
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਡਾਕਟਰਾਂ ਨੂੰ ਸੇਵਾ ਜਾਰੀ ਰੱਖਣ ਦਾ ਫ਼ੈਸਲਾ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਵੱਲੋਂ ਨਿਯੁਕਤੀਆਂ ਦੀ ਸਮੀਖਿਆ ਲਈ ਚਲਾਈ ਜਾ ਰਹੀ ਪ੍ਰਕਿਰਿਆ ’ਤੇ ਕੋਈ ਅਸਰ ਨਹੀਂ ਪਾਵੇਗਾ।

ਦੇਵਾਨੰਦ ਸ਼ਰਮਾ, ਪੰਜਾਬੀ ਜਾਗਰਣ, ਫ਼ਰੀਦਕੋਟ : ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਸਮੇਤ ਅਧੀਨ ਸੰਸਥਾਵਾਂ ਵਿੱਚ ਕੰਮ ਕਰ ਰਹੇ ਸੀਨੀਅਰ ਤੇ ਜੂਨੀਅਰ ਰੈਜ਼ੀਡੈਂਟ ਡਾਕਟਰਾਂ ਨੂੰ ਅਗਲੇ ਹੁਕਮਾਂ ਤੱਕ ਸੇਵਾਵਾਂ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਹ ਫ਼ੈਸਲਾ ਪਿਛਲੇ ਵੀਸੀ ਡਾ. ਰਾਜੀਵ ਸੂਦ ਦੇ ਕਾਰਜਕਾਲ ਦੌਰਾਨ ਹੋਈਆਂ ਨਿਯੁਕਤੀਆਂ ਨਾਲ ਜੁੜੇ ਵਿਵਾਦ ਵਿਚ 200 ਤੋਂ ਵੱਧ ਨਵੇਂ ਭਰਤੀ ਮੁਲਾਜ਼ਮਾਂ ਦੀ ਮੁਅੱਤਲੀ ਤੋਂ ਕਰੀਬ ਇਕ ਹਫ਼ਤੇ ਬਾਅਦ ਲਿਆ ਗਿਆ ਹੈ।
ਯੂਨੀਵਰਸਿਟੀ ਦੇ ਰਜਿਸਟਰਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਮਰੀਜ਼ਾਂ ਦੀ ਦੇਖਭਾਲ ਅਤੇ ਜ਼ਰੂਰੀ ਤੇ ਐਮਰਜੈਂਸੀ ਸੇਵਾਵਾਂ ਦੀ ਨਿਰੰਤਰਤਾ ਨੂੰ ਧਿਆਨ ਵਿੱਚ ਰੱਖਦਿਆਂ ਡਾਕਟਰਾਂ ਨੂੰ ਫਿਲਹਾਲ ਸੇਵਾਵਾਂ ਜਾਰੀ ਰੱਖਣ ਲਈ ਕਿਹਾ ਗਿਆ ਹੈ। ਹਾਲਾਂਕਿ ਇਹ ਵਿਵਸਥਾ ਆਰਜ਼ੀ ਹੈ ਅਤੇ ਇਸ ਨੂੰ ਨਿਯੁਕਤੀਆਂ ਦੀ ਵੈਧਤਾ, ਮਨਜ਼ੂਰੀ ਜਾਂ ਨਿਯਮਤ ਕਰਨ ਦੀ ਪੁਸ਼ਟੀ ਨਹੀਂ ਮੰਨਿਆ ਜਾਵੇਗਾ।
ਨਿਯੁਕਤੀਆਂ ਦੀ ਸਮੀਖਿਆ ’ਤੇ ਨਹੀਂ ਪਵੇਗਾ ਅਸਰ
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਡਾਕਟਰਾਂ ਨੂੰ ਸੇਵਾ ਜਾਰੀ ਰੱਖਣ ਦਾ ਫ਼ੈਸਲਾ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਵੱਲੋਂ ਨਿਯੁਕਤੀਆਂ ਦੀ ਸਮੀਖਿਆ ਲਈ ਚਲਾਈ ਜਾ ਰਹੀ ਪ੍ਰਕਿਰਿਆ ’ਤੇ ਕੋਈ ਅਸਰ ਨਹੀਂ ਪਾਵੇਗਾ।
ਸੂਤਰਾਂ ਅਨੁਸਾਰ ਰੈਜ਼ੀਡੈਂਟ ਡਾਕਟਰਾਂ ਦੀ ਸਮੂਹਿਕ ਮੁਅੱਤਲੀ ਕਾਰਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਸਮੇਤ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ, ਫ਼ਾਜ਼ਿਲਕਾ ਦੇ ਟੀਸੀਸੀਸੀ ਅਤੇ ਜਲਾਲਾਬਾਦ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੇ ਇਲਾਜ ਤੇ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਲੱਗੀਆਂ ਸਨ।