ਸਪੀਕਰ ਸੰਧਵਾਂ ਨੇ ਪੀਟੀਐੱਮ ’ਚ ਕੀਤੀ ਸ਼ਮੂਲੀਅਤ
ਸਪੀਕਰ ਸੰਧਵਾ ਨੇ ਡਾ. ਹਰੀ ਸਿੰਘ ਸੇਵਕ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ
Publish Date: Sat, 07 Feb 2026 05:51 PM (IST)
Updated Date: Sun, 08 Feb 2026 04:05 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ, ਕੋਟਕਪੂਰਾ ਵਿਖੇ ਹੋ ਰਹੀ ਮਾਪੇ-ਅਧਿਆਪਕ ਮਿਲਣੀ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਪੀਕਰ ਸੰਧਵਾ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਬੱਚਿਆਂ ਦੇ ਸੁਨਹਿਰੀ ਭਵਿੱਖ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਸਕੂਲ ਵਿੱਚ ਚੱਲ ਰਹੇ ਨਵੇਂ ਉਸਾਰੀ ਕਾਰਜਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣਾ ਹੈ, ਜੋ ਕਿ ਲਗਾਤਾਰ ਜਾਰੀ ਹੈ। ਉਨਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਨਾਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਾਲੇ ਆਪਸੀ ਸਾਂਝ ਹੋਰ ਮਜਬੂਤ ਹੁੰਦੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਅਧਿਆਪਕ ਉਨ੍ਹਾਂ ਨੂੰ ਸਕੂਲਾਂ ਵਿੱਚ ਦੋਸਤਾਨਾ ਮਾਹੌਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਉਹ ਬੇਝਿਜਕ ਹੋ ਕੇ ਆਪਣੀਆਂ ਵਿੱਦਿਅਕ ਉਲਝਣਾਂ ਦਾ ਹੱਲ ਕਰਵਾ ਸਕਣ। ਉਨ੍ਹਾਂ ਕਿਹਾ ਕਿ ਅਧਿਆਪਕ ਚੰਗੇ ਸਮਾਜ ਦੇ ਨਿਰਮਾਣ ਦੀ ਨੀਂਹ ਹਨ ਕਿਉਂਕਿ ਵਿਦਿਆਰਥੀ ਹੀ ਅੱਗੇ ਚੱਲ ਕੇ ਨਿਰੋਏ ਸਮਾਜ ਦੀ ਸਿਰਜਣਾ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ, ਸੱਭਿਆਚਾਰ ਅਤੇ ਵਾਤਾਵਰਣ ਵਰਗੇ ਅਹਿਮ ਖੇਤਰਾਂ ਨਾਲ ਵੀ ਜੋੜ ਕੇ ਉਹਨਾ ਦੇ ਮਨਾਂ ਵਿੱਚ ਉਤਸ਼ਾਹ ਭਰਨਾ ਚਾਹੀਦਾ ਹੈ।