ਸਪੀਕਰ ਸੰਧਵਾਂ ਨੇ ਵਾਟਰ ਵਰਕਸ ਕੋਟਕਪੂਰਾ ਦਾ ਦੌਰਾ ਕੀਤਾ
ਸਪੀਕਰ ਸੰਧਵਾਂ ਨੇ ਪੀਣ ਵਾਲੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਵਾਟਰ ਵਰਕਸ ਕੋਟਕਪੂਰਾ ਦਾ ਦੌਰਾ ਕੀਤਾ
Publish Date: Thu, 26 Feb 2026 03:37 PM (IST)
Updated Date: Fri, 27 Feb 2026 04:01 AM (IST)
ਚਾਨਾ ਪੰਜਾਬੀ ਜਾਗਰਣ ਕੋਟਕੂਪਰਾ : ਹਲਕਾ ਕੋਟਕਪੂਰਾ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਨਿਰਵਿਘਨ ਕਰਨ ਅਤੇ ਪਾਣੀ ਦੀ ਘਾਟ ਨੂੰ ਦੂਰ ਕਰਨ ਦੇ ਮੰਤਵ ਨਾਲ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਸਥਿਤ ਵਾਟਰ ਵਰਕਸ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਪਹਿਲਾਂ ਹੀ ਪੀਣ ਵਾਲੇ ਪਾਣੀ ਦੀ ਸਮੱਸਿਆਂ ਨੂੰ ਦੂਰ ਕਰਨ ਲਈ ਜੈਤੋ ਰੋਡ ਉਪਰ ਸਥਿਤ ਸੂਏ ਉਪਰ ਰੈਗੂਲੇਟਰ ਲਗਾ ਕੇ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ, ਪਰ ਹੁਣ ਪਾਣੀ ਦੀ ਬਿਨਾਂ ਰੁਕਾਵਟ ਸਪਲਾਈ ਦੇਣ ਦੇ ਮੰਤਵ ਨਾਲ ਵਾਟਰ ਵਰਕਸ ਦੀ ਸਟੋਰੇਜ ਸਮਰੱਥਾ ਵਧਾਉਣ ਬਾਰੇ ਅੱਜ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਤੇ ਲੰਮਾ ਸਮਾਂ ਲੱਗ ਸਕਦਾ ਹੈ। ਇਸ ਲਈ ਘੱਟ ਸਮੇਂ ਵਿੱਚ ਕੰਮ ਕਰਕੇ ਪਾਣੀ ਦੀ ਸਪਲਾਈ ਚਾਲੂ ਰੱਖਣ ਲਈ ਖਰਾਬ ਮੋਟਰਾਂ ਅਤੇ ਹੋਰ ਉਪਕਰਨਾਂ ਨੂੰ ਠੀਕ ਕਰਵਾਉਣ ਦੇ ਅੱਜ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਜਿੱਥੇ ਗੰਦਾ ਪਾਣੀ ਰਲਦਾ ਸੀ ਦੀ 6.50 ਕਰੋੜ ਰੁਪਏ ਦੀ ਲਾਗਤ ਨਾਲ ਰਿਪੇਅਰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਗੈਰੀ ਵੜਿੰਗ ਤੋਂ ਇਲਾਵਾ ਹੋਰ ਹਾਜ਼ਰ ਸਨ।