- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਪੰਚਾਂ ਲਈ ਮਾਣਭੱਤੇ ਦੇ ਐਲਾਨ ਦਾ ਸਰਪੰਚਾਂ ਨੇ ਕੀਤਾ ਭਰਵਾਂ ਸਵਾਗਤ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਮੂਹ ਸਰਪੰਚਾਂ ਨੂੰ 15 ਅਗਸਤ ਤੋਂ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਮਾਣਭੱਤਾ ਦੇਣ ਦੇ ਕੀਤੇ ਗਏ ਇਤਿਹਾਸਕ ਐਲਾਨ ਦਾ ਜ਼ਿਲ੍ਹਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਜੈਤੋ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਸਰਪੰਚਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਸਰਪੰਚਾਂ ਨੇ ਇਸ ਫ਼ੈਸਲੇ ਨੂੰ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਮਾਣ-ਸਨਮਾਨ ਦੇਣ ਵੱਲ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਇਸ ਮੌਕੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ, ਕੋਠੇ ਰਾਮਸਰ ਵਾਲੇ ਦੇ ਸਰਪੰਚ ਤਰਵਿੰਦਰ ਸਿੰਘ ‘ਕਿੰਦਾ ਢਿੱਲੋਂ’, ਪਿੰਡ ਸਿਬੀਆਂ ਦੇ ਸਰਪੰਚ ਹਰਜੀਤ ਸਿੰਘ ਬਰਾੜ, ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ, ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ਪਿੰਡ ਰੋੜੀਕਪੂਰਾ ਦੇ ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’, ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’, ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’, ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਅਤੇ ਕੋਠੇ ਚੰਦ ਸਿੰਘ ਵਾਲੇ (ਜੈਤੋ) ਦੇ ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਨੇ ਸਾਂਝੇ ਤੌਰ ’ਤੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਆ ਗਿਆ ਇਹ ਦੂਰਅੰਦੇਸ਼ੀ ਫ਼ੈਸਲਾ ਸਰਪੰਚਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਸਰਪੰਚਾਂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ, ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰੀ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਸਰਪੰਚਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਚੱਲੀ ਆ ਰਹੀ ਮਾਣਭੱਤੇ ਦੀ ਮੰਗ ਨੂੰ ਪ੍ਰਵਾਨ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਸੇਵਾ ਅਤੇ ਸਮਰਪਣ ਨੂੰ ਯੋਗ ਮਾਨਤਾ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਲੋਕ-ਪੱਖੀ ਫ਼ੈਸਲਾ ਪੰਚਾਇਤੀ ਰਾਜ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹੇਗਾ। ਸਰਪੰਚਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ, ਖੁਸ਼ਹਾਲੀ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰੇਗਾ। ਅੰਤ ਵਿੱਚ ਸਰਪੰਚ ਕੁਲਦੀਪ ਸਿੰਘ ਗਿੱਲ, ਸਰਪੰਚ ਤਰਵਿੰਦਰ ਸਿੰਘ ‘ਕਿੰਦਾ ਢਿੱਲੋਂ’, ਸਰਪੰਚ ਹਰਜੀਤ ਸਿੰਘ ਬਰਾੜ, ਸਰਪੰਚ ਹਰਦੀਪਕ ਸਿੰਘ ਢਿੱਲੋਂ, ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’, ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’, ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਅਤੇ ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਅਤੇ ਆਪਣੇ-ਆਪਣੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰਦੇ ਰਹਿਣਗੇ।