- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨ ਸਰਕਾਰ ਦੇ ਧਾਰਮਿਕ ਤੇ ਲੋਕ ਭਲਾਈ ਫ਼ੈਸਲਿਆਂ ਦਾ ਸਰਪੰਚਾਂ ਵੱਲੋਂ ਭਰਵਾਂ ਸਵਾਗਤ, ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਕੀਤਾ ਧੰਨਵਾਦ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਕੀਤੇ ਗਏ ਪੰਜ ਮਹੱਤਵਪੂਰਨ ਐਲਾਨਾਂ ਦਾ ਵਿਧਾਨ ਸਭਾ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਲੋਕ ਹਿੱਤ ਅਤੇ ਪੰਜਾਬ ਦੀ ਧਾਰਮਿਕ-ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਵੱਲ ਇੱਕ ਅਹਿਮ ਕਦਮ ਕਰਾਰ ਦਿੱਤਾ ਹੈ। ਇਸ ਮੌਕੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ, ਕੋਠੇ ਰਾਮਸਰ ਵਾਲੇ ਦੇ ਸਰਪੰਚ ਤਰਵਿੰਦਰ ਸਿੰਘ ‘ਕਿੰਦਾ ਢਿੱਲੋਂ’, ਪਿੰਡ ਸਿਬੀਆਂ ਦੇ ਸਰਪੰਚ ਹਰਜੀਤ ਸਿੰਘ ਬਰਾੜ, ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ, ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ਪਿੰਡ ਰੋੜੀਕਪੂਰਾ ਦੇ ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’, ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’, ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’, ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਅਤੇ ਕੋਠੇ ਚੰਦ ਸਿੰਘ ਵਾਲੇ (ਜੈਤੋ) ਦੇ ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਏ ਗਏ ਇਹ ਫ਼ੈਸਲੇ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਸਰਪੰਚਾਂ ਨੇ ਕਿਹਾ ਕਿ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਭਗਵਾਨ ਵਾਲਮੀਕਿ ਤੀਰਥ ਅਸਥਾਨ ਦੇ ਨੇੜੇ ਲਵ-ਕੁਸ਼ ਅਤੇ ਮਾਤਾ ਸੀਤਾ (ਜਾਨਕੀ) ਦੇ ਵਿਸ਼ਾਲ ਮੰਦਰ ਦਾ ਨਿਰਮਾਣ ਕਰਵਾਉਣ ਦਾ ਐਲਾਨ ਇਤਿਹਾਸਕ ਅਤੇ ਸ਼ਲਾਘਾਯੋਗ ਹੈ, ਜਿਸ ਨਾਲ ਨਾ ਸਿਰਫ਼ ਧਾਰਮਿਕ ਆਸਥਾ ਨੂੰ ਹੋਰ ਮਜ਼ਬੂਤੀ ਮਿਲੇਗੀ, ਸਗੋਂ ਧਾਰਮਿਕ ਸੈਰ-ਸਪਾਟੇ ਨੂੰ ਵੀ ਨਵਾਂ ਉਤਸ਼ਾਹ ਮਿਲੇਗਾ। ਇਸੇ ਤਰ੍ਹਾਂ ਪੰਜਾਬ ਦੇ 22 ਸ਼ਹਿਰਾਂ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਜੀ ਦੇ ਨਾਮ’ ਸਮਾਗਮ ਕਰਵਾਉਣ ਦਾ ਫ਼ੈਸਲਾ ਧਾਰਮਿਕ ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਕਰੀਬ 80 ਕਰੋੜ ਰੁਪਏ ਦੀ ਲਾਗਤ ਨਾਲ ਕਾਲੀ ਮਾਤਾ ਮੰਦਰ, ਪਟਿਆਲਾ ਦਾ ਨਵੀਨੀਕਰਨ ਕਰਵਾਉਣਾ ਸਰਕਾਰ ਦੀ ਧਾਰਮਿਕ ਅਸਥਾਨਾਂ ਪ੍ਰਤੀ ਗੰਭੀਰ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿੱਚ ਸਾਲਾਸਰ ਸ਼੍ਰੀ ਬਾਲਾ ਜੀ ਧਾਮ, ਸ਼੍ਰੀ ਖਾਟੂ ਸ਼ਿਆਮ, ਮਾਤਾ ਨੈਣਾ ਦੇਵੀ ਅਤੇ ਵ੍ਰਿੰਦਾਵਨ ਦੇ ਨਵੇਂ ਰੂਟ ਸ਼ਾਮਲ ਕਰਨ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਡਾ ਲਾਭ ਮਿਲੇਗਾ ਅਤੇ ਵੱਧ ਤੋਂ ਵੱਧ ਲੋਕ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਸਰਪੰਚਾਂ ਨੇ ਕਿਹਾ ਕਿ 1 ਅਗਸਤ 2026 ਤੋਂ ਪੰਜਾਬ ਭਰ ਵਿੱਚ ‘ਹਮਾਰੇ ਰਾਮ’ ਨਾਟਕ ਦੇ ਸ਼ੋਅ ਸ਼ੁਰੂ ਕਰਨ ਦਾ ਫ਼ੈਸਲਾ ਨੌਜਵਾਨ ਪੀੜ੍ਹੀ ਨੂੰ ਭਾਰਤੀ ਸੱਭਿਆਚਾਰ, ਇਤਿਹਾਸ ਅਤੇ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਆਦਰਸ਼ ਜੀਵਨ ਤੋਂ ਜਾਣੂ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਇਹ ਸਾਰੇ ਫ਼ੈਸਲੇ ਸੂਬੇ ਦੀ ਧਾਰਮਿਕ, ਸੱਭਿਆਚਾਰਕ ਅਤੇ ਆਧਿਆਤਮਿਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਲੋਕਾਂ ਦੀਆਂ ਆਸਥਾਵਾਂ ਦਾ ਸਨਮਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਹਨ। ਅੰਤ ਵਿੱਚ ਸਮੂਹ ਸਰਪੰਚਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਪੰਜਾਬ ਦੇ ਸਰਵਪੱਖੀ ਵਿਕਾਸ, ਲੋਕ ਭਲਾਈ ਅਤੇ ਧਾਰਮਿਕ ਵਿਰਾਸਤ ਦੀ ਸੰਭਾਲ ਲਈ ਇਸੇ ਤਰ੍ਹਾਂ ਲੋਕ ਹਿੱਤ ਵਿੱਚ ਫ਼ੈਸਲੇ ਲਏ ਜਾਂਦੇ ਰਹਿਣਗੇ।