ਕੋਟਕਪੂਰਾ ’ਚ ਪੰਜਾਬ ਸਖੀ ਸ਼ਕਤੀ ਮੇਲਾ 16 ਜਨਵਰੀ ਤੋਂ
ਪੰਜਾਬ ਸਖੀ ਸ਼ਕਤੀ ਮੇਲਾ 16 ਤੋਂ 18 ਜਨਵਰੀ ਤੱਕ ਕੋਟਕਪੂਰਾ ਵਿਖੇ ਹੋਵੇਗਾ : ਡਿਪਟੀ ਕਮਿਸ਼ਨਰ
Publish Date: Sun, 11 Jan 2026 03:46 PM (IST)
Updated Date: Mon, 12 Jan 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਸਰਕਾਰ ਦੇ ਯਤਨਾ ਸਦਕਾ 16 ਜਨਵਰੀ ਤੋਂ 18 ਜਨਵਰੀ ਤੱਕ ਪੰਜਾਬ ਸਖੀ ਸ਼ਕਤੀ ਮੇਲਾ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਮੇਲਾ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਐਸਐਚਜੀਐਸ, ਕਾਰੀਗਰਾਂ, ਛੋਟੇ ਉਦਯੋਗਪਤੀਆਂ ਅਤੇ ਸਥਾਨਕ ਉੱਦਮੀਆਂ ਨੂੰ ਆਪਣੇ ਉਤਪਾਦ ਲੋਕਾਂ ਤੱਕ ਸਿੱਧੇ ਤੌਰ ‘ਤੇ ਪਹੁੰਚਾਉਣ ਲਈ ਇਕ ਮਹੱਤਵਪੂਰਨ ਮੰਚ ਪ੍ਰਦਾਨ ਕਰੇਗਾ। ਮੇਲੇ ਵਿੱਚ ਹੱਥ ਕਲਾਕਾਰੀ, ਖਾਧ ਪਦਾਰਥ, ਘਰੇਲੂ ਵਰਤੋਂ ਦੀਆਂ ਵਸਤਾਂ, ਹੱਥ ਨਾਲ ਬਣੇ ਸਮਾਨ ਸਮੇਤ ਕਈ ਕਿਸਮ ਦੀ ਉੱਚ ਗੁਣਵੱਤਾ ਵਾਲੀ ਸਮਗਰੀ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਸਥਾਨਕ ਤੌਰ ‘ਤੇ ਤਿਆਰ ਕੀਤੇ ਉਤਪਾਦਾਂ ਦੀ ਖਰੀਦਦਾਰੀ ਨਾਲ ਨਾ ਸਿਰਫ਼ ਜ਼ਿਲ੍ਹੇ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲੇਗੀ, ਸਗੋਂ ਔਰਤਾਂ ਦੀ ਆਰਥਿਕ ਸਵੈ-ਨਿਰਭਰਤਾ ਅਤੇ ਸਸ਼ਕਤੀਕਰਨ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਇਸ ਨਾਲ ਸਵੈ-ਰੋਜ਼ਗਾਰ ਨੂੰ ਉਤਸ਼ਾਹ ਮਿਲੇਗਾ ਅਤੇ ਨਵੇਂ ਆਰਥਿਕ ਮੌਕੇ ਵੀ ਸਿਰਜੇ ਜਾਣਗੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਔਰਤਾਂ ਅਤੇ ਸਮਾਜਿਕ ਕਲਿਆਣ ਨਾਲ ਸੰਬੰਧਿਤ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਵੀ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਜ਼ਿਲ੍ਹਾ ਵਾਸੀ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਲੋਕਾਂ ਲਈ ਸੁਚੱਜੇ ਬੰਦੋਬਸਤ, ਸੁਰੱਖਿਆ ਅਤੇ ਸੁਵਿਧਾਵਾਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਮੇਲੇ ਵਿੱਚ ਸ਼ਿਰਕਤ ਕਰਕੇ ਸਥਾਨਕ ਉਤਪਾਦਾਂ ਦੀ ਖਰੀਦਦਾਰੀ ਕਰਦੇ ਹੋਏ ਜ਼ਿਲ੍ਹੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ।