- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਤੋਂ ਸ਼ੁਰੂ ਹੋਵੇਗਾ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ) ਦਾ ਕੰਮ

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ) ਨੂੰ ਸਫਲਤਾ ਪੂਂਰਵਕ ਨੇਪਰੇ ਚਾੜਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਕ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਯੋਗਤਾ 1 ਅਕਤੂਬਰ 2026 ਨਿਰਧਾਰਤ ਕੀਤੀ ਗਈ ਹੈ। ਇਸ ਤਹਿਤ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼. ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾ ਕੇ ਤਸਦੀਕ ਦਾ ਕੰਮ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਕੀਤੀ ਜਾਵੇਗੀ। ਜਿਲ੍ਹਾ ਚੋਣ ਅਫਸਰ ਰਾਹੁਲ ਚਾਬਾ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 3 ਅਗਸਤ ਤੋਂ 2 ਸਤੰਬਰ 2026 ਤੱਕ ਰਹੇਗੀ, ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦੀ ਸੁਣਵਾਈ ਅਤੇ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਇਸ ਉਪਰੰਤ ਅੰਤਿਮ ਵੋਟਰ ਸੂਚੀਆਂ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਜਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਐਸ.ਆਈ.ਆਰ. ਤਹਿਤ ਵੋਟਰ ਸੂਚੀ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਾਲ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ-1 ਅਤੇ ਅਫ਼ਸਰ-2 ਤੋਂ ਇਲਾਵਾ ਪੰਜ-ਪੰਜ ਹੋਰ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਪ੍ਰਤੀ ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਇਸ ਲਈ ਬੀ.ਐਲ.ਏ. ਅਤੇ ਬੀ.ਐਲ.ਓ. ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ-2 ਨਿਯੁਕਤ ਕਰ ਦਿੱਤੇ ਗਏ ਹਨ ਤਾਂ ਜੋ ਜ਼ਿਲ੍ਹੇ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਪਾਰਦਰਸ਼ੀ ਵੋਟਰ ਸੂਚੀਆਂ ਦੀ ਤਿਆਰੀ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਤਾਂ ਜੋ ਭਵਿੱਖ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 511 ਪੋਲਿੰਗ ਬੂਥ ਹਨ ਅਤੇ 493060 ਵੋਟਰਾਂ ਵਿੱਚੋਂ 421531 ਵੋਟਰਾਂ ਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਇਸ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 85.49 ਫੀਸਦੀ ਮੈਪਿੰਗ ਕਰਵਾਈ ਜਾ ਚੁੱਕੀ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਮੈਡਮ ਪੂਨਮ ਸਿੱਧੂ, ਵਿਸ਼ਾਲ ਪਰਾਸ਼ਰ ਤੋਂ ਇਲਾਵਾ ਹੋਰ ਹਾਜ਼ਰ ਸਨ।