੇਸ਼ ਕੀਤੀ ਮਿਸਾਲ : ਵਿਧਾਇਕ ਅਮੋਲਕ ਸਿੰਘ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਇੰਜੀਨੀਅਰ ਅਮੋਲਕ ਸਿੰਘ ਨੇ ਇੱਥੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 22 ਜਨਵਰੀ ਨੂੰ ਮੁਹਾਲੀ ਵਿਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਉਹ ਮਹਿੰਗੇ ਨਿੱਜੀ ਹਸਪਤਾਲ ਵੀ ਆਮ ਲੋਕਾਂ ਦੀ ਪਹੁੰਚ ਵਿੱਚ ਆ ਗਏ ਹਨ, ਜਿੱਥੇ ਹੁਣ ਤੱਕ ਸਿਰਫ਼ ਅਮੀਰ ਵਰਗ ਹੀ ਇਲਾਜ ਕਰਵਾ ਸਕਦਾ ਸੀ। ਹੁਣ ਗ਼ਰੀਬ ਕਿਸਾਨ, ਮਜ਼ਦੂਰ, ਗਲੀ-ਮੁਹੱਲੇ ਵਾਲੇ ਅਤੇ ਰਿਕਸ਼ਾ ਚਾਲਕ ਵੀ ਬਿਨਾਂ ਕਿਸੇ ਵਿੱਤੀ ਚਿੰਤਾ ਦੇ ਦੇਸ਼ ਦੇ ਸਭ ਤੋਂ ਵਧੀਆ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੇਵਾਵਾਂ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਾਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀ ਗਈ ਸਿਹਤ ਗਾਰੰਟੀ ਦੇ ਤਹਿਤ ਹੁਣ ਹਰ ਨਾਗਰਿਕ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੱਗਭਗ 1,000 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਹਨ, ਜਦ ਕਿ ਪਿਛਲੇ 75 ਸਾਲਾਂ ਵਿੱਚ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਹੀ ਖੋਲ੍ਹੇ ਗਏ ਸਨ। ਇਸ ਤੋਂ ਇਲਾਵਾ 500 ਹੋਰ ਕਲੀਨਿਕ ਨਿਰਮਾਣ ਅਧੀਨ ਹਨ ਅਤੇ ਆਉਣ ਵਾਲੇ 4-5 ਮਹੀਨਿਆਂ ਵਿੱਚ 2,500 ‘ਪਿੰਡ ਕਲੀਨਿਕ’ ਸ਼ੁਰੂ ਕੀਤੇ ਜਾਣਗੇ। ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ ਪਿਛਲੇ ਚਾਰ ਸਾਲਾਂ ਵਿੱਚ 1,100 ਮਾਹਿਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜਿਸ ਕਾਰਨ ਹੁਣ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਕੋਈ ਘਾਟ ਨਹੀਂ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਲੱਗਭਗ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਿਹਤ ਯੋਜਨਾ ਦੀ ਕੋਈ ਆਮਦਨ ਸੀਮਾ ਨਹੀਂ ਹੈ। ਸਾਰੇ ਧਰਮਾਂ, ਵਰਗਾਂ ਅਤੇ ਭਾਈਚਾਰਿਆਂ ਦੇ ਲੋਕ ਇਸ ਵਿੱਚ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ 850 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ, ਅਤੇ ਭਵਿੱਖ ਵਿੱਚ ਹੋਰ ਵੀ ਸ਼ਾਮਿਲ ਕੀਤੇ ਜਾਣਗੇ। ਇਸ ਯੋਜਨਾ ਵਿੱਚ ਹੁਣ 2,356 ਤੋਂ ਵੱਧ ਇਲਾਜ ਪੈਕੇਜ ਸ਼ਾਮਿਲ ਹਨ, ਜਦ ਕਿ ਪਹਿਲਾਂ ਇਹ ਗਿਣਤੀ ਸਿਰਫ਼ 1,600 ਸੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਵਿੱਚ ਦਿਲ ਦੀ ਬਿਮਾਰੀ, ਕੈਂਸਰ, ਗੁਰਦੇ ਡਾਇਲਸਿਸ ਅਤੇ ਟਰਾਂਸਪਲਾਂਟ, ਨਿਊਰੋ ਅਤੇ ਰੀੜ੍ਹ ਦੀ ਸਰਜਰੀ, ਜਣੇਪਾ ਸੇਵਾਵਾਂ, ਨਵਜੰਮੇ ਬੱਚੇ ਦੀ ਦੇਖ-ਭਾਲ, ਦੁਰਘਟਨਾ ਅਤੇ ਐਮਰਜੈਂਸੀ ਸੇਵਾਵਾਂ, ਗੋਡੇ-ਕਿੱਪ ਰਿਪਲੇਸਮੈਂਟ, ਮੋਤੀਆਬਿੰਦ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ ਅਤੇ ਓਨਕੋਲੋਜੀ ਸਮੇਤ ਆਰਥੋਪੈਡਿਕਸ ਵਰਗੀਆਂ ਸਾਰੀਆਂ ਪ੍ਰਮੁੱਖ ਡਾਕਟਰੀ ਸੇਵਾਵਾਂ ਸ਼ਾਮਲ ਹਨ।