ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੈ ਪੰਜਾਬ ਦੇ ਹੱਕਾਂ ਦੀ ਰਾਖੀ : ਬਰਾੜ
ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੈ ਪੰਜਾਬ ਦੇ ਹੱਕਾਂ ਦੀ ਰਾਖੀ : ਮਨਤਾਰ ਸਿੰਘ ਬਰਾੜ
Publish Date: Tue, 10 Mar 2026 05:02 PM (IST)
Updated Date: Wed, 11 Mar 2026 04:04 AM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ ਰੈਲੀਆਂ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸੂਬੇ ਵਿਚ ਅਕਾਲੀ ਦਲ ਦੀ ਚੜ੍ਹਤ ਦਿਨੋਂ-ਦਿਨ ਵਧ ਰਹੀ ਹੈ। ਜ਼ਿਲ੍ਹਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਮੋਗਾ ਰੋਡ ਉੱਪਰ ਸਥਿਤ ਕੋਟਕਪੂਰਾ ਦੀ ਦਾਣਾ ਮੰਡੀ ’ਚ 22 ਮਾਰਚ, ਦਿਨ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਵਿਸ਼ਾਲ ‘ਪੰਜਾਬ ਬਚਾਓ’ ਰੈਲੀ ’ਚ ਹਿੱਸਾ ਲੈਣ ਲਈ ਲੋਕ ਪੱਬਾਂ ਭਾਰ ਹਨ।
ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕੀਤਾ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸੂਬੇ ਦੇ ਲੋਕ ਅੱਜ ਵੀ 2017 ਤੋਂ ਪਹਿਲਾਂ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਨੂੰ ਯਾਦ ਕਰਦੇ ਹਨ, ਜਦੋਂ ਪੰਜਾਬ ਵਿਚ ਚੌਤਰਫ਼ਾ ਵਿਕਾਸ ਹੋਇਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਸੀ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਮੁਕੰਮਲ ਕੀਤੇ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਜਨਤਾ ਮੁੜ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ’ਤੇ ਮੋਹਰ ਲਗਾਵੇਗੀ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਲਾਰਿਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਅੱਜ ਪੰਜਾਬ ਦਾ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਪਾਰੀ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਨਿੱਘਰਦੀ ਹਾਲਤ ਅਤੇ ਵਧਦੀ ਨਸ਼ਾਖੋਰੀ ਨੇ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਕਰ ਦਿੱਤਾ ਹੈ ਅਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਹਰ ਵਰਗ ਅੱਜ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੈ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਅਤੇ ਸੂਬੇ ਨੂੰ ਮੁੜ ਤਰੱਕੀ ਦੀ ਲੀਹ ’ਤੇ ਚਾੜ੍ਹ ਸਕਦਾ ਹੈ।