- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਰਵਿਦਾਸ ਜੀ ਦਾ ਦੇਸ਼ ਦੀ ਏਕਤਾ ’ਚ ਵੱਡਾ ਯੋਗਦਾਨ : ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਨੇ ਸਮਾਜ ਨੂੰ ਹਮੇਸ਼ਾ ਸਹੀ ਸੇਧ ਦਿੱਤੀ ਹੈ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਦੇਸ਼ ਦੀ ਏਕਤਾ ਅਤੇ ਭਾਈਚਾਰਕ ਸਾਂਝ ਵਿਚ ਵੱਡਾ ਯੋਗਦਾਨ ਹੈ। ਸ਼੍ਰੀ ਗੁਰੂ ਰਵਿਦਾਸ ਜੀ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਸ਼ਖਸੀਅਤ ਸਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਇੰਜੀਨੀਅਰ ਅਮੋਲਕ ਸਿੰਘ ਨੇ ਜੈਤੋ ਵਿਖੇ ਸ਼੍ਰੀ ਗੁਰੂ ਰਵਿਦਾਸ ਮਾਹਾਰਾਜ ਜੀ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾ ਅਤੇ ਬਾਣੀ ਦਾ ਜ਼ਿਕਰ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀ ਦੂਰ ਅੰਦੇਸ਼ੀ ਸੋਚ ਨੇ ਸਮਾਜ ਨੂੰ ਸਹੀ ਸੇਧ ਦਿੱਤੀ ਹੈ, ਅਸੀਂ ਉਨ੍ਹਾਂ ਦੀਆਂ ਸਿੱਖਿਆਵਾ ਤੇ ਦਰਸਾਏ ਮਾਰਗ ਉੱਤੇ ਚੱਲ ਰਹੇ ਹਾਂ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਸਾਡਾ ਦੇਸ਼ ਵੱਖ ਵੱਖ ਧਰਮਾਂ ਨੂੰ ਇੱਕ ਮਾਲਾ ਵਿਚ ਸੰਜੋਣ ਵਾਲਾ ਸੰਸਾਰ ਦਾ ਇੱਕੋ ਇੱਕ ਮੁਲਕ ਹੈ, ਜਿਸ ਵਿਚ ਵੱਖ-ਵੱਖ ਧਰਮਾਂ ਜਾਤਾਂ ਦੇ ਲੋਕ ਭਾਈਚਾਰਕ ਸਾਂਝ ਕਾਇਮ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਅਜਿਹੀ ਮਿਸਾਲ ਕਿਤੇ ਹੋਰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਧਰਮਾਂ ਦੇ ਤਿਉਹਾਰ ਬਹੁਤ ਹੀ ਸ਼ਰਧਾ ਨਾਲ ਮਨਾਏ ਜਾਂਦੇ ਹਨ, ਅੱਜ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਮੁੱਖ ਮੰਤਰੀ, ਕੈਬਨਿਟ ਮੰਤਰੀ, ਵਿਧਾਇਕ ਅਤੇ ਹੋਰ ਅਹੁਦੇਦਾਰ ਸਮੁੱਚੇ ਪੰਜਾਬ ਦੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ ਨੇ ਹਲਕਾ ਜੈਤੋ ਦੀਆਂ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੇ ਸਮਾਜ ਵਿਚ ਏਕਤਾ, ਸਮਾਨਤਾ, ਸੁਤੰਤਰਤਾ ਤੇ ਸਰਬ-ਸਾਂਝੀਵਾਲਤਾ ਦਾ ਉਦੇਸ਼ ਦਿੱਤਾ ਅਤੇ ਸਤਿਗੁਰਾਂ ਦੀ ਆਨੰਦਮਈ ਅੰਮ੍ਰਿਤ ਬਾਣੀ ਸਾਨੂੰ ਕਰਮ-ਕਾਂਡਾਂ ’ਤੇ ਵਹਿਮਾਂ-ਭਰਮਾਂ ਤੋਂ ਉੱਪਰ ਉੱਠ ਕੇ ਸੁਚੱਜਾ ਜੀਵਨ ਜਿਉਣ ਦੀ ਸੇਧ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ, ਜਿਨ੍ਹਾਂ ’ਤੇ ਚੱਲ ਕੇ ਸਾਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫੇ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਨੇ ਕਿਹਾ ਕਿ ਅੱਜ ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਫਿਰਕੂ ਸਦਭਾਵਨਾ ਤਾਂ ਹੀ ਕਾਇਮ ਰਹਿ ਸਕਦੀ ਹੈ ਜੇਕਰ ਅਸੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਰਬਤ ਦੇ ਭਲੇ ਦੀ ਅਰਦਾਸ ਕਰੀਏ ਤੇ ਸਭ ਨੁੰ ਬਰਾਬਰ ਸਮਝੀਏ।