ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਦੀ ਕੀਤੀ ਸ਼ਲਾਘਾ
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026, ਮਾਨ ਸਰਕਾਰ ਦਾ ਇਤਿਹਾਸਕ ਕਦਮ : ‘ਆਪ’ ਆਗੂ
Publish Date: Sun, 19 Apr 2026 04:14 PM (IST)
Updated Date: Mon, 20 Apr 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਨੈਸ਼ਨਲ ਅਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਦੇ ਸਾਬਕਾ ਨਿੱਜੀ ਸਹਾਇਕ ਤੇ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਤੇ ‘ਆਪ’ ਸ਼ੋਸ਼ਲ ਮੀਡੀਆ ਬਲਾਕ ਜੈਤੋ ਦੇ ਪ੍ਰਧਾਨ ਸੁਖਰੀਤ ਸਿੰਘ ਰੋਮਾਣਾ, ‘ਆਪ’ ਬਲਾਕ ਜੈਤੋ ਦੇ ਪ੍ਰਧਾਨ ਤੇ ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਅਤੇ ‘ਆਪ’ ਦੇ ਸੀਨੀਅਰ ਆਗੂ ਤੇ ਪਿੰਡ ਕਰੀਰਵਾਲੀ ਦੇ ਪੰਚਾਇਤ ਮੈਂਬਰ ਹਰਮੇਲ ਸਿੰਘ ਬਾਠ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਅਦਬ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਪੇਸ਼ ਕੀਤਾ ਗਿਆ। ਇਹ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਕਿ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਨ ਵੱਲ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ। ‘ਆਪ’ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਤੇ ਅਦਬ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਸੰਗਤ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕਰਦਾ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਤੌਰ ’ਤੇ ਸਖ਼ਤ ਕਾਰਵਾਈ ਹੋਵੇਗੀ, ਜਿਸ ਨਾਲ ਅਜਿਹੀਆਂ ਘਟਨਾਵਾਂ ’ਤੇ ਰੋਕ ਲੱਗੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਸਾਂਝ, ਭਾਈਚਾਰੇ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਹ ਬਿੱਲ ਉਸੇ ਦਿਸ਼ਾ ਵਿਚ ਇੱਕ ਮਜ਼ਬੂਤ ਕਦਮ ਹੈ। ‘ਆਪ’ ਆਗੂਆਂ ਨੇ ਆਸ ਜਤਾਈ ਕਿ ਇਹ ਕਾਨੂੰਨ ਸੂਬੇ ਵਿਚ ਧਾਰਮਿਕ ਅਦਬ ਅਤੇ ਆਪਸੀ ਸਨਮਾਨ ਨੂੰ ਹੋਰ ਮਜ਼ਬੂਤ ਕਰੇਗਾ।