ਫਰੀਦਕੋਟ ’ਚ ਸਪੀਕਰ ਸੰਧਵਾਂ ਨੇ ਲਾਇਆ ਬੀਜੇਪੀ ’ਤੇ ਨਿਸ਼ਾਨਾ
ਫਰੀਦਕੋਟ ’ਚ ਸਪੀਕਰ ਸੰਧਵਾਂ ਨੇ ਲਗਾਇਆ ਬੀਜੇਪੀ ‘ਤੇ ਨਿਸ਼ਾਨਾ
Publish Date: Tue, 06 Jan 2026 06:06 PM (IST)
Updated Date: Wed, 07 Jan 2026 04:03 AM (IST)
ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ,
ਫਰੀਦਕੋਟ :ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਨੂੰਨ-ਵਿਵਸਥਾ ‘ਤੇ ਸਵਾਲ ਉਠਾਉਣ |ਤੇ ਬੀਜੇਪੀ ਨੇਤਾਵਾਂ |ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਬੀਜੇਪੀ ਨੂੰ ਪੰਜਾਬ ਦੀ ਥਾਂ ਉੱਤਰ ਪ੍ਰਦੇਸ਼ ਦੇ ਹਾਲਾਤ ੍ਯਤੇ ਚਿੰਤਾ ਕਰਨ ਦੀ ਸਲਾਹ ਦਿੱਤੀ ਹੈ।
ਫਰੀਦਕੋਟ ਦੌਰੇ ਦੌਰਾਨ ਸਪੀਕਰ ਸੰਧਵਾਂ ਨੇ ਹਾਲ ਹੀ ਵਿੱਚ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਸਰਪੰਚ ਦੀ ਹੱਤਿਆ ਦੇ ਮਾਮਲੇ ’ਤੇ ਡੂੰਘਾ ਦੁੱਖ ਜਤਾਉਂਦੇ ਹੋਏ ਕਿਹਾ ਕਿ ਇਸ ਦੁੱਖਦਾਈ ਘਟਨਾ ਨਾਲ ਸਰਪੰਚ ਦੇ ਪਰਿਵਾਰ ਪ੍ਰਤੀ ਉਨ੍ਹਾਂ ਦੀ ਪੂਰੀ ਸੰਵੇਦਨਾ ਹੈ ਅਤੇ ਸਰਕਾਰ ਇਸ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਣ ਵਾਲੀ ਨਹੀਂ ਹੈ। ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਕੜੀ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਕਾਇਮ ਹੈ ਅਤੇ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।
ਉੱਤਰ ਪ੍ਰਦੇਸ਼ ’ਚ ਰੇਪ ਕੇਸ ਵਿੱਚ ਬੀਜੇਪੀ ’ਤੇ ਉਠਾਏ ਸਵਾਲ
ਭਾਜਪਾ ਵੱਲੋਂ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਉਠਾਏ ਜਾ ਰਹੇ ਸਵਾਲਾਂ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਸੰਧਵਾਂ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਦੀ ਆਲੋਚਨਾ ਕਰਨ ਦੀ ਬਜਾਏ ਉੱਤਰ ਪ੍ਰਦੇਸ਼ ਦੀ ਸਥਿਤੀ ‘ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼ ਵਿੱਚ ਭਾਜਪਾ ਵਿਧਾਇਕ ਵੱਲੋਂ ਇੱਕ ਲੜਕੀ ਨਾਲ ਰੇਪ ਕੀਤਾ ਗਿਆ ਅਤੇ ਜਦੋਂ ਪੀੜਤ ਪਰਿਵਾਰ ਨੇ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਤਾਂ ਉਸ ਦੇ ਪਿਤਾ ਦੀ ਥਾਣੇ ਵਿੱਚ ਹੀ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਇਸੀ ਮਾਮਲੇ ਦੀ ਪੈਰਵੀ ਕਰਨ ਵਾਲੇ ਵਕੀਲ ਅਤੇ ਉਸ ਦੀ ਇੱਕ ਮਹਿਲਾ ਰਿਸ਼ਤੇਦਾਰ ਦੀ ਵੀ ਸਾਜ਼ਿਸ਼ ਤਹਿਤ ਹਾਦਸਾ ਕਰਵਾ ਕੇ ਹੱਤਿਆ ਕਰਵਾ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੋਹਰਾਇਆ ਕਿ ਪੰਜਾਬ ਸਰਕਾਰ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਜੇ ਕੋਈ ਘਟਨਾ ਵਾਪਰਦੀ ਹੈ ਤਾਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਰਿਹਾ ਹੈ।