- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਆਖਰ ਵੇਲੇ ਮੁਲਤਵੀ, ਫਿਰ ਵੀ ਮੋਗਾ ਦੇ ਰੇਲਵੇ ਸਟੇਸ਼ਨ ‘ਤੇ ਰਿਹਾ ਪੁਲਿਸ ਦਾ ਸਖ਼ਤ ਪਹਿਰਾ

ਆਮ ਲੋਕਾਂ ਤੇ ਰੇਲ ਯਾਤਰੀਆਂ ਨੂੰ ਮਿਲੀ ਰਾਹਤ, ਪ੍ਰਸ਼ਾਸਨ ਨੇ ਲਿਆ ਸੁਖ ਦਾ ਸਾਹ
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਪੰਜਾਬ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਵਿੱਚ ਆ ਰਹੀਆਂ ਗੰਭੀਰ ਰੁਕਾਵਟਾਂ ਕਾਰਨ ਕਿਸਾਨਾਂ ਵਿੱਚ ਪੈਦਾ ਹੋ ਰਹੇ ਗੁੱਸੇ ਅਤੇ ਬੇਚੈਨੀ ਨੇ ਸੂਬੇ ਦਾ ਮਾਹੌਲ ਤਪਾ ਦਿੱਤਾ। ਮੰਡੀਆਂ ਵਿੱਚ ਫਸਲਾਂ ਦੇ ਢੇਰ ਲੱਗਣ, ਖਰੀਦ ਵਿੱਚ ਹੋ ਰਹੀ ਦੇਰੀ ਅਤੇ ਸਰਕਾਰੀ ਪ੍ਰਬੰਧਾਂ ‘ਤੇ ਉੱਠ ਰਹੇ ਸਵਾਲਾਂ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ‘ਤੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਇਹ ਅੰਦੋਲਨ ਸ਼ੁਕਰਵਾਰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਚਲਾਇਆ ਜਾਣਾ ਸੀ, ਜਿਸ ਕਾਰਨ ਪ੍ਰਸ਼ਾਸਨ ਅਤੇ ਰੇਲਵੇ ਵਿਭਾਗ ਪਹਿਲਾਂ ਹੀ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਸਨ। ਰੇਲਵੇ ਸਟੇਸ਼ਨ ਤੇ ਆਉਣ ਜਾਣ ਵਾਲੀਆਂ ਥਾਵਾਂ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਸੀ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਇਸ ਅੰਦੋਲਨ ਦਾ ਸੱਦਾ ਕਿਸਾਨ ਮਜ਼ਦੂਰ ਮੋਰਚਾ, ਅਜ਼ਾਦ ਕਿਸਾਨ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਪੰਜ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਸੀ। ਕਿਸਾਨਾਂ ਦਾ ਕਹਿਣਾ ਸੀ ਕਿ ਮੰਡੀਆਂ ਵਿੱਚ ਉਨ੍ਹਾਂ ਦੀ ਕਣਕ ਦੀ ਸਮੇਂ ‘ਤੇ ਖਰੀਦ ਨਹੀਂ ਹੋ ਰਹੀ, ਜਿਸ ਕਾਰਨ ਉਹਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਭੁਗਤਾਨ ਵਿੱਚ ਦੇਰੀ ਅਤੇ ਪ੍ਰਬੰਧਾਂ ਦੀ ਕਮੀ ਨੇ ਵੀ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਪਰ ਅੰਦੋਲਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਨੇ ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਇਸਨੂੰ ਮੁਲਤਵੀ ਕਰਨ ਦਾ ਫੈਸਲਾ ਕਰ ਲਿਆ। ਜਾਣਕਾਰੀ ਅਨੁਸਾਰ, ਜਥੇਬੰਦੀਆਂ ਵੱਲੋਂ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲੈਂਦੇ ਹੋਏ ਅਤੇ ਆਗਾਮੀ ਰਣਨੀਤੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ। ਇਸ ਫੈਸਲੇ ਨਾਲ ਜਿੱਥੇ ਆਮ ਜਨਤਾ ਅਤੇ ਰੇਲ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ, ਉੱਥੇ ਹੀ ਪ੍ਰਸ਼ਾਸਨ ਨੇ ਵੀ ਸੁੱਖ ਦਾ ਸਾਹ ਲਿਆ। ਜੇਕਰ ਅੰਦੋਲਨ ਹੋ ਜਾਂਦਾ ਤਾਂ ਸੂਬੇ ਦੀ ਰੇਲ ਸੇਵਾ ‘ਤੇ ਵੱਡਾ ਅਸਰ ਪੈ ਸਕਦਾ ਸੀ ਅਤੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ। ਭਾਵੇਂ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ, ਪਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਢਿੱਲ ਨਹੀਂ ਛੱਡੀ ਗਈ। ਮੋਗਾ ਦੇ ਰੇਲਵੇ ਸਟੇਸ਼ਨ ‘ਤੇ ਪੁਲਿਸ ਦੀ ਭਾਰੀ ਤਾਇਨਾਤੀ ਜਾਰੀ ਰੱਖੀ ਗਈ ਅਤੇ ਹਰ ਹਲਚਲ ‘ਤੇ ਨਿਗਰਾਨੀ ਕੀਤੀ ਗਈ। ਖਾਸ ਕਰਕੇ ਰੇਲਵੇ ਟਰੈਕ ਤੇ ਵਧੇਰੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਤਾਂ ਜੋ ਕਿਸੇ ਵੀ ਅਚਾਨਕ ਸਥਿਤੀ ਨਾਲ ਨਜਿੱਠਿਆ ਜਾ ਸਕੇ। ਇਸ ਸਬੰਧੀ ਗੱਲਬਾਤ ਕਰਦਿਆਂ ਸਿਟੀ-2 ਦੇ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਪੁਲਿਸ ਨੇ ਪਹਿਲਾਂ ਹੀ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕਰ ਲਈ ਸੀ। ਉਨ੍ਹਾਂ ਕਿਹਾ ਕਿ ਭਾਵੇਂ ਹੁਣ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ ਹੈ, ਪਰ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਮੁਸਤੈਦ ਹੈ। ਉਨ੍ਹਾਂ ਨੇ ਕਿਹਾ, ਸਾਡੀ ਪਹਿਲੀ ਤਰਜੀਹ ਆਮ ਜਨਤਾ ਦੀ ਸੁਰੱਖਿਆ ਹੈ। ਅਸੀਂ ਯਕੀਨੀ ਬਣਾਇਆ ਹੈ ਕਿ ਕਿਸੇ ਵੀ ਯਾਤਰੀ ਨੂੰ ਕੋਈ ਦਿੱਕਤ ਨਾ ਆਵੇ ਅਤੇ ਰੇਲ ਸੇਵਾਵਾਂ ਸੁਚਾਰੂ ਢੰਗ ਨਾਲ ਚੱਲਦੀਆਂ ਰਹਿਣ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ। ਕੁੱਲ ਮਿਲਾ ਕੇ, ਭਾਵੇਂ ਅੱਜ ਦਾ ਰੇਲ ਰੋਕੋ ਅੰਦੋਲਨ ਟਲ ਗਿਆ ਹੈ, ਪਰ ਕਿਸਾਨਾਂ ਦੀਆਂ ਮੁੱਖ ਸਮੱਸਿਆਵਾਂ ਹਾਲੇ ਵੀ ਜਿਉਂ ਦੀ ਤਿਉਂ ਮੌਜੂਦ ਹਨ। ਜੇਕਰ ਸਰਕਾਰ ਵੱਲੋਂ ਜਲਦੀ ਕੋਈ ਢੰਗ ਦਾ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਦੁਬਾਰਾ ਵੱਡੇ ਪੱਧਰ ‘ਤੇ ਅੰਦੋਲਨ ਕਰਨ ਲਈ ਮਜਬੂਰ ਹੋ ਸਕਦੇ ਹਨ, ਜਿਸ ਨਾਲ ਸੂਬੇ ਦੀ ਸਥਿਤੀ ਹੋਰ ਵੀ ਤਣਾਓਪੂਰਨ ਬਣ ਸਕਦੀ ਹੈ। ਜਿਕਰਯੋਗ ਹੈ ਜਿਵੇਂ ਹੀ ਕਿਸਾਨ ਜਥੇਬੰਦੀਆਂ ਵੱਲੋਂ “ਰੇਲ ਰੋਕੋ” ਅੰਦੋਲਨ ਦਾ ਸੱਦਾ ਦਿੱਤਾ ਗਿਆ, ਉਸੇ ਸਮੇਂ ਤੋਂ ਹੀ ਰੇਲਵੇ ਟਰੈਕ, ਸਟੇਸ਼ਨ ਅਤੇ ਨੇਚਰ ਪਾਰਕ ਵਿਖੇ ਪੁਲਿਸ ਦੀ ਭਾਰੀ ਤਾਇਨਾਤੀ ਕਰ ਦਿੱਤੀ ਗਈ। ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਗਿਆ ਕਿ ਕਿਸੇ ਵੀ ਹਾਲਤ ਵਿੱਚ ਰੇਲ ਯਾਤਰੀਆਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਅਤੇ ਆਵਾਜਾਈ ਪ੍ਰਣਾਲੀ ਪ੍ਰਭਾਵਿਤ ਨਾ ਹੋਵੇ।ਜੋ ਕਿਸੇ ਵੀ ਸਮੇਂ ਉੱਭਰ ਸਕਦੀ ਸਥਿਤੀ ‘ਤੇ ਤੁਰੰਤ ਕਾਬੂ ਪਾਇਆ ਜਾ ਸਕੇ।ਹਰੇਕ ਹਲਚਲ ‘ਤੇ ਬਾਰੀਕੀ ਨਾਲ ਨਿਗਰਾਨੀ ਰੱਖੀ ਗਈ। ਕਿਸਾਨਾਂ ਦੇ ਇਸ ਐਲਾਨ ਕਾਰਨ ਰੇਲਵੇ ਵਿਭਾਗ ਅਤੇ ਯਾਤਰੀਆਂ ਵਿੱਚ ਵੀ ਇੱਕ ਸਮੇਂ ਲਈ ਚਿੰਤਾ ਦਾ ਮਾਹੌਲ ਬਣ ਗਿਆ ਸੀ, ਕਿਉਂਕਿ ਜੇ ਅੰਦੋਲਨ ਅਮਲ ਵਿੱਚ ਆ ਜਾਂਦਾ ਤਾਂ ਰੇਲ ਸੇਵਾਵਾਂ ‘ਤੇ ਵੱਡਾ ਅਸਰ ਪੈ ਸਕਦਾ ਸੀ। ਪਰ ਹਾਲਾਤਾਂ ਨੂੰ ਦੇਖਦਿਆਂ ਅਤੇ ਅੰਦੋਲਨ ਮੁਲਤਵੀ ਹੋਣ ਤੋਂ ਬਾਅਦ ਸਥਿਤੀ ਪੂਰੀ ਤਰ੍ਹਾਂ ਨਿਯੰਤਰਣ ਵਿੱਚ ਰਹੀ। ਸਵੇਰੇ ਤੋਂ ਲੈ ਕੇ ਦੁਪਹਿਰ ਤੱਕ ਪੁਲਿਸ ਦੀ ਕੜੀ ਤਾਇਨਾਤੀ ਜਾਰੀ ਰਹੀ, ਪਰ ਜਦੋਂ ਇਹ ਸਪਸ਼ਟ ਹੋ ਗਿਆ ਕਿ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪੈਦਾ ਨਹੀਂ ਹੋਣੀ, ਤਾਂ ਦੁਪਹਿਰ 12 ਵਜੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਹੌਲੀ-ਹੌਲੀ ਤਾਇਨਾਤ ਫੋਰਸ ਨੂੰ ਹਟਾ ਲਿਆ ਗਿਆ।