
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡਾ. ਰਾਜਿੰਦਰ ਕੁਮਾਰ ਬਾਂਸਲ ਨੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਸੰਭਾਲਿਆ ਕਾਰਜਭਾਰ

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ: ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਰਾਜਿੰਦਰ ਕੁਮਾਰ ਬਾਂਸਲ ਨੇ ਸੋਮਵਾਰ ਨੂੰ ਅਧਿਕਾਰਤ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਗੁਲਾਬਚੰਦ ਕਟਾਰੀਆ ਵੱਲੋਂ ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਸੋਮਵਾਰ ਸਵੇਰੇ ਯੂਨੀਵਰਸਿਟੀ ਕੈਂਪਸ ਪਹੁੰਚਣ ’ਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ, ਯੂਨੀਵਰਸਿਟੀ ਦੇ ਅਧਿਕਾਰੀਆਂ, ਮੈਡੀਕਲ ਕਾਲਜ ਅਤੇ ਹਸਪਤਾਲ ਨਾਲ ਸਬੰਧਤ ਸੰਸਥਾਵਾਂ ਦੇ ਪ੍ਰਤੀਨਿਧੀਆਂ ਅਤੇ ਹੋਰ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਯੂਨੀਵਰਸਿਟੀ ਦੀ ਬਿਹਤਰੀ ਅਤੇ ਸਿਹਤ ਸਿੱਖਿਆ ਦੇ ਖੇਤਰ ਵਿੱਚ ਹੋਰ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਕਾਰਜਭਾਰ ਸੰਭਾਲਣ ਉਪਰੰਤ ਵਾਈਸ ਚਾਂਸਲਰ ਡਾ. ਰਾਜਿੰਦਰ ਕੁਮਾਰ ਬਾਂਸਲ ਨੇ ਆਪਣੀ ਨਿਯੁਕਤੀ ਲਈ ਪੰਜਾਬ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਪਾਵਨ ਧਰਤੀ ’ਤੇ ਸਥਿਤ ਇਸ ਯੂਨੀਵਰਸਿਟੀ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਅਤੇ ਸਨਮਾਨ ਵਾਲੀ ਗੱਲ ਹੈ। ਡਾ. ਬਾਂਸਲ ਨੇ ਕਿਹਾ ਕਿ ਉਹ ਆਪਣੇ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਮੈਡੀਕਲ ਅਤੇ ਸਿਹਤ ਸੰਸਥਾਵਾਂ ਦੀ ਬਿਹਤਰੀ, ਸਿਹਤ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸੰਸਥਾਵਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰਿਆਂ ਦੇ ਸਹਿਯੋਗ ਨਾਲ ਯੂਨੀਵਰਸਿਟੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਮਿਲ ਕੇ ਕੰਮ ਕੀਤਾ ਜਾਵੇਗਾ।