- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੈਤੋ ਹਲਕੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚੱਲ ਰਹੇ ਉਪਰਾਲਿਆਂ ਦੀ ਕੀਤੀ ਸਮੀਖਿਆ

ਜਗਮੀਤ ਸਿੰਘ ਨੀਟਾ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਜੈਤੋ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਸ਼ਿਰਕਤ ਕੀਤੀ ਅਤੇ ਐਸ.ਡੀ.ਐਮ. ਜੈਤੋ ਵਿਕਰਮਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਸਬੰਧੀ ਚੱਲ ਰਹੀਆਂ ਜਾਗਰੂਕਤਾ ਗਤੀਵਿਧੀਆਂ, ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੀ ਕਾਰਗੁਜ਼ਾਰੀ ਅਤੇ ਲੋਕਾਂ ਦੀ ਭਾਗੀਦਾਰੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਬੰਧਤ ਅਧਿਕਾਰੀਆਂ ਅਤੇ ਨੁਮਾਇੰਦਿਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਸਰਕਾਰੀ ਮੁਹਿੰਮ ਨਾ ਸਮਝਦੇ ਹੋਏ ਇਸਨੂੰ ਲੋਕ ਲਹਿਰ ਦਾ ਰੂਪ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਵਾਰਡਾਂ ਵਿੱਚ ਬਣੀਆਂ ਡਿਫੈਂਸ ਕਮੇਟੀਆਂ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ, ਸਿੱਖਿਆ, ਰੁਜ਼ਗਾਰ, ਹੁਨਰ ਵਿਕਾਸ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ, ਪੰਚਾਇਤੀ ਨੁਮਾਇੰਦਿਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਦੀ ਸਾਂਝੀ ਭੂਮਿਕਾ ਨਾਲ ਹੀ ਨਸ਼ਿਆਂ ਵਿਰੁੱਧ ਜਾਗਰੂਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰਾਂ ਦੀਆਂ ਸੇਵਾਵਾਂ ਨਾਲ ਜੋੜਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਤੋਂ ਬਾਅਦ ਵਿਅਕਤੀ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਵੀ ਸਮੂਹਿਕ ਜ਼ਿੰਮੇਵਾਰੀ ਹੈ। ਐਸ.ਡੀ.ਐਮ. ਜੈਤੋ ਵਿਕਰਮਜੀਤ ਨੇ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪਿੰਡ ਪੱਧਰ ’ਤੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾਣ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ। ਉਨ੍ਹਾਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਵੀ ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਕਿਹਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਜੈ ਅਮਨਦੀਪ ਗੋਇਲ, ਐਸ..ਐਚ.ਓ ਬਾਜਾਖਾਨਾ ਹਰਦੇਵ ਸਿੰਘ, ਬੀ.ਡੀ.ਪੀ.ਓ ਇਕਬਾਲ ਸਿੰਘ, ਡਾ, ਹਰੀਸ਼ ਚੰਦਰ, ਡਾ. ਹਰਪਾਲ ਸਿੰਘ ਰਾਮੂਵਾਲਾ, ਮੱਖਣ ਸਿੰਘ ਝੱਖੜਵਾਲਾ ਹਲਕਾ ਕੋਆਰਡੀਨੇਟਰ ਜੈਤੋ, ਨਸ਼ਾ ਮੁਕਤੀ ਮੋਰਚਾ ਤੋ ਇਲਾਵਾ ਸਮੂਹ ਬਲਾਕ ਕੋਆਰਡੀਨੇਟਰ, ਹਲਕੇ ਦੀਆਂ ਸਮੂਹ ਵਿਲੇਜ਼ ਡਿਫੈਸ ਕਮੇਟੀਆਂ ਦੇ ਕਨਵੀਨਰ ਹਾਜ਼ਰ ਸਨ।