- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗਿਆਨ ਅੰਜਨ ਸਮਰ ਕੈਂਪ ਦਾ ਆਯੋਜਨ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਰੋੜੀਕਪੂਰਾ ਵੱਲੋਂ ਖੇਤਰ ਜੈਤੋ ਦੇ ਸਹਿਯੋਗ ਨਾਲ ਪਿੰਡ ਰੋੜੀਕਪੂਰਾ ਦੇ ਅੰਦਰਲੇ ਗੁਰਦੁਆਰਾ ਸਾਹਿਬ ਵਿਖੇ ਇੱਕ ਹਫ਼ਤੇ ਦਾ ‘ਗਿਆਨ ਅੰਜਨ ਸਮਰ ਕੈਂਪ’ ਬੜੇ ਉਤਸ਼ਾਹ ਅਤੇ ਸਫ਼ਲਤਾ ਨਾਲ ਲਗਾਇਆ ਗਿਆ। ਇਸ ਕੈਂਪ ਵਿੱਚ ਰੋਜ਼ਾਨਾ ਲਗਭਗ 50 ਬੱਚਿਆਂ ਨੇ ਸ਼ਮੂਲੀਅਤ ਕਰਕੇ ਧਾਰਮਿਕ, ਨੈਤਿਕ ਅਤੇ ਜੀਵਨ ਨਾਲ ਸਬੰਧਤ ਮਹੱਤਵਪੂਰਨ ਸਿੱਖਿਆ ਪ੍ਰਾਪਤ ਕੀਤੀ। ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਵਿਚਾਰਧਾਰਾ ਅਤੇ ਉੱਚੇ ਜੀਵਨ ਮੁੱਲਾਂ ਨਾਲ ਜੋੜਨਾ ਸੀ ਤਾਂ ਜੋ ਉਹ ਭਵਿੱਖ ਵਿੱਚ ਚੰਗੇ ਸੰਸਕਾਰਾਂ ਵਾਲੇ ਜ਼ਿੰਮੇਵਾਰ ਨਾਗਰਿਕ ਬਣ ਸਕਣ। ਕੈਂਪ ਦੌਰਾਨ ਬੱਚਿਆਂ ਨੂੰ ਮਲਟੀਮੀਡੀਆ ਸ਼ੋਅ, ਗਿਆਨਵਰਧਕ ਫ਼ਿਲਮਾਂ, ਲਾਈਫ ਸਕਿੱਲ ਸੈਸ਼ਨਾਂ, ਕਹਾਣੀਆਂ ਅਤੇ ਵਿਸ਼ੇਸ਼ ਲੈਕਚਰਾਂ ਰਾਹੀਂ ਜੀਵਨ ਵਿੱਚ ਅਨੁਸ਼ਾਸਨ, ਇਮਾਨਦਾਰੀ, ਸੇਵਾ ਭਾਵਨਾ ਅਤੇ ਮਨੁੱਖਤਾ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਟੱਡੀ ਸਰਕਲ ਦੇ ਬੁਲਾਰਿਆਂ ਵੱਲੋਂ ਬੱਚਿਆਂ ਨੂੰ ਸਿੱਖ ਇਤਿਹਾਸ, ਮਹਾਨ ਸ਼ਖ਼ਸੀਅਤਾਂ ਅਤੇ ਗੁਰਸਿੱਖ ਜੀਵਨ ਜਾਚ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਬੱਚਿਆਂ ਨੂੰ ਤਕਨਾਲੋਜੀ ਦੀ ਸਹੀ ਵਰਤੋਂ, ਨਸ਼ਿਆਂ ਤੋਂ ਦੂਰ ਰਹਿਣ, ਮਾਪਿਆਂ ਦਾ ਸਤਿਕਾਰ ਕਰਨ ਅਤੇ ਸਮਾਜ ਦੀ ਭਲਾਈ ਲਈ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਕੈਂਪ ਦੌਰਾਨ ਬੱਚਿਆਂ ਦੇ ਆਤਮ-ਵਿਸ਼ਵਾਸ, ਰਚਨਾਤਮਕ ਸੋਚ ਅਤੇ ਲੀਡਰਸ਼ਿਪ ਗੁਣਾਂ ਨੂੰ ਵਿਕਸਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਨਵੀਆਂ ਗੱਲਾਂ ਸਿੱਖੀਆਂ। ਇਸ ਮੌਕੇ ਕਈ ਮਾਪੇ ਵੀ ਆਪਣੇ ਬੱਚਿਆਂ ਦੇ ਨਾਲ ਕੈਂਪ ਵਿੱਚ ਸ਼ਾਮਲ ਹੋਏ। ਮਾਪਿਆਂ ਨੇ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਦੇ ਚਰਿੱਤਰ ਨਿਰਮਾਣ ਅਤੇ ਉਨ੍ਹਾਂ ਨੂੰ ਚੰਗੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕੈਂਪ ਦੇ ਸਮਾਪਤੀ ਸਮਾਗਮ ਦੌਰਾਨ ਬੱਚਿਆਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਇਸ ਕੈਂਪ ਨੇ ਉਨ੍ਹਾਂ ਨੂੰ ਚੰਗੇ ਵਿਚਾਰਾਂ, ਉੱਚੇ ਆਚਰਨ ਅਤੇ ਸਮਾਜ ਸੇਵਾ ਦੀ ਪ੍ਰੇਰਣਾ ਦਿੱਤੀ ਹੈ। ਬੱਚਿਆਂ ਵੱਲੋਂ ਧਾਰਮਿਕ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ, ਜਿਨ੍ਹਾਂ ਦੀ ਹਾਜ਼ਰ ਸੰਗਤ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਜ਼ੋਨਲ ਪ੍ਰਧਾਨ ਰਣਜੀਤ ਸਿੰਘ ਖੱਚੜਾਂ, ਖੇਤਰ ਪ੍ਰਧਾਨ ਤੇਜ ਸਿੰਘ, ਸਕੱਤਰ ਕੁਲਵਿੰਦਰ ਸਿੰਘ, ਗੁਰਚਰਨ ਸਿੰਘ, ਪ੍ਰਕਾਸ਼ ਸਿੰਘ ਜੈਤੋ, ਇੰਦਰਜੀਤ ਸਿੰਘ ਰਾਜੂ, ਡਾ. ਜਲੰਧਰ ਸਿੰਘ, ਡਾ. ਪਾਲ ਸਿੰਘ, ਭਾਈ ਰਣਜੀਤ ਸਿੰਘ ਗ੍ਰੰਥੀ, ਜੰਗੀਰ ਸਿੰਘ, ਸੁਖਪ੍ਰੀਤ ਸਿੰਘ ਅਤੇ ਹੋਰ ਸੇਵਾਦਾਰਾਂ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਅਹਿਮ ਸੇਵਾਵਾਂ ਨਿਭਾਈਆਂ। ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ, ਪਿੰਡ ਦੇ ਮੋਹਤਬਰ ਸੱਜਣਾਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਇਹ ਸਮਰ ਕੈਂਪ ਯਾਦਗਾਰੀ ਹੋ ਨਿਬੜਿਆ। ਸਟੱਡੀ ਸਰਕਲ ਦੇ ਅਹੁਦੇਦਾਰਾਂ ਨੇ ਸਹਿਯੋਗ ਦੇਣ ਵਾਲੀਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਲੋਕ-ਭਲਾਈ ਅਤੇ ਸਿੱਖਿਆਦਾਇਕ ਉਪਰਾਲੇ ਜਾਰੀ ਰੱਖਣ ਦਾ ਵਿਸ਼ਵਾਸ ਪ੍ਰਗਟ ਕੀਤਾ।