- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ, ਉੱਘੇ ਸਿੱਖਿਆ ਸ਼ਾਸਤਰੀ ਤੇ ਸਾਬਕਾ ਸੀਨੀਅਰ ਆਈਏਐੱਸ ਅਧਿਕਾਰੀ ਗੁਰਦੇਵ ਸਿੰਘ (95) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ। ਸਿੱਖਿਆ ਤੇ ਸਮਾਜ ਸੇਵਾ ਵਿੱਚ ਯੋਗਦਾਨ ਲਈ ਉਨ੍ਹਾਂ ਨੂੰ ‘ਪੰਜਾਬ ਰਤਨ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਸਿੱਖ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ, ਉੱਘੇ ਸਿੱਖਿਆ ਸ਼ਾਸਤਰੀ ਤੇ ਸਾਬਕਾ ਸੀਨੀਅਰ ਆਈਏਐੱਸ ਅਧਿਕਾਰੀ ਗੁਰਦੇਵ ਸਿੰਘ (95) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ। ਸਿੱਖਿਆ ਤੇ ਸਮਾਜ ਸੇਵਾ ਵਿੱਚ ਯੋਗਦਾਨ ਲਈ ਉਨ੍ਹਾਂ ਨੂੰ ‘ਪੰਜਾਬ ਰਤਨ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।
ਗੁਰਦੇਵ ਸਿੰਘ 1984 ਵਿੱਚ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਹੇ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਫੌਜੀ ਕਾਰਵਾਈ ‘ਆਪਰੇਸ਼ਨ ਬਲੂ ਸਟਾਰ’ ਸਬੰਧੀ ਉਨ੍ਹਾਂ ਨੇ ਆਪਣੀ ਸਹਿਮਤੀ ਨਾ ਦੇਣ ਦਾ ਫ਼ੈਸਲਾ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ।
2004 ਤੋਂ ਉਹ ਸਿੱਖ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਅਗਵਾਈ ਹੇਠ ਕਈ ਸਿੱਖਿਆ ਸੰਸਥਾਵਾਂ ਨੇ ਨੈਕ ਦੀ ਗ੍ਰੇਡਿੰਗ ਵਿੱਚ ‘ਏ’ ਤੇ ‘ਏ ਪਲੱਸ’ ਦਰਜਾ ਹਾਸਲ ਕੀਤਾ। ਉਹ ‘ਸਿੱਖ ਸਟੱਡੀਜ਼’ ਦੇ ਸਰਪ੍ਰਸਤ ਅਤੇ ‘ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ’ ਦੇ ਸਹਿ-ਕੋਆਰਡੀਨੇਟਰ ਵੀ ਰਹੇ।
ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਮ੍ਰਿਤਕ ਦੇਹ ਪੀਜੀਆਈ ਚੰਡੀਗੜ੍ਹ ਨੂੰ ਡਾਕਟਰੀ ਖੋਜ ਤੇ ਸਿੱਖਿਆ ਲਈ ਦਾਨ ਕੀਤੀ ਗਈ। ਉਨ੍ਹਾਂ ਦੀ ਧਰਮਪਤਨੀ ਸੁਰਜੀਤ ਕੌਰ ਦੀ ਦੇਹ ਵੀ ਦਸੰਬਰ 2018 ਵਿੱਚ ਪੀਜੀਆਈ ਨੂੰ ਦਾਨ ਕੀਤੀ ਗਈ ਸੀ।
ਵਿਦਿਆਰਥੀ ਜੀਵਨ ਵਿੱਚ ਕਾਲਜ ਟੌਪਰ ਰਹੇ ਗੁਰਦੇਵ ਸਿੰਘ ਕਾਲਜ ਯੂਨੀਅਨ ਦੇ ਪ੍ਰਧਾਨ, ਐੱਨਸੀਸੀ ਕੈਡੇਟ ਤੇ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਖਿਡਾਰੀ ਵੀ ਰਹੇ। ਉਨ੍ਹਾਂ ਦੇ ਦੇਹਾਂਤ ’ਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਐੱਸਈਐੱਸ ਅਧੀਨ ਸੰਸਥਾਵਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਤੇ ਕਰਮਚਾਰੀਆਂ ਨੇ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।