ਅਕਾਲੀ ਦਲ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ : ਰੋਮਾਣਾ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਸੀ : ਪਰਮਬੰਸ ਸਿੰਘ ਰੋਮਾਣਾ
Publish Date: Wed, 16 Sep 2026 05:44 PM (IST)
Updated Date: Wed, 16 Sep 2026 05:44 PM (IST)
ਕਿਹਾ, ‘ਆਪ’ ਸਰਕਾਰ ਨੇ ਬਿਜਲੀ ਦੀ ਖਪਤ ਸਬੰਧੀ ਨਹੀਂ ਕੀਤੇ ਕੋਈ ਪ੍ਰਬੰਧ ਜਗਮੀਤ ਸਿੰਘ, ਪੰਜਾਬੀ ਜਾਗਰਣ : ਫਰੀਦਕੋਟ : ਪੰਜਾਬ ਵਿੱਚ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁੱਧਵਾਰ ਨੂੰ ਸੂਬੇ ਭਰ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨਾਂ ਤਹਿਤ ਫਰੀਦਕੋਟ ਦੇ ਕਸਬਾ ਸਾਦਿਕ ਵਿਖੇ ਬਿਜਲੀ ਘਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਪੰਜਾਬ ਸਰਕਾਰ ’ਤੇ ਬਿਜਲੀ ਪ੍ਰਬੰਧਨ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਘਰੇਲੂ ਖਪਤਕਾਰਾਂ ਨੂੰ ਕਈ-ਕਈ ਘੰਟਿਆਂ ਦੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਖੇਤੀਬਾੜੀ ਖੇਤਰ ਵਿੱਚ ਟਿਊਬਵੈੱਲਾਂ ਲਈ ਵੀ ਸੀਮਤ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਦਯੋਗਿਕ ਖੇਤਰ ਨੂੰ ਵੀ ਰਾਤ ਸਮੇਂ ਬਿਜਲੀ ਬੰਦ ਰੱਖਣ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਅਤੇ ਉਦਯੋਗਪਤੀਆਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਉਨ੍ਹਾਂ ਨੂੰ ਸਾਲ 2007 ਤੋਂ ਪਹਿਲਾਂ ਦੇ ਸਮੇਂ ਦੀ ਯਾਦ ਦਿਵਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਲ 2007 ਵਿੱਚ ਪੰਜਾਬ ਦੀ ਬਿਜਲੀ ਉਤਪਾਦਨ ਸਮਰੱਥਾ ਕਰੀਬ 6,200 ਮੈਗਾਵਾਟ ਸੀ। ਉਨ੍ਹਾਂ ਅਨੁਸਾਰ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਥਰਮਲ, ਬਾਇਓਮਾਸ, ਸੋਲਰ ਅਤੇ ਹਾਈਡਲ ਪ੍ਰੋਜੈਕਟਾਂ ਰਾਹੀਂ ਬਿਜਲੀ ਉਤਪਾਦਨ ਸਮਰੱਥਾ ਵਿੱਚ ਵੱਡਾ ਵਾਧਾ ਕੀਤਾ ਗਿਆ ਅਤੇ ਇਹ ਸਮਰੱਥਾ ਕਰੀਬ 13,900 ਮੈਗਾਵਾਟ ਤੱਕ ਪਹੁੰਚ ਗਈ। ਰੋਮਾਣਾ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਸਮੇਂ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਲਈ ਕਰੀਬ 5,000 ਕਰੋੜ ਰੁਪਏ ਖਰਚ ਕੀਤੇ ਗਏ ਅਤੇ ਨਵੇਂ ਗ੍ਰਿਡ ਸਥਾਪਤ ਕਰਨ ਦੇ ਨਾਲ-ਨਾਲ ਪੁਰਾਣੇ ਗ੍ਰਿਡਾਂ ਦੀ ਸਮਰੱਥਾ ਵੀ ਵਧਾਈ ਗਈ। ਇਸ ਦੇ ਚਲਦਿਆਂ ਸੂਬਾ ਬਿਜਲੀ ਦੇ ਮਾਮਲੇ ਵਿੱਚ ਸਰਪਲੱਸ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 10 ਸਾਲਾਂ ਦੌਰਾਨ ਬਿਜਲੀ ਦੀ ਮੰਗ ਵਿੱਚ ਲਗਾਤਾਰ ਵਾਧਾ ਹੋਇਆ ਹੈ, ਪਰ ਇਸ ਦੇ ਮੁਕਾਬਲੇ ਸਰਕਾਰੀ ਪੱਧਰ ’ਤੇ ਨਵੀਂ ਉਤਪਾਦਨ ਸਮਰੱਥਾ ਜੋੜਨ ਦੀ ਰਫ਼ਤਾਰ ਘੱਟ ਰਹੀ। ਰੋਮਾਣਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜ ਸਾਲ ਕਾਂਗਰਸ ਸਰਕਾਰ ਦੇ ਕਾਰਜਕਾਲ ਅਤੇ ਹੁਣ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਬਿਜਲੀ ਉਤਪਾਦਨ ਸਮਰੱਥਾ ਵਿੱਚ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਦੇ ਮੁਤਾਬਕ ਮੌਜੂਦਾ ਸਮੇਂ ਵਿੱਚ ਦਿਖਾਈ ਜਾ ਰਹੀ ਵਾਧੂ ਸਮਰੱਥਾ ਦਾ ਇੱਕ ਹਿੱਸਾ ਨਿੱਜੀ ਤੌਰ ’ਤੇ ਲਗਾਏ ਗਏ ਸੋਲਰ ਪੈਨਲਾਂ ਤੋਂ ਆ ਰਿਹਾ ਹੈ। ਇਸ ਕਾਰਨ ਮੌਜੂਦਾ ਸਥਿਤੀ ਪੈਦਾ ਹੋਈ ਹੈ ਅਤੇ ਸੂਬੇ ਭਰ ਦੇ ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਕੋਈ ਢੁਕਵੇਂ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਗੰਭੀਰ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ। ਰੋਮਾਣਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਮੁੜ ਸਰਕਾਰ ਬਣਨ ’ਤੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਉਣ ਦਾ ਵਾਅਦਾ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।