ਹਰਪ੍ਰੀਤ ਸਿੰਘ ਚਾਨਾ, ਫਰੀਦਕੋਟ : 14 ਅਕਤੂਬਰ 2015 ਵਾਲੇ ਦਿਨ ਤੜਕਸਾਰ ਬੱਤੀਆਂ ਵਾਲਾ ਚੌਕ ਕੋਟਕਪੂਰਾ ’ਚ ਪੁਲਿਸ ਵਲੋਂ ਸੰਗਤਾਂ 'ਤੇ ਕੀਤੇ ਹਮਲੇ ਤੋਂ ਬਾਅਦ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਣ ਦੀ ਆਸ ਬੱਝਦੀ ਪ੍ਰਤੀਤ ਹੋ ਰਹੀ ਹੈ ਕਿਉਂਕਿ ਉਕਤ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਅੱਜ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਦੋਸ਼ ਪੱਤਰ (ਚਲਾਨ) ਪੇਸ਼ ਕਰ ਦਿੱਤਾ ਹੈ। ਅਦਾਲਤ ਨੇ ਚਲਾਨ ਪੇਸ਼ ਹੋਣ ਤੋਂ ਬਾਅਦ ਉਕਤ ਮਾਮਲੇ ਵਿੱਚ ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕਰਕੇ 18 ਫਰਵਰੀ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਦੱਸਣਯੋਗ ਹੈ ਕਿ ਬਾਕੀ ਮੁਲਜ਼ਮਾਂ ਖਿਲਾਫ ਅਦਾਲਤ ਵਿੱਚ ਪਹਿਲਾਂ ਹੀ ਚਲਾਨ ਪੇਸ਼ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ ਸਥਾਨਕ ਬੱਤੀਆਂ ਵਾਲਾ ਚੌਕ ’ਚ 14 ਅਕਤੂਬਰ ਵਾਲੇ ਦਿਨ ਪੁਲਿਸ ਨੇ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉੱਪਰ ਪਾਣੀ ਦੀਆਂ ਵਾਛੜਾਂ, ਅੱਥਰੂ ਗੈਸ ਦੇ ਗੋਲੇ, ਲਾਠੀਚਾਰਜ ਅਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ।

ਉਲਟਾ ਕੁਝ ਪ੍ਰਚਾਰਕਾਂ ਸਮੇਤ ਸੰਗਤਾਂ ਉੱਪਰ ਹੀ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਅਨੁਸਾਰ ਪੀੜਤ ਅਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਜ਼ਿਲ੍ਹਾ ਬਰਨਾਲਾ ਦੇ ਬਿਆਨਾ ਦੇ ਆਧਾਰ ’ਤੇ ਸਥਾਨਕ ਸਿਟੀ ਥਾਣੇ ਵਿਖੇ ਅਣਪਛਾਤੀ ਪੁਲਿਸ ਖਿਲਾਫ ਆਈਪੀਸੀ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ 7-8-2015 ਨੂੰ ਮੁਕੱਦਮਾ ਨੰਬਰ 129 ਦਰਜ ਕੀਤਾ ਗਿਆ। ਐਸਆਈਟੀ ਨੇ ਜਾਂਚ ਉਪਰੰਤ ਉਕਤ ਮਾਮਲੇ ਵਿੱਚ ਘਟਨਾ ਸਥਾਨ ਮੌਕੇ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਨਾਮਜ਼ਦ ਕਰਨ ਤੋਂ ਬਾਅਦ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੀ ਉਕਤ ਮਾਮਲੇ ’ਚ ਨਾਮਜ਼ਦ ਕਰ ਲਿਆ।

Posted By: Ramanjit Kaur