
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਪਤਨੀ ਗੁਰਪ੍ਰੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਖੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਖੀਆਂ ਦੀ ਸਰਗਰਮ ਭੂਮਿਕਾ ਅਤੇ ਸਹਿਯੋਗ ਤੋਂ ਬਿਨ੍ਹਾਂ ਇੰਨੀ ਵੱਡੀ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਸਫ਼ਲਤਾਪੂਰਵਕ ਅਮਲੀ ਜਾਮਾ ਪਹਿਨਾਉਣਾ ਆਸਾਨ ਕੰਮ ਨਹੀਂ ਸੀ। ਉਨ੍ਹਾਂ ਕਿਹਾ ਕਿ ਸਖੀਆਂ ਨੇ ਪੂਰੀ ਤਨਦੇਹੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ, ਜਿਸ ਸਦਕਾ ਇਹ ਯੋਜਨਾ ਲੋੜਵੰਦ ਮਾਵਾਂ-ਧੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਸਖੀਆਂ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਉੱਦਮ ਅਤੇ ਸਮਰਪਣ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵੀ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਖੀਆਂ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਰੱਖੜੀ ਦੇ ਪਵਿੱਤਰ ਮੌਕੇ ਤੇ ਉਨ੍ਹਾਂ ਨੂੰ ਸਨਮਾਨਿਤ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਖੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਮਾਜ ਵਿੱਚ ਮਹਿਲਾਵਾਂ ਅਤੇ ਧੀਆਂ ਦੇ ਸਨਮਾਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਂਦੀਆਂ ਰਹਿਣ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜੋ ਸਿਰਫ ਕੰਮ ਨਹੀਂ ਕਰਵਾ ਰਹੀ ਬਲਿਕ ਕੰਮ ਨੂੰ ਕਰਨ ਵਾਲਿਆਂ ਦਾ ਸਨਮਾਨ ਕਰ ਰਹੀ ਹੈ।