ਸਪੀਕਰ ਨੇ ਸਿੰਚਾਈ ਪਾਈਪਲਾਈਨ ਦਾ ਨੀਂਹ ਪੱਥਰ ਰੱਖਿਆ
ਸਪੀਕਰ ਨੇ ਪਿੰਡ ਵਾੜਾ ਦੜਾਕਾ ਵਿੱਚ ਸਿੰਚਾਈ ਪਾਈਪਲਾਈਨ ਦਾ ਨੀਂਹ ਪੱਥਰ ਰੱਖਿਆ
Publish Date: Sun, 01 Feb 2026 04:38 PM (IST)
Updated Date: Mon, 02 Feb 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਵਾੜਾ ਦੜਾਕਾ ਵਿਖੇ ਖੇਤੀਬਾੜੀ ਨੂੰ ਸਿਚਾਈ ਦੀ ਸਹੂਲਤ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਸਿੰਚਾਈ ਲਈ ਪਾਈਪਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ‘ਤੇ ਕਰੀਬ 96 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਸੰਬੋਧਨ ਕਰਦੇ ਹੋਏ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਪਾਈਪਲਾਈਨ ਦੇ ਮੁਕੰਮਲ ਹੋਣ ਨਾਲ ਪਿੰਡ ਵਾੜਾ ਦੜਾਕਾ ਅਤੇ ਨੇੜਲੇ ਖੇਤਰਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਨਿਰੰਤਰ ਅਤੇ ਭਰੋਸੇਯੋਗ ਸਹੂਲਤ ਮਿਲੇਗੀ, ਜਿਸ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਣਗੀਆਂ। ਉਨ੍ਹਾਂ ਦੱਸਿਆ ਕਿ ਕੋਟਕਪੂਰਾ ਹਲਕੇ ਵਿੱਚ ਹੁਣ ਤੱਕ 9 ਕਰੋੜ ਰੁਪਏ ਦੀ ਲਾਗਤ ਨਾਲ ਸਿੰਚਾਈ ਸੰਬੰਧੀ ਪਾਈਪਲਾਈਨਾਂ ਪਾਈਆਂ ਜਾ ਚੁੱਕੀਆਂ ਹਨ, ਜੋ ਕਿ ਪੰਜਾਬ ਸਰਕਾਰ ਦੀ ਕਿਸਾਨ-ਪੱਖੀ ਨੀਤੀਆਂ ਦਾ ਸਪੱਸ਼ਟ ਸਬੂਤ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਖੇਤਰ ਨੂੰ ਆਧੁਨਿਕ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਪੀਕਰ ਸੰਧਵਾਂ ਨੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੜਕਾਂ, ਸਿਹਤ, ਸਿੱਖਿਆ ਅਤੇ ਸਿੰਚਾਈ ਵਰਗੇ ਮਹੱਤਵਪੂਰਨ ਖੇਤਰ ਸ਼ਾਮਲ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਸਥਾਨਕ ਲੋਕਾਂ ਅਤੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਸਪੀਕਰ ਸੰਧਵਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪ੍ਰੋਜੈਕਟ ਖੇਤੀਬਾੜੀ ਲਈ ਇੱਕ ਵੱਡੀ ਰਾਹਤ ਸਾਬਿਤ ਹੋਵੇਗਾ।