
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਪੀਕਰ ਸੰਧਵਾਂ ਨੇ 6.15 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖੂਹੀ ਵਾਲਾ ਡੇਰਾ, ਪਿੰਡ ਵਾਂਦਰ ਜਟਾਣਾ ਵਿਖੇ ਲਿੰਕ ਸੜਕ ਵਾੜਾਦਰਾਕਾ - ਦੁਆਰੇਆਣਾ ਤੋਂ ਕੋਟਕਪੂਰਾ-ਜਲਾਲੇਆਣਾ ਰੋਡ ਨੂੰ ਅਪਗ੍ਰੇਡ ਕਰਨ ਅਤੇ ਪਿੰਡ ਖਾਰਾ ਵਿਖੇ ਲਿੰਕ ਸੜਕ ਖਾਰਾ ਤੋਂ ਠਾੜਾ ਦੀ ਨਵੀਂ ਉਸਾਰੀ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ। ਦੋਵੇਂ ਸੜਕ ਪ੍ਰੋਜੈਕਟਾਂ ਦੀ ਉਸਾਰੀ/ਅਪਗ੍ਰੇਡੇਸ਼ਨ ਦੀ ਕੁੱਲ ਅੰਦਾਜ਼ਨ ਲਾਗਤ 614.85 ਲੱਖ ਹੋਵੇਗੀ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਵਾੜਾਦਰਾਕਾ - ਦੁਆਰੇਆਣਾ ਤੋਂ ਕੋਟਕਪੂਰਾ-ਜਲਾਲੇਆਣਾ ਰੋਡ ਨੂੰ 519.70 ਲੱਖ ਰੁਪਏ ਦੀ ਲਾਗਤ ਨਾਲ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ ਅਤੇ ਇਸ ਦੀ ਅਗਲੇ ਪੰਜ ਸਾਲਾਂ ਲਈ ਸਾਂਭ-ਸੰਭਾਲ ਵਾਸਤੇ ਕਰੀਬ 36 ਲੱਖ ਰੁਪਏ ਰੱਖੇ ਗਏ ਹਨ। ਇਸੇ ਤਰ੍ਹਾਂ 2.70 ਕਿਲੋਮੀਟਰ ਲੰਬੀ ਲਿੰਕ ਸੜਕ ਖਾਰਾ ਤੋਂ ਠਾੜਾ ਦੀ ਨਵੀਂ ਉਸਾਰੀ ’ਤੇ 95.15 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਦੀ ਸਾਂਭ-ਸੰਭਾਲ ਲਈ 9.39 ਲੱਖ ਰੁਪਏ ਦੀ ਰਕਮ ਵੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਨਾਲ ਖਾਰਾ, ਠਾੜਾ, ਵਾੜਾਦਰਾਕਾ, ਦੁਆਰੇਆਣਾ ਅਤੇ ਜਲਾਲੇਆਣਾ ਸਮੇਤ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ।ਸਪੀਕਰ ਸੰਧਵਾਂ ਨੇ ਕਿਹਾ ਕਿ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਦੀ ਲੜੀ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ, ਸਮੂਹ ਗ੍ਰਾਮ ਪੰਚਾਇਤਾਂ ਵਾੜਾਦਰਾਕਾ, ਦੁਆਰੇਆਣਾ, ਜਲਾਲੇਆਣਾ, ਖਾਰਾ ਅਤੇ ਠਾੜਾ, ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ, ਪਿੰਡਾਂ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।