
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਾਫ਼ ਪੀਣ ਵਾਲੇ ਪਾਣੀ ਲਈ ਆਰ.ਓ. ਪਲਾਂਟ, ਪਾਈਪਲਾਈਨ ਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਦਾ ਸਪੀਕਰ ਸੰਧਵਾਂ ਨੇ ਕੀਤਾ ਉਦਘਾਟਨ

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਵਿਖੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਪਲਾਂਟ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਖਾਰਾ ਵਿਖੇ 21 ਲੱਖ 28 ਹਜ਼ਾਰ ਰੁਪਏ ਦੀ ਲਾਗਤ ਨਾਲ 100 ਫ਼ੀਸਦੀ ਸਬਸਿਡੀ ਤਹਿਤ ਪਾਈਪਲਾਈਨ ਦੇ ਕੰਮ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਫ਼ ਪੀਣ ਵਾਲਾ ਪਾਣੀ, ਸਾਫ਼-ਸੁਥਰਾ ਵਾਤਾਵਰਣ ਅਤੇ ਪਾਣੀ ਦੀ ਸੁਚਾਰੂ ਨਿਕਾਸੀ ਹਰ ਨਾਗਰਿਕ ਦੀ ਮੁੱਢਲੀ ਲੋੜ ਹੈ, ਜਿਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਿੰਡ ਖਾਰਾ ਵਿਖੇ 100 ਫ਼ੀਸਦੀ ਸਬਸਿਡੀ ਤਹਿਤ ਪਾਈਪਲਾਈਨ ਦਾ ਕੰਮ ਕਰਵਾਇਆ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਲੋਕ-ਪੱਖੀ ਕਾਰਜਾਂ ਨੂੰ ਹੋਰ ਵੀ ਗਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋੜ ਅਨੁਸਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਸਕੂਲ ਪਿੰਡ ਖਾਰਾ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਪੜ੍ਹਾਈ, ਖੇਡਾਂ ਅਤੇ ਸਕੂਲ ਵਿੱਚ ਉਪਲਬਧ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਸਪੀਕਰ ਸ. ਸੰਧਵਾਂ ਨੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਸਕੂਲ ਦੀਆਂ ਲੋੜਾਂ ਅਤੇ ਵਿਦਿਆਰਥੀਆਂ ਦੀ ਸਿੱਖਿਆ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਬਿਹਤਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਸਰਪੰਚ ਜਗਤਾਰ ਸਿੰਘ ਬਰਾੜ, ਕੁਲਦੀਪ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਰੇਸ਼ਮ ਸੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਬਲਜੀਤ ਕੌਰ ਪੰਚ, ਮਨਪ੍ਰੀਤ ਕੌਰ ਪੰਚ, ਦਲਜੀਤ ਕੌਰ ਪੰਚ, ਹਰਜੀਤ ਕੌਰ ਪੰਚ, ਪ੍ਰਿ. ਕੁਲਵਿੰਦਰ ਕੌਰ, ਸਰਬਜੀਤ ਕੌਰ, ਮਨਿੰਦਰਪਾਲ ਸਿੰਘ, ਹਰਸੁਖਜਿੰਦਰ ਸਿੰਘ, ਨੀਲਮ ਕੁਮਾਰੀ, ਬਲਵਿੰਦਰ ਸਿੰਘ ਤੋਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।