- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਦੇ ਪਲਾਟਾਂ ਦਾ ਲੱਕੀ ਡਰਾਅ ਪਾਰਦਰਸ਼ੀ ਢੰਗ ਨਾਲ ਕੱਢਿਆ

ਜਗਮੀਤ ਸਿੰਘ ਨੀਟਾ, ਪੰਜਾਬੀ ਜਾਗਰਣ, ਫਰੀਦਕੋਟ : ਇੰਪਰੂਵਮੈਂਟ ਟਰੱਸਟ ਫਰੀਦਕੋਟ ਵੱਲੋਂ ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਅਧੀਨ ਪਲਾਟਾਂ ਦੀ ਅਲਾਟਮੈਂਟ ਲਈ ਲੱਕੀ ਡਰਾਅ ਕੱਢਿਆ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਡਾ. ਰਜਿੰਦਰ ਕੁਮਾਰ ਬਾਂਸਲ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦਾ ਪੰਜਾਬ ਦੇ ਇਤਿਹਾਸ ਵਿੱਚ ਵਿਲੱਖਣ ਸਥਾਨ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੇ ਨਾਮ ’ਤੇ ਕਲੋਨੀ ਦਾ ਨਾਮ ਰੱਖਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਡਰਾਅ ਰਾਹੀਂ ਪਲਾਟ ਪ੍ਰਾਪਤ ਕਰਨ ਵਾਲੇ ਸਾਰੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਲਾਟਾਂ ਦੀ ਅਲਾਟਮੈਂਟ ਦੀ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਲੋਕਾਂ ਦਾ ਪ੍ਰਸ਼ਾਸਨ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਕਰਦਾ ਹੈ। ਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ ਨੇ ਕਿਹਾ ਕਿ ਲੰਮੇ ਸਮੇਂ ਬਾਅਦ ਫਰੀਦਕੋਟ ਵਿੱਚ ਡਰਾਅ ਰਾਹੀਂ ਪਲਾਟਾਂ ਦੀ ਅਲਾਟਮੈਂਟ ਹੋਣਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਬਿਨੈਕਾਰਾਂ ਦੀ ਮੌਜੂਦਗੀ ਵਿੱਚ ਡਰਾਅ ਕੱਢਿਆ ਜਾਣਾ ਇਸ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਦਰਸਾਉਂਦਾ ਹੈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਪਲਾਟਾਂ ਲਈ ਅਰਜ਼ੀਆਂ ਦੇਣ ਵਾਲੇ ਬਿਨੈਕਾਰਾਂ ਦੇ ਸਾਹਮਣੇ ਲੱਕੀ ਡਰਾਅ ਪੂਰੀ ਪਾਰਦਰਸ਼ਤਾ ਨਾਲ ਕੱਢਿਆ ਗਿਆ ਅਤੇ ਇਸ ਦੀ ਲਾਈਵ ਵੀਡੀਓਗ੍ਰਾਫੀ ਵੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਸਬੰਧਤ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਸਾਹਿਬਜ਼ਾਦਾ ਫਤਿਹ ਸਿੰਘ ਨਗਰ ਦੇ ਪਲਾਟਾਂ ਲਈ ਵੀ ਡਰਾਅ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਰੀਦਕੋਟ ਸ਼ਹਿਰ ਵਿੱਚ ਵੱਧ ਰਹੇ ਸ਼ਹਿਰੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਢੰਗ ਨਾਲ ਨਵੀਆਂ ਰਿਹਾਇਸ਼ੀ ਕਾਲੋਨੀਆਂ ਦਾ ਵਿਕਾਸ ਸਮੇਂ ਦੀ ਲੋੜ ਹੈ। ਚੇਅਰਮੈਨ ਇੰਮਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਤਹਿਤ ਕੁੱਲ 63 ਪਲਾਟਾਂ ਲਈ ਡਰਾਅ ਕੱਢਿਆ ਗਿਆ ਹੈ, ਜਿਨ੍ਹਾਂ ਵਿੱਚੋਂ 53 ਪਲਾਟ ਜਨਰਲ ਕੈਟਾਗਰੀ ਅਤੇ 10 ਪਲਾਟ ਐਸ.ਸੀ. ਕੈਟਾਗਰੀ ਲਈ ਰੱਖੇ ਗਏ ਸਨ। ਉਨ੍ਹਾਂ ਦੱਸਿਆ ਕਿ ਸਾਲ 2013 ਵਿੱਚ ਪਹਿਲੀ ਵਾਰ ਡਰਾਅ ਕੱਢਿਆ ਗਿਆ ਸੀ ਅਤੇ ਲਗਭਗ 13 ਸਾਲ ਬਾਅਦ ਮੁੜ ਪਲਾਟਾਂ ਦੀ ਅਲਾਟਮੈਂਟ ਲਈ ਡਰਾਅ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਲਾਟਾਂ ਦੀ ਅਲਾਟਮੈਂਟ ਲਈ ਡਰਾਅ ਦੀ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਣ ਵਾਲੇ ਫੰਡਾਂ ਦੀ ਵਰਤੋਂ ਸ਼ਹਿਰ ਦੇ ਵਿਕਾਸ ਅਤੇ ਸਬੰਧਤ ਕਾਲੋਨੀ ਵਿੱਚ ਲੋੜੀਂਦੇ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਨੀਤੂ ਕਪੂਰ, ਡਾ. ਗੁਰਸੇਵਕ ਸਿੰਘ, ਰਿੰਕੂ ਸਮਾਧਾਂ ਵਾਲਾ, ਪ੍ਰੀਤਮ ਸਿੰਘ ਭਾਣਾ, ਅਮਰਜੀਤ ਸਿੰਘ ਪਰਮਾਰ ਸਮੇਤ ਹੋਰ ਪਤਵੰਤੇ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕਾ ਜਸਬੀਰ ਸਿੰਘ ਜੱਸੀ ਵੱਲੋਂ ਬਾਖੂਬੀ ਨਿਭਾਈ ਗਈ।