- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦੁੱਧ ਉਤਪਾਦਕਾਂ ਨੂੰ ਉਨ੍ਹਾਂ ਦੀ ਉਪਜ ਦਾ ਵਾਜਬ ਭਾਅ ਦਿਵਾਉਣ ਲਈ ਦੁੱਧ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਲਾਗੂ ਕਰਨ ਦੀ ਵਿਵਸਥਾ ਕੀਤੀ ਜਾਵੇਗੀ।

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦੁੱਧ ਵਿੱਚ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਲੋਕਾਂ ਵਿਰੁੱਧ ਧਾਰਾ 307 (ਕਤਲ ਦੀ ਕੋਸ਼ਿਸ਼) ਤਹਿਤ ਕੇਸ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੁੱਧ ਵਿੱਚ ਮਿਲਾਵਟ ਕਰਨਾ ਲੋਕਾਂ ਦੀ ਸਿਹਤ ਅਤੇ ਜ਼ਿੰਦਗੀ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਵੱਖ-ਵੱਖ ਵਪਾਰ ਮੰਡਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਆਪਣੀ ਪਾਰਟੀ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਵਪਾਰੀਆਂ, ਦੁਕਾਨਦਾਰਾਂ, ਉਦਯੋਗਪਤੀਆਂ ਅਤੇ ਡੇਅਰੀ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇਣੀਆਂ ਜ਼ਰੂਰੀ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦੁੱਧ ਉਤਪਾਦਕਾਂ ਨੂੰ ਉਨ੍ਹਾਂ ਦੀ ਉਪਜ ਦਾ ਵਾਜਬ ਭਾਅ ਦਿਵਾਉਣ ਲਈ ਦੁੱਧ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਲਾਗੂ ਕਰਨ ਦੀ ਵਿਵਸਥਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਡੇਅਰੀ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਬਿਜਲੀ ਰਿਆਇਤੀ ਦਰਾਂ ’ਤੇ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਦਾ ਖਰਚਾ ਘਟਾਇਆ ਜਾ ਸਕੇ ਅਤੇ ਇਹ ਕਿੱਤਾ ਹੋਰ ਲਾਹੇਵੰਦ ਬਣ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਵੀ ਬਿਜਲੀ ਦੇ ਬਿੱਲਾਂ ਵਿੱਚ ਰਾਹਤ ਦਿੱਤੀ ਜਾਵੇਗੀ। ਵਪਾਰੀਆਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਰਕਾਰ ਦੀਆਂ ਨੀਤੀਆਂ ਵਪਾਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਹੋਣੀਆਂ ਚਾਹੀਦੀਆਂ ਹਨ, ਨਾ ਕਿ ਕਾਰੋਬਾਰੀਆਂ ਲਈ ਮੁਸ਼ਕਲਾਂ ਖੜ੍ਹੀਆਂ ਕਰਨ ਵਾਲੀਆਂ।
ਇਸ ਤੋਂ ਪਹਿਲਾਂ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਦੌਰੇ ਦੌਰਾਨ ਵੀ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸੁਧਾਰਨਾ ਉਨ੍ਹਾਂ ਦੀ ਪਹਿਲ ਹੋਵੇਗੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਇੱਕ ਦਿਨ ਵਿੱਚ ਠੀਕ ਕਰਨ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਸੀ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਾਰੋਬਾਰੀਆਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇਗਾ, ਤਾਂ ਜੋ ਉਹ ਬਿਨਾਂ ਕਿਸੇ ਡਰ ਅਤੇ ਦਬਾਅ ਤੋਂ ਆਪਣਾ ਕਾਰੋਬਾਰ ਕਰ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਕਿਸਾਨਾਂ ਤੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਮੀਟਿੰਗ ਦੌਰਾਨ ਵਪਾਰ ਮੰਡਲਾਂ ਦੇ ਨੁਮਾਇੰਦਿਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਤ ਮੁਸ਼ਕਲਾਂ ਅਤੇ ਸਰਕਾਰੀ ਪੱਧਰ ’ਤੇ ਆ ਰਹੀਆਂ ਦਿੱਕਤਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਹਲਕਾ ਕੋਟਕਪੂਰਾ ਦੇ ਇੰਚਾਰਜ ਮਨਤਾਰ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕੋਟਕਪੂਰਾ ਪਹੁੰਚਣ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਮੀਟਿੰਗ ਵਿੱਚ ਸ਼ਾਮਲ ਹੋਏ ਸਮੂਹ ਵਪਾਰੀਆਂ ਅਤੇ ਵਪਾਰ ਮੰਡਲਾਂ ਦੇ ਨੁਮਾਇੰਦਿਆਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਵਪਾਰੀ ਵਰਗ ਦੀ ਇਕਜੁੱਟਤਾ ਅਤੇ ਸੁਝਾਅ ਪੰਜਾਬ ਦੇ ਵਪਾਰਕ ਖੇਤਰ ਨੂੰ ਮਜ਼ਬੂਤ ਕਰਨ ਲਈ ਅਹਿਮ ਹਨ।